ਭਾਜਪਾ ਆਗੂ ਨੇ ਪੰਜਾਬ ਦੀ ਆਪ ਸਰਕਾਰ ਦੀ ਕਾਰਗੁਜ਼ਾਰੀ ’ਤੇ ਚੁੱਕੇ ਸੁਆਲ, ਹਰ ਦਿਨ ਨਵੀਂ ਕਹਾਣੀ

ਆਪ ਸਰਕਾਰ ਨੇ ਸੂਬੇ ਦੇ ਲੋਕਾਂ ਦੀਆਂ ਉਮੀਦਾਂ ’ਤੇ ਪਾਣੀ ਫੇਰਿਆ: ਸਿੱਧੂ

ਕਾਨੂੰਨ ਵਿਵਸਥਾ, ਸਿਹਤ ਸੇਵਾਵਾਂ ਤੇ ਵਿਕਾਸ ਪੱਖੋਂ ਫੇਲ ਹੋਈ ਆਪ ਸਰਕਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਮਾਰਚ:
ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਬਲਬੀਰ ਸਿੰਘ ਸਿੱਧੂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ’ਤੇ ਸੁਆਲ ਚੁੱਕਦਿਆਂ ਕਿਹਾ ਕਿ ਪਿਛਲਾ ਇਕ ਵਰ੍ਹਾ ਕਤਲ, ਲੁੱਟਖੋਹ, ਮਾੜੀ ਕਾਨੂੰਨ ਵਿਵਸਥਾ ਅਤੇ ਪੰਜਾਬ ਦੇ ਸਭ ਤੋਂ ਕਾਲੇ ਦੌਰ ਵਿੱਚ ਸ਼ੁਮਾਰ ਹੋਵੇਗਾ। ਅੱਜ ਇੱਥੇ ਉਨ੍ਹਾਂ ਕਿਹਾ ਕਿ ਆਰਪੀਜੀ ਹਮਲਾ, ਬਦਹਾਲ ਸਿਹਤ ਸੇਵਾਵਾਂ ਅਤੇ ਆਰਥਿਕ ਮੰਦੀ ਅਤੇ ਸਿਆਸੀ ਵਿਰੋਧੀ ਧਿਰਾਂ ਨਾਲ ਸਿਰੇ ਦੀ ਧੱਕੇਸ਼ਾਹੀ ਸਮੇਤ ਕੀ ਕੁੱਝ ਨਹੀਂ ਦੇਖਿਆ। ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ ਹੁਣ ਤੱਕ ਇਨਸਾਫ਼ ਨਹੀਂ ਮਿਲਿਆ ਅਤੇ ਗੋਲਡੀ ਬਰਾੜ ਦੇ ਫੜੇ ਜਾਣ ਵਾਲੇ ਬਿਆਨ ਦਾ ਹੁਣ ਤੱਕ ਕੋਈ ਸਪਸ਼ਟੀਕਰਨ ਨਹੀਂ ਜਦੋਂਕਿ ਸਾਥੀ ਗੈਂਗਸਟਰ ਜੇਲ੍ਹਾਂ ਤੋਂ ਲਾਈਵ ਬਿਆਨ ਦੇ ਰਹੇ ਹਨ।
ਸਿੱਧੂ ਨੇ ਕਿਹਾ ਲੋਕਾਂ ਨੇ ਬਹੁਤ ਉਮੀਦਾਂ ਨਾਲ ਸਰਕਾਰ ਬਣਾਈ ਸੀ ਪਰ ਹੁਣ ਲੋਕ ਖ਼ੁਦ ਪਛਤਾ ਰਹੇ ਹਨ। ਉਨ੍ਹਾਂ ਕਿਹਾ ਕਿ ਆਪ ਸਰਕਾਰ ਦੇ ਸ਼ਾਸਨ ਵਿੱਚ ਇਨਸਾਫ਼ ਲਈ ਲੋਕਾਂ ਨੂੰ ਧਰਨੇ ਦੇਣੇ ਪੈ ਰਹੇ ਹਨ ਅਤੇ ਹੁਣ ਤੱਕ ਕਿਸੇ ਇੱਕ ਵੀ ਮਸਲੇ ਦਾ ਸਥਾਈ ਹੱਲ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਦੀ ਜਾਅਲਸਾਜ਼ੀ ਕਾਰਨ ਸਿਹਤ ਸੇਵਾਵਾਂ ’ਤੇ ਸਿੱਧਾ ਅਸਰ ਪਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨੇ ਲੋਕਾਂ ਦਾ ਪੈਸਾ ਫੌਕੀ ਇਸ਼ਤਿਹਾਰਬਾਜ਼ੀ ’ਤੇ ਖ਼ਰਚ ਕਰਕੇ ਸਰਕਾਰੀ ਖ਼ਜ਼ਾਨੇ ਨੂੰ ਚੂਨਾ ਲਗਾ ਰਹੀ ਹੈ।
ਭਾਜਪਾ ਆਗੂ ਨੇ ਕਿਹਾ ਕਿ ਪੰਜਾਬ ਵਿੱਚ ਲਗਾਤਾਰ ਵਧ ਰਹੀਆਂ ਅਪਰਾਧਿਕ ਘਟਨਾਵਾਂ ਕਾਰਨ ਸਨਅਤਕਾਰ ਸੂਬੇ ਵਿੱਚ ਪੂੰਜੀ ਨਿਵੇਸ਼ ਕਰਨ ਤੋਂ ਹੱਥ ਪਿੱਛੇ ਖਿੱਚ ਰਹੇ ਹਨ ਅਤੇ ਉਦਯੋਗਪਤੀ ਗੁਆਂਢੀ ਸੂਬਿਆਂ ਨੂੰ ਵਧੇਰੇ ਤਰਜ਼ੀਹ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਆਪ ਸਰਕਾਰ ਨੇ ਹਰ ਕਦਮ ’ਤੇ ਵਾਅਦਾਖ਼ਿਲਾਫ਼ੀ ਕਰਕੇ ਲੋਕਾਂ ਦੇ ਜਜ਼ਬਾਤਾਂ ਨਾਲ ਖਿਲਵਾੜ ਕੀਤਾ ਹੈ। ਸਿੱਧੂ ਨੇ ਮੁੱਖ ਮੰਤਰੀ ਤੋਂ ਪੁੱਛਿਆ ਅੌਰਤਾਂ ਨੂੰ 1000 ਰੁਪਏ ਦੇਣ ਦੀ ਗਰੰਟੀ ਦਾ ਕੀ ਹੋਇਆ? ਪੰਜਾਬ ਨੂੰ ਕਰਜ਼ਾ ਮੁਕਤ ਬਣਾਉਣ ਦੇ ਵਾਅਦੇ ਦਾ ਕੀ ਹੋਇਆ?

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…