ਅਕਾਲੀ ਦਲ ਨੇ ਬਲਬੀਰ ਸਿੱਧੂ ਤੇ ਹੋਰਨਾਂ ਆਗੂਆਂ ਖ਼ਿਲਾਫ਼ ਐਸਐਸਪੀ ਨੂੰ ਦਿੱਤੀ ਸ਼ਿਕਾਇਤ

ਪੁਲੀਸ ’ਤੇ ਵੀ ਲੱਗੇ ਹੁਕਮਰਾਨਾਂ ਅਤੇ ਵਿਰੋਧੀ ਧਿਰਾਂ ਲਈ ਵੱਖੋ-ਵੱਖਰੇ ਕਾਨੂੰਨ ਬਣਾਉਣ ਦੇ ਦੋਸ਼

ਕਾਨੂੰਨ ਸਾਰਿਆਂ ਲਈ ਇਕ ਬਰਾਬਰ: ਐਸਐਸਪੀ ਸਤਿੰਦਰ ਸਿੰਘ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਜੂਨ:
ਕੋਵਿਡ ਵੈਕਸੀਨ ਦੇ ਕਥਿਤ ਘੁਟਾਲੇ ਨੂੰ ਲੈ ਕੇ ਪੰਜਾਬ ਵਿੱਚ ਸਿਆਸਤ ਗਰਮਾ ਗਈ ਹੈ। ਵਿਰੋਧੀ ਧਿਰ ਵੱਲੋਂ ਹੁਕਮਰਾਨਾਂ ਨੂੰ ਘੇਰਨ ਲਈ ਕੋਈ ਮੌਕਾ ਖੁੰਝਣ ਨਹੀਂ ਦਿੱਤਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਅੱਜ ਇੱਥੇ ਅਕਾਲੀ ਵਿਧਾਇਕ ਐਨਕੇ ਸ਼ਰਮਾ ਦੀ ਅਗਵਾਈ ਹੇਠ ਐਸਐਸਪੀ ਨੂੰ ਲਿਖਤੀ ਸ਼ਿਕਾਇਤ ਦੇ ਕੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਹੋਰਨਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਸਿੱਧੂ ਸਮੇਤ ਮੇਅਰ ਜੀਤੀ ਸਿੱਧੂ, ਡੇਰਾਬੱਸੀ ਹਲਕੇ ਵਿੱਚ ਕਾਂਗਰਸ ਆਗੂ ਦਪਿੰਦਰ ਸਿੰਘ ਢਿੱਲੋਂ, ਉਦੈਵੀਰ ਸਿੰਘ ਢਿੱਲੋਂ, ਖਰੜ ਵਿੱਚ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਉੱਤੇ ਕੋਵਿਡ ਨਿਯਮਾਂ ਅਤੇ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਦਾ ਦੋਸ਼ ਲਗਾਉਂਦੇ ਹੋਏ ਸਬੂਤ ਵਜੋਂ ਇਨ੍ਹਾਂ ਕਾਂਗਰਸੀ ਆਗੂਆਂ ਵੱਲੋਂ ਕੀਤੇ ਜਾ ਰਹੇ ਇਕੱਠਾਂ ਦੀਆਂ ਫੋਟੋਆਂ ਵੀ ਪੇਸ਼ ਕੀਤੀਆਂ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਐਨਕੇ ਸ਼ਰਮਾ ਨੇ ਕਿਹਾ ਕਿ ਪੁਲੀਸ ਨੇ ਹੁਕਮਰਾਨਾਂ ਅਤੇ ਵਿਰੋਧੀ ਧਿਰਾਂ ਲਈ ਵੱਖੋ-ਵੱਖਰੇ ਕਾਨੂੰਨ ਬਣਾਏ ਹੋਏ ਹਨ। ਉਨ੍ਹਾਂ ਪੁਲੀਸ ਨਾਲ ਗਿਲਾ ਕੀਤਾ ਕਿ ਪਿਛਲੇ ਦਿਨੀਂ ਅਕਾਲੀ ਦਲ ਵੱਲੋਂ ਸਿਹਤ ਮੰਤਰੀ ਦੀ ਕੋਠੀ ਨੇੜੇ ਧਰਨਾ ਦਿੱਤਾ ਗਿਆ ਸੀ ਪ੍ਰੰਤੂ ਪੁਲੀਸ ਨੇ ਵੈਕਸੀਨ ਘੁਟਾਲੇ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਉਲਟਾ ਇਨਸਾਫ਼ ਮੰਗ ਰਹੇ ਆਗੂਆਂ ਖ਼ਿਲਾਫ਼ ਹੀ ਕੇਸ ਦਰਜ ਦਿੱਤਾ। ਜਦੋਂਕਿ ਕਾਂਗਰਸੀ ਖ਼ੁਦ ਰੋਜ਼ਾਨਾ ਕੋਵਿਡ ਨਿਯਮਾਂ ਦੀਆਂ ਧੱਜੀਆਂ ਉਡਾ ਰਹੇ ਹਨ ਅਤੇ ਅੱਜ ਵੀ ਸਿਹਤ ਮੰਤਰੀ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਨੇ ਮੁਹਾਲੀ ਵਿੱਚ ਸਰਕਾਰੀ ਮੈਡੀਕਲ ਕਾਲਜ ਦੀ ਚਾਰਦੀਵਾਰੀ ਦਾ ਨੀਂਹ ਪੱਥਰ ਰੱਖਿਆ ਗਿਆ। ਜਿੱਥੇ 200 ਤੋਂ ਵੱਧ ਬੰਦਿਆਂ ਦਾ ਇਕੱਠ ਸੀ ਲੇਕਿਨ ਇਹ ਸਾਰਾ ਕੁੱਝ ਪੁਲੀਸ ਨੂੰ ਨਜ਼ਰ ਨਹੀਂ ਆ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਲੋਕਾਂ ਦੀ ਆਵਾਜ਼ ਨੂੰ ਦਬਾਉਣ ਲਈ ਪੁਲੀਸ ਨੂੰ ਆਪਣੇ ਹਥਿਆਰ ਵਜੋਂ ਵਰਤ ਰਹੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਪਰਚਿਆਂ ਤੋਂ ਡਰ ਕੇ ਘਰਾਂ ਵਿੱਚ ਬੈਠਣ ਵਾਲੇ ਨਹੀਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਅਕਾਲੀ ਦਲ ਨੇ ਤੱਥਾਂ ਦੇ ਆਧਾਰ ’ਤੇ ਕੋਵਿਡ ਵੈਕਸੀਨ ਦੇ ਘੁਟਾਲੇ ਦਾ ਮੁੱਦਾ ਚੁੱਕਿਆ ਹੈ।
ਸ੍ਰੀ ਸ਼ਰਮਾ ਨੇ ਕਿਹਾ ਕਿ ਰਜਿੰਦਰਾ ਹਸਪਤਾਲ ਪਟਿਆਲਾ ਨੂੰ ਛੱਡ ਕੇ ਕਿਸੇ ਵੀ ਸਰਕਾਰੀ ਹਸਪਤਾਲ ਵਿੱਚ ਵੈਂਟੀਲੇਟਰ ਦੀ ਸੁਵਿਧਾ ਨਹੀਂ ਹੈ। ਪਹਿਲਾਂ ਫਤਿਹ ਕਿੱਟਾਂ ਅਤੇ ਹੁਣ ਕੋਵਿਡ ਵੈਕਸੀਨ ਦਾ ਘਪਲਾ ਸਾਹਮਣੇ ਆਉਣ ਦੇ ਬਾਵਜੂਦ ਮੁੱਖ ਮੰਤਰੀ ਅਤੇ ਸਮੁੱਚੀ ਕੈਬਨਿਟ ਨੇ ਅੱਖਾਂ ਬੰਦ ਕੀਤੀਆਂ ਹੋਈਆਂ ਹਨ। ਜਿਸ ਕਾਰਨ ਲੋਕਾਂ ਦਾ ਸਰਕਾਰ ਤੋਂ ਭਰੋਸਾ ਉੱਠਦਾ ਜਾ ਰਿਹਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਇਨ੍ਹਾਂ ਘਪਲਿਆਂ ਸਬੰਧੀ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਕਾਰਵਾਈ ਨਹੀਂ ਕੀਤੀ ਗਈ ਤਾਂ ਅਕਾਲੀ ਦਲ ਵੱਲੋਂ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ ਅਤੇ ਅਦਾਲਤ ਦਾ ਬੂਹਾ ਖੜਕਾਇਆ ਜਾਵੇਗਾ।
