ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ ਇਤਿਹਾਸ ਰਚਿਆ, ਕਿਹੜੇ ਕਿਹੜੇ ਵੱਡੇ ਆਗੂ ਚੋਣ ਹਾਰੇ

ਕੈਪਟਨ ਅਮਰਿੰਦਰ ਸਿੰਘ ਪਟਿਆਲਾ ਤੋਂ 19,873 ਵੋਟਾਂ ਦੇ ਫਰਕ ਨਾਲ ਹਾਰੇ, ਮਜੀਠੀਆ ਤੇ ਸਿੱਧੂ ਵੀ ਹਾਰੇ

ਦਰਸ਼ਨ ਸਿੰਘ ਮਿੱਠਾ
ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ , 11 ਮਾਰਚ:
ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਇਤਿਹਾਸ ਰਚ ਦਿੱਤਾ ਹੈ। ਉਧਰ ਸ਼ਰੋਮਣੀ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਦੇ ਵੱਡੇ ਵੱਡੇ ਥੰਮ ਡਿੱਗ ਗਏ ਹਨ। ਇਨ੍ਹਾਂ ਚੋਣਾਂ ਵਿਚ ਚਾਰ ਸਾਬਕਾ ਮੁੱਖ ਮੰਤਰੀ ਅਤੇ ਦੋ ਡਿਪਟੀ ਮੁੱਖ ਮੰਤਰੀਆਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ । ਸਾਬਕਾ ਮੁੱਖ ਮੰਤਰੀਆਂ ਵਿਚ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ, ਕੈਪਟਨ ਅਮਰਿੰਦਰ ਸਿੰਘ, ਬੀਬੀ ਰਾਜਿੰਦਰ ਕੌਰ ਭੱਠਲ ਅਤੇ ਚਰਨਜੀਤ ਸਿੰਘ ਚੰਨੀ ਸ਼ਾਮਲ ਹਨ। ਸਾਬਕਾ ਉਪ ਮੁੱਖ ਮੰਤਰੀਆਂ ਵਿੱਚ ਸੁਖਬੀਰ ਸਿੰਘ ਬਾਦਲ ਤੇ ਓਪੀ ਸੋਨੀ ਦੇ ਨਾਮ ਲਏ ਜਾ ਸਕਦੇ ਹਨ। ਇਹੀ ਨਹੀਂ ਪੰਜਾਬ ਦੇ 111 ਦਿਨਾਂ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਦੋਵੇਂ ਸੀਟਾਂ ਤੋਂ ਚੋਣ ਹਾਰ ਗਏ ਹਨ।
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਅੰਮ੍ਰਿਤਸਰ ਪੂਰਬੀ ਤੋਂ 14,408 ਵੋਟਾਂ ਦੇ ਫਰਕ ਨਾਲ ਹਾਰ ਗਏ ਹਨ। ਪੰਜਾਬ ਦੀ ਧੂਰੀ ਸੀਟ ਤੋਂ ‘ਆਪ’ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਰੀ ਵੋਟਾਂ ਦੇ ਫਰਕ ਨਾਲ ਜਿੱਤ ਦਰਜ ਕੀਤੀ ਹੈ। ਭਗਵੰਤ ਮਾਨ ਨੇ 58,206 ਵੋਟਾਂ ਦੇ ਫਰਕ ਨਾਲ ਚੋਣ ਜਿੱਤੀ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦਰਮਿਆਨ ਪੂਰਬੀ ਅੰਮ੍ਰਿਤਸਰ ਤੋਂ ਚੋਣ ਲੜਨ ਕਾਰਨ ਇਹ ਸੀਟ ਕਾਫ਼ੀ ਹੌਟ ਮੰਨੀ ਜਾ ਰਹੀ ਸੀ। ਪਰ ਇਹ ਦੋਵੇਂ ਦਿੱਗਜ ਆਗੂ ਸੀਟ ਹਾਰ ਗਏ। ਪੰਜਾਬ ਲੋਕ ਕਾਂਗਰਸ ਦੇ ਸੰਸਥਾਪਕ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਟਿਆਲਾ ਤੋਂ 19873 ਵੋਟਾਂ ਦੇ ਫਰਕ ਨਾਲ ਹਾਰ ਗਏ। ਮੋਗਾ ਤੋਂ ਕਾਂਗਰਸ ਦੀ ਉਮੀਦਵਾਰ ਮਾਲਵਿਕਾ ਸੂਦ ਨੂੰ ‘ਆਪ’ ਦੀ ਡਾ. ਅਮਨਦੀਪ ਕੌਰ ਅਰੋੜਾ ਨੇ 20 ਹਜ਼ਾਰ ਤੋਂ ਵੱਧ ਵੋਟਾਂ ਨਾਲ ਹਰਾਇਆ ਹੈ।
ਪੰਜਾਬ ਵਿੱਚ ਕਾਂਗਰਸ ਦੇ ਮੁੱਖ ਮੰਤਰੀ ਅਤੇ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦੋਵਾਂ ਸੀਟਾਂ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਚਰਨਜੀਤ ਸਿੰਘ ਚੰਨੀ ਭਦੌੜ ਅਤੇ ਚਮਕੌਰ ਸਾਹਿਬ ਦੋਵਾਂ ਸੀਟਾਂ ਤੋਂ ਹਾਰ ਗਏ ਹਨ। ਚੰਨੀ ਨੂੰ ਭਦੌੜ ਸੀਟ ਤੋਂ 26409 ਵੋਟਾਂ ਮਿਲੀਆਂ। ਚੰਨੀ ਨੂੰ ਚਮਕੌਰ ਸਾਹਿਬ ਤੋਂ 62306 ਵੋਟਾਂ ਮਿਲੀਆਂ। ਬੱਸੀ ਪਠਾਣਾ ਤੋਂ ਮੁੱਖ ਮੰਤਰੀ ਦੇ ਛੋਟੇ ਭਰਾ ਅਤੇ ਸੇਵਾਮੁਕਤ ਐਸਐਮਓ ਡਾ. ਮਨੋਹਰ ਸਿੰਘ ਵੀ ਚੋਣ ਹਾਰ ਗਏ ਹਨ। ਉਹ ਕਾਂਗਰਸ ਦੇ ਉਮੀਦਵਾਰ ਤੇ ਮੌਜੂਦਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਨੂੰ ਵੀ ਲੈ ਬੈਠੇ ਹਨ। ਲੋਕ ਬਦਲਾਅ ਚਾਹੁੰਦੇ ਸਨ ਅਤੇ ਉਨ੍ਹਾਂ ਬਦਲਾਅ ਨੂੰ ਵੋਟ ਪਾਈ ਹੈ। ਇਹ ਚੋਣ ਨਤੀਜੇ ਪੁਰਾਣੀ ਰਵਾਇਤੀ ਪਾਰਟੀਆਂ ਲਈ ਇਕ ਸਬਕ ਹੈ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …