ਜੰਗਲਾਤ ਕਾਮਿਆਂ ਵੱਲੋਂ ਵਣ ਮੰਤਰੀ ਦੇ ਹਲਕੇ ਵਿੱਚ ਝੰਡਾ ਮਾਰਚ ਕਰਨ ਦਾ ਐਲਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਜੂਨ:
ਜੰਗਲਾਤ ਵਿਭਾਗ ਦੇ ਕੱਚੇ ਕਰਮਚਾਰੀਆਂ ਨੇ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਅੱਜ ਇੱਥੋਂ ਦੇ ਸੈਕਟਰ-68 ਸਥਿਤ ਵਣ ਭਵਨ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਅਤੇ ਹੁਕਮਰਾਨਾਂ ਨੂੰ ਰੱਜ ਕੇ ਕੋਸਿਆ। ਇਸ ਮੌਕੇ ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਅਮਰੀਕ ਸਿੰਘ ਗੜ੍ਹਸ਼ੰਕਰ, ਜਨਰਲ ਸਕੱਤਰ ਜਸਵੀਰ ਸੀਰਾ ਬਠਿੰਡਾ, ਵਿੱਤ ਸਕੱਤਰ ਸ਼ਿਵ ਕੁਮਾਰ ਰੂਪਨਗਰ ਅਤੇ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਸੁਲੱਖਣ ਸਿੰਘ ਸਿਸਵਾਂ ਨੇ ਕਿਹਾ ਕਿ ਸੂਬਾ ਸਰਕਾਰ ਦੇ ਝੂਠੇ ਲਾਰਿਆਂ ਤੋਂ ਅੱਕੇ ਜੰਗਲਾਤ ਕਾਮਿਆਂ ਵੱਲੋਂ 17 ਜੂਨ ਨੂੰ ਵਣ ਮੰਤਰੀ ਦੇ ਵਿਧਾਨ ਸਭਾ ਹਲਕੇ ਭੋਆ ਵਿੱਚ ਝੰਡਾ ਮਾਰਚ ਕੀਤਾ ਜਾਵੇਗਾ।
ਆਗੂਆਂ ਨੇ ਕਿਹਾ ਕਿ ਪੰਜਾਬ ਦੀ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਲਗਾਤਾਰ ਪ੍ਰਚਾਰ ਕੀਤਾ ਜਾ ਰਿਹਾ ਹੈ, ਪ੍ਰੰਤੂ ਜ਼ਮੀਨੀ ਹਕੀਕਤ ਕੋਹਾਂ ਦੂਰ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਝੂਠੇ ਲਾਰਿਆਂ ਤੋਂ ਅੱਕੇ ਕੱਚੇ ਕਾਮਿਆਂ ਨੇ ਫ਼ੈਸਲਾ ਕੀਤਾ ਹੈ ਕਿ 17 ਜੂਨ ਨੂੰ ਜੰਗਲਾਤ ਮੰਤਰੀ ਦੇ ਹਲਕੇ ਵਿੱਚ ਜਾ ਕੇ ਉੱਥੋਂ ਦੇ ਲੋਕਾਂ ਨੂੰ ਸੂਬਾ ਸਰਕਾਰ ਦੀ ਕਾਰਗੁਜ਼ਾਰੀ ਬਾਰੇ ਦੱਸਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਮੁੱਚੇ ਪੰਜਾਬ ’ਚੋਂ ਝੰਡਾ ਮਾਰਚ ਲਈ ਕੱਚੇ ਕਰਮਚਾਰੀਆਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਇਸ ਰੋਸ ਪ੍ਰਦਰਸ਼ਨ ਨੂੰ ਸਫਲ ਬਣਾਉਣ ਲਈ ਵੱਖ-ਵੱਖ ਥਾਵਾਂ ’ਤੇ ਮੀਟਿੰਗਾਂ ਕਰਕੇ ਕੱਚੇ ਕਾਮਿਆਂ ਦੀ ਲਾਮਬੰਦੀ ਕੀਤੀ ਜਾ ਰਹੀ ਹੈ ਅਤੇ ਝੰਡਾ ਮਾਰਚ ਵਿੱਚ ਪਹੁੰਚਣ ਲਈ ਵਾਹਨਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।
ਇਸ ਮੌਕੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਸੂਬਾ ਆਗੂ ਗੁਰਬਿੰਦਰ ਸਿੰਘ ਚੰਡੀਗੜ੍ਹ, ਤੇਜਿੰਦਰ ਸਿੰਘ ਬਾਬਾ ਤੇ ਕਰਮਾਪੁਰੀ ਗੋਬਿੰਦਗੜ੍ਹ ਨੇ ਝੰਡਾ ਮਾਰਚ ਵਿੱਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਨੱਥੂ ਖਾਨ ਡੇਰਾਬੱਸੀ, ਅਮਰ ਨਾਥ ਹਸਨਪੁਰੀ, ਮਨਜੀਤ ਸਿੰਘ ਖਰੜ, ਸੁਖਜੀਤ ਸਿੰਘ, ਸੁਖਵਿੰਦਰ ਸਿੰਘ ਖਮਾਣੋਂ, ਬਲਜਿੰਦਰ ਸਿੰਘ, ਮਨਿੰਦਰ ਸਿੰਘ ਸਿਸਵਾਂ, ਅਮਨਦੀਪ ਸਿੰਘ ਛੱਤਬੀੜ, ਲਖਵਿੰਦਰ ਸਿੰਘ ਬਨੂੜ ਅਤੇ ਸ਼ਿੰਦਰਪਾਲ ਸਿੰਘ ਮੌਜੂਦ ਸਨ।

Check Also

VB nabs General Manager PUNSUP red handed accepting Rs 1 lakh bribe

VB nabs General Manager PUNSUP red handed accepting Rs 1 lakh bribe Official car also take…