
ਭਾਜਪਾ ਆਗੂ ਨੇ ਨਸ਼ਾਖੋਰੀ ਦੇ ਖ਼ਾਤਮੇ ਬਾਰੇ ‘ਆਪ’ ਸਰਕਾਰ ਦੇ ਦਾਅਵਿਆਂ ’ਤੇ ਸਵਾਲ ਚੁੱਕੇ
ਪੰਜਾਬ ਵਿੱਚ ਲਗਾਤਾਰ ਨਿੱਗਰ ਰਹੀ ਅਮਨ-ਕਾਨੂੰਨ ਦੀ ਵਿਵਸਥਾ ਗੰਭੀਰ ਚਿੰਤਾ ਦਾ ਵਿਸ਼ਾ: ਸਿੱਧੂ
ਨਬਜ਼-ਏ-ਪੰਜਾਬ, ਮੁਹਾਲੀ, 11 ਸਤੰਬਰ:
ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਬਲਬੀਰ ਸਿੰਘ ਸਿੱਧੂ ਨੇ ਆਪ ਸਰਕਾਰ ਵੱਲੋਂ ਪੰਜਾਬ ’ਚੋਂ ਨਸ਼ਿਆਂ ਦੀ ਲਾਹਨਤ ਨੂੰ ਖ਼ਤਮ ਕਰਨ ਦੇ ਕੀਤੇ ਜਾ ਰਹੇ ਵੱਡੇ-ਵੱਡੇ ਦਾਅਵਿਆਂ ’ਤੇ ਸਵਾਲ ਖੜੇ ਕਰਦਿਆਂ ਕਿਹਾ ਕਿ ਬਠਿੰਡਾ ਵਿੱਚ ਸੰਤਪੁਰਾ ਸੜਕ ’ਤੇ ਨਸ਼ਾ ਕਰਦੇ ਨੌਜਵਾਨਾਂ ਅਤੇ ਅੌਰਤਾਂ ਦੀ ਵਾਇਰਲ ਹੋਈ ਤਾਜ਼ਾ ਵੀਡੀਓ ਨੇ ਸੂਬਾ ਸਰਕਾਰ ਦੇ ਦਾਅਵਿਆਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ।
ਅੱਜ ਇੱਥੇ ਭਾਜਪਾ ਆਗੂ ਬਲਬੀਰ ਸਿੱਧੂ ਨੇ ਲੋਕ ਸਭਾ ਵਿੱਚ ਪੇਸ਼ ਕੀਤੀ ਇੱਕ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਪੰਜਾਬ ਵਿੱਚ 66.70 ਲੱਖ ਤੋਂ ਵੱਧ ਨਸ਼ੇ ਦੇ ਆਦੀ ਲੋਕਾਂ ’ਚੋਂ 21.36 ਲੱਖ ਵੱਖ-ਵੱਖ ਕਿਸਮਾਂ ਦੇ ਰਸਾਇਣਿਕ ਨਸ਼ਿਆਂ ਦਾ ਸੇਵਨ ਕਰਦੇ ਹਨ। ਸਭ ਤੋਂ ਵੱਧ ਚਿੰਤਾਜਨਕ ਪਹਿਲੂ ਇਹ ਹੈ ਕਿ ਪੰਜਾਬ ਦੇ 6.97 ਲੱਖ ਬੱਚੇ ਵੀ ਨਸ਼ਿਆਂ ਦੀ ਦਲਦਲ ਵਿੱਚ ਫਸੇ ਹੋਏ ਹਨ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਦੇ ਹੌਸਲੇ ਐਨੇ ਵਧ ਗਏ ਹਨ ਕਿ ਬੀਤੇ ਕੱਲ੍ਹ ਬਠਿੰਡਾ ਦੇ ਪਿੰਡ ਸਿਧਾਣਾ ਦੇ ਵਸਨੀਕ ਅਤੇ ਨਸ਼ਾ ਛੁਡਾਊ ਕਮੇਟੀ ਦੇ ਮੈਂਬਰ ਜਸਵੀਰ ਸਿੰਘ ਨੂੰ ਸ਼ਰੇਆਮ ਗੋਲੀਆਂ ਨਾਲ ਭੁੰਨ ਦਿੱਤਾ ਜਦੋਂ ਉਹ ਆਪਣੇ ਪਿੰਡ ਤਸਕਰਾਂ ਨੂੰ ਰੋਕਣ ਲਈ ਲਾਏ ਗਏ ਠੀਕਰੀ ਪਹਿਰੇ ’ਤੇ ਤਾਇਨਾਤ ਸੀ।
