ਝਾਮਪੁਰ ਵਿੱਚ ਨਾਜਾਇਜ਼ ਉਸਾਰੀਆਂ ਢਾਹੇ ਜਾਣ ਦੌਰਾਨ ਮਸਜਿਦ ਦੀ ਕੰਧ ਤੋੜੇ ਜਾਣ ਦਾ ਮਾਮਲਾ ਭਖਿਆ

ਮੁਸਲਿਮ ਭਾਈਚਾਰੇ ਵੱਲੋਂ ਗਮਾਡਾ ਵਿਰੁੱਧ ਨਾਅਰੇਬਾਜ਼ੀ, ਸੰਘਰਸ਼ ਵਿੱਢਣ ਦੀ ਚਿਤਾਵਨੀ

ਗਮਾਡਾ ਅਧਿਕਾਰੀਆਂ ਨੇ ਬਿਲਡਰ ’ਤੇ ਲਾਇਆ ਮਾਮਲੇ ਨੂੰ ਗਲਤ ਰੰਗਤ ਦੇ ਕੇ ਭਾਈਚਾਰੇ ਦੇ ਲੋਕਾਂ ਭੜਕਾਉਣ ਦਾ ਦੋਸ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਸਤੰਬਰ:
ਗਰੇਟਰ ਮੁਹਾਲੀ ਏਰੀਆ ਵਿਕਾਸ ਅਥਾਰਟੀ (ਗਮਾਡਾ) ਵੱਲੋਂ ਹਾਈ ਕੋਰਟ ਦੇ ਹੁਕਮਾਂ ’ਤੇ ਪਿੰਡ ਝਾਮਪੁਰ ਵਿੱਚ ਅਣਅਧਿਕਾਰਤ ਉਸਾਰੀਆਂ ਢਾਹੇ ਜਾਣ ਦੌਰਾਨ ਉੱਥੇ ਨੇੜੇ ਹੀ ਉਸਾਰੀ ਅਧੀਨ ਮਸਜਿਦ ਦੀਆਂ ਕੰਧ ਟੁੱਟਣ ਦਾ ਮਾਮਲਾ ਕਾਫ਼ੀ ਭਖ ਗਿਆ ਹੈ। ਇਸ ਸਬੰਧੀ ਅੱਜ ਝਾਮਪੁਰ ਵਿੱਚ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਗਮਾਡਾ ਵਿਰੁੱਧ ਜ਼ਬਰਦਸਤ ਰੋਸ ਮੁਜ਼ਾਹਰਾ ਕੀਤਾ ਅਤੇ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਮੁਸਲਿਮ ਭਾਈਚਾਰੇ ਦੇ ਆਗੂ ਮੁਹੰਮਦ ਸਲੀਮ ਨੇ ਕਿਹਾ ਕਿ ਮਸਜਿਦ ਦੀਆਂ ਕੰਧਾਂ ਢਾਹ ਕੇ ਗਮਾਡਾ ਨੇ ਮੁਸਲਿਮ ਭਾਈਚਾਰੇ ਨਾਲ ਜ਼ਿਆਦਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਗਮਾਡਾ ਨੇ ਬਿਨਾਂ ਨੋਟਿਸ ਦਿੱਤੇ ਮਸਜਿਦ ਦੀਆਂ ਕੰਧਾਂ ਤੋੜ ਦਿੱਤੀਆਂ ਹਨ। ਹਾਲਾਂਕਿ ਜਦੋਂ ਗਮਾਡਾ ਦੀ ਟੀਮ ਮਸਜਿਦ ਦੀਆਂ ਕੰਧਾਂ ਤੋੜ ਰਹੀ ਸੀ ਤਾਂ ਮੁਸਲਿਮ ਭਾਈਚਾਰੇ ