ਪੰਜਾਬ ਮੰਤਰੀ ਮੰਡਲ ਦਾ ਵਿਸਥਾਰ ਬਜਟ ਇਜਲਾਸ ਤੋਂ ਪਹਿਲਾਂ ਕੀਤਾ ਜਾਵੇਗਾ: ਮੁੱਖ ਮੰਤਰੀ

ਮੰਤਰੀਆਂ ਦੀ ਚੋਣ ਵੇਲੇ ਸੀਨੀਆਰਤਾ ਤੇ ਵਿਧਾਨ ਖੇਤਰ ਨੂੰ ਸਾਹਮਣੇ ਰੱਖਿਆ ਜਾਵੇਗਾ

ਮੁਹਾਲੀ ਦੇ ਕਾਂਗਰਸੀ ਵਿਧਾਇਕ ਬਲਬੀਰ ਸਿੰਘ ਸਿੱਧੂ ਨੂੰ ਕੈਬਨਿਟ ਮੰਤਰੀ ਬਣਾਉਣ ਦੀ ਮੰਗ ਉੱਠੀ

ਕੈਪਟਨ ਅਮਰਿੰਦਰ ਸਿੰਘ ਸਰਕਾਰ ਸੰਸਦੀ ਸਕੱਤਰਾਂ ਦੀ ਨਿਯੁਕਤੀ ਬਾਰੇ ਨਵਾਂ ਕਾਨੂੰਨ ਲਿਆਏਗੀ

ਅਮਨਦੀਪ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 23 ਮਾਰਚ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜੂਨ ਵਿੱਚ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਬਜਟ ਸਮਾਗਮ ਤੋਂ ਪਹਿਲਾਂ ਆਪਣੇ ਮੰਤਰੀ ਮੰਡਲ ਦਾ ਵਿਸਥਾਰ ਕਰਨ ਦੇ ਸੰਕੇਤ ਦਿੱਤੇ ਹਨ। ਅੱਜ ਇੱਕ ਟੀ.ਵੀ. ਚੈਨਲ ਨੂੰ ਦਿੱਤੀ ਇੰਟਰਵਿਊ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਾਂਗਰਸ ਦੇ ਉਪ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਨੇ ਉਨ੍ਹਾਂ ਨੂੰ ਆਪਣੇ ਮੰਤਰੀ ਮੰਡਲ ਦੀ ਚੋਣ ਕਰਨ ਲਈ ਪੂਰੀ ਆਜ਼ਾਦੀ ਦਿੱਤੀ ਸੀ ਅਤੇ ਉਨ੍ਹਾਂ ਨੇ ਸੀਨੀਆਰਤਾ, ਤਜਰਬੇ ਅਤੇ ਇਲਾਕੇ ਸਬੰਧੀ ਇਕਸਾਰਤਾ ਨੂੰ ਚੋਣ ਪ੍ਰਕਿਰਿਆ ਦਾ ਮੁੱਖ ਮਾਪਦੰਡ ਬਣਾਇਆ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਅੱਗੇ ਵੀ ਇਹ ਯਕੀਨੀ ਬਣਾਉਣਗੇ ਕਿ ਸੂਬਾ ਕੈਬਨਿਟ ਵਿੱਚ ਸਾਰੇ ਖਿੱਤਿਆਂ ਨੂੰ ਬਣਦੀ ਨੁਮਾਇੰਦਗੀ ਮਿਲੇ ਤਾਂ ਜੋ ਸੂਬੇ ਦਾ ਇਕਸਾਰ ਵਿਕਾਸ ਹੋ ਸਕੇ ਅਤੇ ਕੋਈ ਵੀ ਇਲਾਕਾ ਵਿਕਾਸ ਦੀ ਪ੍ਰਗਤੀ ਤੋਂ ਬਾਹਰ ਨਾ ਰਹੇ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੰਤਰੀ ਮੰਡਲ ਦਾ ਵਿਸਥਾਰ ਸਾਲ 2017-18 ਦਾ ਬਜਟ ਪੇਸ਼ ਕੀਤੇ ਜਾਣ ਤੋਂ ਪਹਿਲਾਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਗਲੇ ਹਫਤੇ ਸਰਕਾਰ ਕੇਵਲ ਲੇਖਾ ਅਨੁਦਾਨ ਹੀ ਪੇਸ਼ ਕਰੇਗੀ। ਵਿਧਾਨ ਸਭਾ ਦਾ ਪਲੇਠਾ ਸਮਾਗਮ ਨਵੀਂ ਸੂਬਾ ਵਿਧਾਨ ਸਭਾ ਗਠਿਤ ਕਰਨ ਲਈ ਸ਼ੁਕਰਵਾਰ ਤੋਂ ਸੱਦਿਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਫਸਰਸ਼ਾਹਾਂ ਅਤੇ ਹੋਰ ਅਧਿਕਾਰੀਆਂ ਸਣੇ ਸਾਰੀਆਂ ਮਹੱਤਵਪੁਰਨ ਨਿਯੁਕਤੀਆਂ ਲਈ ਤਜਰਬੇ ਅਤੇ ਪੇਸ਼ੇਵਰ ਮੁਹਾਰਤ ਨੂੰ ਮਹੱਤਤਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਡੀ.ਜੀ.ਪੀ. ਸੁਰੇਸ਼ ਅਰੋੜਾ ਦੀਆਂ ਸੇਵਾਵਾਂ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ ਕਿਉਂਕਿ ਉਹ ਇਕ ਪੇਸ਼ੇਵਰ ਅਧਿਕਾਰੀ ਹੈ। ਮੁੱਖ ਸਕੱਤਰ ਨੂੰ ਤਬਦੀਲ ਕਰ ਦਿੱਤਾ ਗਿਆ ਹੈ ਕਿਉਂਕਿ ਉਸ ਦੀ ਪਿਛਲੀ ਸੱਤਾ ਨਾਲ ਨੇੜੇ ਦੀ ਸਾਂਝ ਸੀ।
ਉਧਰ, ਪੰਜਾਬ ਸਰਕਾਰ ਛੇਤੀ ਹੀ ਸੰਸਦੀ ਸਕੱਤਰਾਂ ਦੀ ਨਿਯੁਕਤੀ ਸਬੰਧੀ ਨਵਾਂ ਕਾਨੂੰਨ ਲਿਆਏਗੀ ਅਤੇ ਇਨ੍ਹਾਂ ਸੰਸਦੀ ਸਕੱਤਰਾਂ ਨੂੰ ਵੱਖ-ਵੱਖ ਮੰਤਰੀਆਂ ਨਾਲ ਲਗਾਇਆ ਜਾਵੇਗਾ। ਇਹ ਪ੍ਰਗਟਾਵਾ ਅੱਜ ਮੁੱਖ ਮੰਤਰੀ ਕੈਪ’ਟਨ ਅਮਰਿੰਦਰ ਸਿੰਘ ਨੇ ਇੱਕ ਟੀ.ਵੀ. ਇੰਟਰਵਿਊ ਦੌਰਾਨ ਕੀਤਾ। ਹਾਲ ਹੀ ਦੀਆਂ ਵਿਧਾਨ ਸਭਾ ਚੋਣਾਂ ਨੂੰ ਆਪਣੀਆਂ ਆਖਰੀ ਚੋਣਾਂ ਦੱਸਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੰਸਦੀ ਸਕੱਤਰਾਂ ਦੀ ਨਿਯੁਕਤੀ ਸਬੰਧੀ ਸਰਕਾਰ ਇਕ ਬਿੱਲ ਲਿਆਵੇਗੀ। ਇਹ ਸੰਸਦੀ ਸਕੱਤਰ ਮੰਤਰੀਆਂ ਦੇ ਨਾਲ ਕੰਮ ਕਰਕੇ ਭਵਿੱਖ ਦੇ ਮੰਤਰੀਆਂ ਵਜੋਂ ਤਿਆਰ ਹੋਣਗੇ। ਉਨ੍ਹਾਂ ਕਿਹਾ ਕਿ ਭਾਰਤ ਨੌਜਵਾਨਾਂ ਦਾ ਦੇਸ਼ ਹੈ ਅਤੇ ਇਸ ਨਾਲ ਨੌਜਵਾਨਾਂ ਨੂੰ ਸਿਖਾਉਣ ਵਿੱਚ ਮਦਦ ਮਿਲੇਗੀ ਜਿਸ ਨਾਲ ਉਹ ਅਗਲੇ ਕੁਝ ਸਾਲਾਂ ਦੌਰਾਨ ਮੰਤਰੀਆਂ ਵਜੋਂ ਕੰਮ ਚਲਾਉਣ ਦੇ ਸਮਰੱਥ ਹੋ ਜਾਣਗੇ। ਮੱੁਖ ਮੰਤਰੀ ਨੇ ਅੱਗੇ ਕਿਹਾ ਕਿ ਜੇਕਰ ਉਨ੍ਹਾਂ ਦੀ ਪਾਰਟੀ ਉਨ੍ਹਾਂ ਦੇ ਕਾਰਜਕਾਲ ਦੇ ਆਖਰੀ ਸਾਲ ਦੌਰਾਨ ਉਨ੍ਹਾਂ ਦੇ ਉਤਰਾਧਿਕਾਰੀ ਦੀ ਚੋਣ ਕਰ ਲਵੇ ਤਾਂ ਉਨ੍ਹਾਂ ਨੂੰ ਖੁਸ਼ੀ ਹੋਵੇਗੀ ਕਿਉਂਕਿ ਉਹ ਆਪਣੀ ਇਹ ਮਿਆਦ ਖ਼ਤਮ ਹੋਣ ਦੇ ਬਾਅਦ ਸਿਆਸੀ ਸਰਗਰਮੀ ਛੱਡ ਦੇਣਗੇ।
ਉਧਰ, ਮੰਤਰੀ ਮੰਡਲ ਦੇ ਵਿਸਥਾਰ ਦੀ ਭਿਣਕ ਪੈਂਦਿਆਂ ਹੀ ਮੁਹਾਲੀ ਤੋਂ ਕਾਂਗਰਸੀ ਵਿਧਾਇਕ ਬਲਬੀਰ ਸਿੰਘ ਸਿੱਧੂ ਅਤੇ ਖੰਨਾ ਤੋਂ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੂੰ ਪੰਜਾਬ ਕੈਬਨਿਟ ਵਿੱਚ ਲੈਣ ਦੀ ਜ਼ੋਰਦਾਰ ਮੰਗ ਉੱਠੀ ਹੈ। ਮਿਉਂਸਪਲ ਕੌਂਸਲ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਐਨ.ਕੇ. ਮਰਵਾਹਾ, ਪੰਜਾਬ ਨੰਬਰਦਾਰ ਯੂਨੀਅਨ ਦੇ ਸੂਬਾਈ ਪ੍ਰਧਾਨ ਤਰਲੋਚਨ ਸਿੰਘ ਮਾਨ, ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਮੋਹਨ ਸਿੰਘ ਬਠਲਾਣਾ, ਚੌਧਰੀ ਦੀਪ ਚੰਦ ਗੋਬਿੰਦਗੜ੍ਹ, ਇੰਦਰਜੀਤ ਸਿੰਘ ਖੋਖਰ ਅਤੇ ਗੁਰਦੇਵ ਸਿੰਘ ਚੌਹਾਨ ਸਮੇਤ ਹੋਰਨਾਂ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਹੈ ਕਿ ਸ੍ਰੀ ਸਿੱਧੂ ਨੂੰ ਮੰਤਰੀ ਮੰਡਲ ਵਿੱਚ ਸ਼ਾਮਲ ਕਰਕੇ ਪਿਛਲੇ ਲੰਮੇ ਸਮੇਂ ਤੋਂ ਅਣਦੇਖੀ ਦਾ ਸ਼ਿਕਾਰ ਮੁਹਾਲੀ ਹਲਕੇ ਨੂੰ ਸਰਕਾਰ ਵਿੱਚ ਯੋਗ ਨੁਮਾਇੰਦਗੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸ੍ਰੀ ਸਿੱਧੂ ਲਗਾਤਾਰ ਤੀਜੀ ਵਾਰ ਚੋਣ ਜਿੱਤੇ ਹਨ ਅਤੇ ਉਨ੍ਹਾਂ ਨੇ ਹਮੇਸ਼ਾਂ ਹੀ ਹੁਕਮਰਾਨ ਪਾਰਟੀ ਦੇ ਧੜੱਲੇਦਾਰ ਉਮੀਦਵਾਰਾਂ ਨੂੰ ਹਰਾਇਆ ਹੈ। ਉਂਜ ਵੀ ਸ੍ਰੀ ਸਿੱਧੂ ਪਾਰਟੀ ਵਿੱਚ ਹੁਣ ਕਾਫੀ ਸੀਨੀਅਰ ਹਨ।
ਇਸੇ ਤਰ੍ਹਾਂ ਜ਼ਿਲ੍ਹਾ ਲੁਧਿਆਣਾ ਦੇ ਕਾਂਗਰਸੀ ਵਰਕਰਾਂ ਨੇ ਮੰਗ ਕੀਤੀ ਹੈ ਕਿ ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੂੰ ਕੈਬਨਿਟ ਮੰਤਰੀ ਲੈ ਕੇ ਪੰਜਾਬ ਵਿੱਚ ਅਮਨ ਸ਼ਾਂਤੀ ਲਈ ਸ਼ਹੀਦ ਹੋਏ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਸੱਚੀ ਸ਼ਰਧਾਂਜਲੀ ਭੇਟ ਕੀਤੀ ਜਾਵੇ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…