Nabaz-e-punjab.com

ਜਾਗਰੂਕਤਾ ਮੁਹਿੰਮ ਸਦਕਾ ਕੁੜੀਆਂ ਪ੍ਰਤੀ ਲੋਕਾਂ ਦੀ ਸੋਚ ’ਚ ਕਾਫ਼ੀ ਬਦਲਾਅ ਆਇਆ: ਸਿੱਧੂ

ਸਿਹਤ ਵਿਭਾਗ ਨੇ ਸਰਕਾਰੀ ਹਸਪਤਾਲ ਵਿੱਚ ਮਨਾਇਆ ‘ਧੀਆਂ ਦੀ ਲੋਹੜੀ ਦਾ ਸੂਬਾ ਪੱਧਰੀ ਸਮਾਰੋਹ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਜਨਵਰੀ:
ਅਜੋਕੇ ਸਮੇਂ ਵਿੱਚ ਕੁੜੀਆਂ ਕਿਸੇ ਨਾਲੋਂ ਘੱਟ ਨਹੀਂ ਹਨ ਸਗੋਂ ਹਰ ਖੇਤਰ ਵਿੱਚ ਮੁੰਡਿਆਂ ਨਾਲੋਂ ਕਾਫੀ ਅੱਗੇ ਹਨ ਪ੍ਰੰਤੂ ਹਾਲੇ ਵੀ ਪੁਰਸ਼ ਪ੍ਰਧਾਨ ਸਮਾਜ ਵਿੱਚ ਲੋਕਾਂ ਦੀ ਮਾਨਸਿਕਤਾ ਬਦਲਣ ਦੀ ਲੋੜ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਮੰਗਲਵਾਰ ਨੂੰ ਇੱਥੋਂ ਦੇ ਫੇਜ਼-6 ਸਥਿਤ ਸਰਕਾਰੀ ਹਸਪਤਾਲ ਵਿੱਚ ‘ਧੀਆਂ ਦੀ ਲੋਹੜੀ’ ਬਾਰੇ ਕਰਵਾਏ ਸੂਬਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਲੜਕੀਆਂ ਨੂੰ ਬਣਦਾ ਸਤਿਕਾਰ ਦੇਣ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਸਰਕਾਰ ਦੀ ਵਿਆਪਕ ਜਾਗਰੂਕਤਾ ਮੁਹਿੰਮ ਸਦਕਾ ਲੋਕਾਂ ਦੀ ਮਾਨਸਿਕਤਾ ਵਿੱਚ ਸਹਿਜੇ-ਸਹਿਜੇ ਹਾਂ-ਪੱਖੀ ਬਦਲਾਅ ਆ ਰਿਹਾ ਹੈ ਅਤੇ ਸੂਬੇ ਵਿੱਚ ਸਿਹਤ ਵਿਭਾਗ ਦੀ ਸਖ਼ਤੀ ਕਾਰਨ ਭਰੂਣ ਹੱਤਿਆ ਦੇ ਰੁਝਾਨ ਨੂੰ ਵੱਡੇ ਪੱਧਰ ’ਤੇ ਠੱਲ੍ਹ ਪਈ ਹੈ।
ਸ੍ਰੀ ਸਿੱਧੂ ਨੇ ਕਿਹਾ ਕਿ ਪਹਿਲਾਂ ਪੰਜਾਬ ਵਿੱਚ 1 ਹਜ਼ਾਰ ਮੁੰਡਿਆਂ ਪਿੱਛੇ ਸਿਰਫ਼ 800 ਕੁੜੀਆਂ ਪੈਦਾ ਹੁੰਦੀਆਂ ਸਨ ਪ੍ਰੰਤੂ ਮੌਜੂਦਾ ਸਮੇਂ ਵਿੱਚ ਲਿੰਗ ਅਨੁਪਾਤ ਵਿੱਚ ਕਾਫੀ ਸੁਧਾਰ ਆਇਆ ਹੈ ਹੁਣ 1 ਹਜ਼ਾਰ ਮੁੰਡਿਆਂ ਪਿੱਛੇ 930 ਕੁੜੀਆਂ ਦਾ ਰਿਕਾਰਡ ਦਰਜ ਹੋਇਆ ਹੈ। ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਸਿਹਤ ਵਿਭਾਗ ਦੇ ਯਤਨਾਂ ਅਤੇ ਲੋਕਾਂ ਦੀ ਬਦਲ ਰਹੀ ਸੋਚ ਸਦਕਾ ਆਉਣ ਵਾਲੇ ਸਮੇਂ ਵਿੱਚ ਕੁੜੀਆਂ ਦੀ ਗਿਣਤੀ ਮੁੰਡਿਆਂ ਦੇ ਬਰਾਬਰ ਹੋ ਜਾਵੇਗੀ। ਸਿਹਤ ਮੰਤਰੀ ਨੇ ਕਿਹਾ ਕਿ ਕੁੜੀਆਂ ਨੇ ਅੱਜ ਹਰ ਖੇਤਰ ਵਿੱਚ ਬੁਲੰਦੀਆਂ ਨੂੰ ਛੂਹਿਆ ਹੈ। ਕੁਝ ਖੇਤਰਾਂ ਵਿੱਚ ਤਾਂ ਕੁੜੀਆਂ ਨੇ ਮੁੰਡਿਆਂ ਨੂੰ ਪਛਾੜ ਦਿੱਤਾ ਹੈ। ਅਜੋਕੇ ਸਮੇਂ ਵਿੱਚ ਕੁੜੀਆਂ ਕਿਸੇ ਨਾਲੋਂ ਘੱਟ ਨਹੀਂ ਹਨ ਸਗੋਂ ਸਾਨੂੰ ਕੁੜੀਆਂ ਪ੍ਰਤੀ ਆਪਣੀ ਮਾਨਸਿਕਤਾ ਬਦਲਣ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਜੇ ਅੱਜ ਅਸੀਂ ਕੁੜੀਆਂ ਦੀ ਲੋਹੜੀ ਮਨਾਉਂਦੇ ਹਾਂ ਤਾਂ ਭਵਿੱਖ ਵਿੱਚ ਮੁੰਡਿਆਂ ਦੀ ਲੋਹੜੀ ਮਨਾਉਣ ਦੀ ਆਸ ਰੱਖੀ ਜਾ ਸਕਦੀ ਹੈ। ਕਿਉਂਕਿ ਜੇ ਕੁੜੀਆਂ ਨੂੰ ਕੁੱਖ ਵਿੱਚ ਹੀ ਕਤਲ ਕਰਦੇ ਰਹਾਂਗੇ ਤਾਂ ਮੁੰਡਿਆਂ ਦੇ ਵਿਆਹ ਲਈ ਕੁੜੀਆਂ ਕਿੱਥੋਂ ਲਿਆਂਵਾਗੇ। ਇਸ ਤੋਂ ਪਹਿਲਾਂ ਸ੍ਰੀ ਸਿੱਧੂ ਨੇ ਹਸਪਤਾਲ ਦੇ ਜੱਚਾ-ਬੱਚਾ ਵਾਰਡਾਂ ਵਿੱਚ ਜਾ ਕੇ ਨਵਜੰਮੀਆਂ ਬੱਚੀਆਂ ਅਤੇ ਉਨ੍ਹਾਂ ਦੀਆਂ ਮਾਵਾਂ ਨੂੰ ਗਰਮ ਕੱਪੜੇ ਅਤੇ ਗਰਮ ਕੰਬਲਾਂ ਦੇ ਤੋਹਫ਼ੇ ਦੇ ਕੇ ਲੋਹੜੀ ਦੀ ਵਧਾਈ ਦਿੱਤੀ ਅਤੇ ਜੱਚਾ-ਬੱਚਾ ਦੀ ਸਿਹਤ ਬਾਰੇ ਜਾਣਿਆ। ਇਸ ਮੌਕੇ 51 ਕੁੜੀਆਂ ਅਤੇ 16 ਮੁੰਡਿਆਂ ਨੂੰ ਤੋਹਫ਼ੇ ਦਿੱਤੇ ਗਏ।
ਇਸ ਮੌਕੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਐਮਡੀ ਮਨਵੇਸ਼ ਸਿੰਘ ਸਿੱਧੂ, ਸਿਹਤ ਮੰਤਰੀ ਦੇ ਓਐਸਡੀ ਬਲਵਿੰਦਰ ਸਿੰਘ, ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ, ਸਿਹਤ ਵਿਭਾਗ ਦੇ ਡਾਇਰੈਕਟਰ ਡਾ. ਅਵਨੀਤ ਕੌਰ, ਡਾਇਰੈਕਟਰ (ਪਰਿਵਾਰ ਭਲਾਈ) ਡਾ. ਰੀਟਾ ਭਾਰਦਵਾਜ, ਸਿਵਲ ਸਰਜਨ ਡਾ. ਮਨਜੀਤ ਸਿੰਘ, ਐਸਐਮਓ ਡਾ. ਅਰੀਤ ਕੌਰ ਸਮੇਤ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

Load More Related Articles
Load More By Nabaz-e-Punjab
Load More In Awareness/Campaigns

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…