ਸਿੱਧੂ ਨੇ ਕਿਹਾ ਕਿ ਨਸ਼ਿਆਂ ਕਾਰਨ ਪੰਜਾਬੀ ਨੌਜਵਾਨਾਂ ਦੀਆਂ ਹੋ ਰਹੀਆਂ ਮੌਤਾਂ ਪ੍ਰਤੀ ਸਰਕਾਰ ਬਿਲਕੁਲ ‘ਸੰਵੇਦਨਹੀਣ’ ਹੋ ਗਈ ਹੈ। ਜਿਸ ਕਾਰਨ ਨਸ਼ਾ ਤਸਕਰਾਂ ਵਿਰੁੱਧ ਕੋਈ ਅਸਰਦਾਰ ਕਾਰਵਾਈ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਲਗਾਤਾਰ ਅਮਨ-ਕਾਨੂੰਨ ਦੀ ਵਿਵਸਥਾ ਨਿੱਗਰਦੀ ਜਾ ਰਹੀ ਹੈ ਅਤੇ ਇਸ ਮੁੱਦੇ ’ਤੇ ਸਰਕਾਰ ਆਪਣੀ ਨੈਤਿਕ ਜ਼ਿੰਮੇਵਾਰ ਤੋਂ ਭੱਜ ਨਹੀਂ ਸਕਦੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਦੀ ਸਭ ਤੋਂ ਵੱਡੀ ਤਾਕਤ ਇਹ ਹੈ ਕਿ ਉਹ ਜਾਣ ਗਏ ਹਨ ਕਿ ਪੰਜਾਬ ਸਰਕਾਰ ਵਿੱਚ ਇਸ ਲਾਹਨਤ ਨੂੰ ਖ਼ਤਮ ਕਰਨ ਲਈ ਨਾ ਰਾਜਸੀ ਇੱਛਾ ਸ਼ਕਤੀ ਹੈ ਅਤੇ ਨਾ ਹੀ ਲੋੜੀਂਦਾ ਤਜਰਬਾ। ਉਨ੍ਹਾਂ ਕਿਹਾ ਕਿ ਚਾਰ ਮਹੀਨਿਆਂ ਵਿੱਚ ਨਸ਼ਾ ਖ਼ਤਮ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਆਪ ਸਰਕਾਰ ਨੇ ਹੁਣ ਅਗਲੇ ਆਜ਼ਾਦੀ ਦਿਹਾੜੇ ਤੱਕ ਨਸ਼ਿਆਂ ਦੀ ਅਲਾਮਤ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਦਾ ਝੂਠਾ ਵਾਅਦਾ ਕਰਕੇ ਲੋਕਾਂ ਨਾਲ ਧੋਖਾ ਕੀਤਾ ਹੈ।
ਭਾਜਪਾ ਆਗੂ ਨੇ ਨਸ਼ਿਆਂ ਨਾਲ ਨਜਿੱਠਣ ਵਿੱਚ ਅਸਫਲ ਰਹਿਣ ਲਈ ਹੁਕਮਰਾਨਾਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਸਰਕਾਰ ਦੀ ਅਣਗਹਿਲੀ ਅਤੇ ਨਾਕਾਬਲੀਅਤ ਕਾਰਨ ਨਸ਼ਾ ਤਸਕਰਾਂ ਨੂੰ ਸੂਬੇ ਵਿੱਚ ਵਧਣ-ਫੁੱਲਣ ਲਈ ਖੁੱਲ੍ਹਾ ਮਾਹੌਲ ਦਿੱਤਾ ਜਾ ਰਿਹਾ ਹੈ। ਸਰਕਾਰ ਦੇ ਕਾਰਜਕਾਲ ਦੌਰਾਨ ਹਰ ਦੂਜੇ ਦਿਨ ਨਸ਼ਾਖੋਰੀ ਦੀਆਂ ਵਾਇਰਲ ਹੁੰਦੀਆਂ ਵੀਡੀਓਜ਼ ਦੀ ਕੌਮੀ ਮੀਡੀਆ ਵਿੱਚ ਚਰਚਾ ਹੋਣੀ ਪੰਜਾਬੀਆਂ ਲਈ ਬਹੁਤ ਹੀ ਨਮੋਸ਼ੀਜਨਕ ਅਤੇ ਮੰਦਭਾਗਾ ਵਰਤਾਰਾ ਹੈ।