ਇਸ ਮੌਕੇ ਅਕਾਲੀ ਦਲ ਦੇ ਮੀਤ ਪ੍ਰਧਾਨ ਰਣਜੀਤ ਸਿੰਘ ਗਿੱਲ, ਐਸਜੀਪੀਸੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਚਰਨਜੀਤ ਸਿੰਘ ਕਾਲੇਵਾਲ, ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਪ੍ਰਧਾਨ ਕੁਲਦੀਪ ਕੌਰ ਕੰਗ, ਅਕਾਲੀ ਦਲ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਕਮਲਜੀਤ ਸਿੰਘ ਰੂਬੀ, ਯੂਥ ਅਕਾਲੀ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਮਲਕਪੁਰ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਹਰਮਨਪ੍ਰੀਤ ਸਿੰਘ ਪ੍ਰਿੰਸ, ਸਾਬਕਾ ਚੇਅਰਮੈਨ ਮਨਜੀਤ ਸਿੰਘ ਮੁੰਧੋਂ ਸੰਗਤੀਆਂ, ਅਰਵਿੰਦਰ ਸਿੰਘ ਕੰਗ, ਰਣਧੀਰ ਸਿੰਘ ਧੀਰਾ ਹਾਜ਼ਰ ਸਨ।
ਉਧਰ, ਇਸ ਸਬੰਧੀ ਐਸਐਸਪੀ ਸਤਿੰਦਰ ਸਿੰਘ ਨੇ ਕਿਹਾ ਕਿ ਕਾਨੂੰਨ ਸਾਰਿਆਂ ਲਈ ਇਕੋ ਜਿਹਾ ਹੈ। ਲਿਹਾਜ਼ਾ ਪੰਜਾਬ ਸਰਕਾਰ ਵੱਲੋਂ ਸਮੇਂ ਸਮੇਂ ਸਿਰ ਜਾਰੀ ਹਦਾਇਤਾਂ ਅਤੇ ਕੋਵਿਡ ਨਿਯਮਾਂ ਦੀਆਂ ਸਾਨੂੰ ਸਾਰਿਆਂ ਨੂੰ ਪਾਲਣਾ ਕਰਨੀ ਚਾਹੀਦੀ ਹੈ। ਸਿਹਤ ਮੰਤਰੀ ਤੇ ਹੋਰਨਾਂ ਆਗੂ ’ਤੇ ਲੱਗੇ ਦੋਸ਼ਾਂ ਬਾਰੇ ਐਸਐਸਪੀ ਨੇ ਕਿਹਾ ਕਿ ਵਿਰੋਧੀ ਧਿਰ ਨੇ ਅੱਜ ਹੀ ਸ਼ਿਕਾਇਤ ਦਿੱਤੀ ਹੈ। ਇਸ ਤੋਂ ਪਹਿਲਾਂ ਸ਼ਿਕਾਇਤ ਕਦੇ ਕਿਸੇ ਨੇ ਇਹ ਮੁੱਦਾ ਨਹੀਂ ਚੁੱਕਿਆ, ਹੁਣ ਹੀ ਕਿਉਂ? ਅਕਾਲੀ ਦਲ ਅਤੇ ਆਪ ਆਗੂਆਂ ਖ਼ਿਲਾਫ਼ ਦਰਜ ਮਾਮਲੇ ਨਾਮਜ਼ਦ ਆਗੂਆਂ ਦੀ ਗ੍ਰਿਫ਼ਤਾਰੀ ਕਰਨ ਬਾਰੇ ਪੁੱਛੇ ਜਾਣ ’ਤੇ ਐਸਐਸਪੀ ਨੇ ਸਾਰੀਆਂ ਵੀਡੀਓਜ਼ ਨੂੰ ਚੈੱਕ ਕੀਤਾ ਜਾ ਰਿਹਾ ਹੈ। ਇਸ ਤੋਂ ਬਾਅਦ ਬਣਦੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 5 ਜਨਵਰੀ: ਸਰਬੰ…