
ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸਾਲਾਨਾ ਗੁਰਮਤਿ ਸਮਾਗਮ 3 ਦਸੰਬਰ ਨੂੰ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਦਸੰਬਰ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦਾ ਜਨਮ ਦਿਹਾੜਾ 3 ਦਸੰਬਰ ਨੂੰ ਧੂਮਧਾਮ ਅਤੇ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਜਨਮ ਦਿਹਾੜੇ ਦੀ ਖੁਸ਼ੀ ਵਿੱਚ ਰੋਜ਼ਾਨਾ ਗੁਰਦੁਆਰਾ ਸਿੰਘ ਸ਼ਹੀਦਾਂ ਤੋਂ ਪ੍ਰਭਾਤ ਫੇਰੀ ਦਾ ਆਯੋਜਨ ਸਵੇਰੇ 5:30 ਵਜੇ ਕੀਤਾ ਜਾ ਰਿਹਾ ਹੈ ਅਤੇ 2 ਦਸੰਬਰ ਨੂੰ ਸ਼ਹੀਦਾਂ ਤੋਂ ਗੁਰਦੁਆਰਾ ਡੇਰਾ ਹੰਸਾਲੀ ਸਾਹਿਬ ਤੱਕ ਪ੍ਰਭਾਤ ਫੇਰੀ ਕੀਤੀ ਜਾਵੇਗੀ। ਇਸ ਸਬੰਧੀ ਇਲਾਕੇ ਦੀ ਸੰਗਤ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।
ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਜਨਮ ਦਿਹਾੜੇ ਦੀ ਖੁਸ਼ੀ ਵਿੱਚ 3 ਦਸੰਬਰ ਨੂੰ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ। ਜਿਸ ਵਿੱਚ ਭਾਈ ਮਹਿਲ ਸਿੰਘ ਦਾ ਇੰਟਰ ਨੈਸ਼ਨਲ ਕਵੀਸ਼ਰੀ ਜਥਾ, ਬੀਬੀ ਦਲੇਰ ਕੌਰ ਖਾਲਸਾ ਦਾ ਇੰਟਰ ਨੈਸ਼ਨਲ ਢਾਡੀ ਜਥਾ, ਭਾਈ ਓਂਕਾਰ ਸਿੰਘ ਊਨਾ ਵਾਲੇ, ਭਾਈ ਬੰਤਾ ਸਿੰਘ ਬਿਧੀਚੰਦ ਸੰਪ੍ਰਦਾਇ ਵਾਲੇ, ਭਾਈ ਜਰਨੈਲ ਸਿੰਘ ਲੁਧਿਆਣਾ ਵਾਲੇ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਕਥਾ, ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕਰਨਗੇ। ਇਸ ਦਿਨ ਮਾਨਵਤਾ ਦੇ ਭਲੇ ਲਈ ਵਿਸ਼ਾਲ ਖੂਨਦਾਨ ਕੈਂਪ ਸਵੇਰੇ 8 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਲਗਾਇਆ ਜਾਵੇਗਾ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤੇਗਾ।