ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਦਾ ਜਨਮ ਦਿਹਾੜਾ ਧੂਮਧਾਮ ਨਾਲ ਮਨਾਇਆ

ਸਾਰਾ ਦਿਨ ਚੱਲਿਆ ਗੁਰਮਤਿ ਸਮਾਗਮ, ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਮੇਤ ਹੋਰਨਾਂ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ

ਨਬਜ਼-ਏ-ਪੰਜਾਬ, ਮੁਹਾਲੀ, 3 ਦਸੰਬਰ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਬੁੱਢਾ ਦਲ ਦੇ ਸੱਤਵੇਂ ਜਥੇਦਾਰ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ (ਤਤਕਾਲੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ) ਦਾ ਜਨਮ ਦਿਹਾੜਾ ਅੱਜ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਗੁਰਮਤਿ ਸਮਾਗਮ ਜਾਰੀ ਰਿਹਾ। ਭਾਈ ਬਲਬੀਰ ਸਿੰਘ ਪਾਰਸ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦਾ ਜੀਵਨ ਬ੍ਰਿਤਾਂਤ ਅਤੇ ਉਨ੍ਹਾਂ ਵੱਲੋਂ ਦੇਸ਼, ਕੌਮ ਅਤੇ ਧਰਮ ਖ਼ਾਤਰ ਅੰਗਰੇਜ਼ਾਂ ਨਾਲ ਲੜੀ ਜੰਗ ਅਤੇ ਇਸ ਅਸਥਾਨ ’ਤੇ ਹਜ਼ਾਰਾਂ ਸਿੰਘਾਂ ਸਮੇਤ ਸ਼ਹੀਦੀ ਪ੍ਰਾਪਤ ਕਰਨ ਦਾ ਪੂਰਾ ਪ੍ਰਸੰਗ ਢਾਡੀ ਵਾਰਾਂ ਵਿੱਚ ਸੁਣਾਇਆ।
ਭਾਈ ਕਰਨੈਲ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀ ਹਾਜ਼ਰੀ ਭਰੀ ਅਤੇ ਸੰਗਤ ਨਾਲ ਵਿਚਾਰਾਂ ਦੀ ਸਾਂਝ ਪਾਈ।

ਇਸ ਮੌਕੇ ਭਾਈ ਲਖਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਬਾਬਾ ਬੰਤਾ ਸਿੰਘ ਭਾਈ ਬਿਧੀਚੰਦ ਸੰਪ੍ਰਦਾਇ, ਮੀਰੀ ਪੀਰੀ ਖਾਲਸਾ ਜਥਾ ਜਗਾਧਰੀ ਵਾਲੇ, ਬੀਬੀ ਦਲੇਰ ਕੌਰ ਖਾਲਸਾ ਅਤੇ ਨਕੋਦਰ ਵਾਲੀਆਂ ਬੀਬੀਆਂ ਦਾ ਇੰਟਰਨੈਸ਼ਨਲ ਢਾਡੀ ਜਥਾ, ਸ਼੍ਰੋਮਣੀ ਪ੍ਰਚਾਰਕ ਭਾਈ ਸੰਦੀਪ ਸਿੰਘ ਅਨੰਦਪੁਰ ਸਾਹਿਬ, ਭਾਈ ਜਰਨੈਲ ਸਿੰਘ ਲੁਧਿਆਣਾ, ਭਾਈ ਕੁਲਦੀਪ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ, ਭਾਈ ਅਮਰਜੀਤ ਸਿੰਘ ਖਾਲਸਾ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਪ੍ਰਬੰਧਕਾਂ ਨੇ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।

ਇਸ ਮੌਕੇ ਸੰਤ ਬਾਬਾ ਮਹਿੰਦਰ ਸਿੰਘ ਲੰਬਿਆਂ ਵਾਲੇ, ਸੰਤ ਬਾਬਾ ਪਰਮਜੀਤ ਸਿੰਘ ਹੰਸਾਲੀ ਵਾਲੇ, ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ, ਸ਼੍ਰੋਮਣੀ ਅਕਾਲੀ ਦਲ, ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਹਰਜਿੰਦਰ ਸਿੰਘ, ਸਤਵਿੰਦਰ ਸਿੰਘ ਸੋਢੀ, ਜਗਮੋਹਨ ਸਿੰਘ ਕਾਹਲੋਂ, ਭਾਈ ਸੁਰਜੀਤ ਸਿੰਘ, ਨੰਬਰਦਾਰ ਹਰਵਿੰਦਰ ਸਿੰਘ ਅਤੇ ਹੋਰ ਉੱਘੀਆਂ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ। ਗੁਰੂ ਕਾ ਲੰਗਰ ਅਤੁੱਟ ਵਰਤਿਆ।

Load More Related Articles
Load More By Nabaz-e-Punjab
Load More In General News

Check Also

AAP opposes post of Chief Secretary in Chandigarh, says – An attempt to weaken Punjab’s Claim

AAP opposes post of Chief Secretary in Chandigarh, says – An attempt to weaken Punja…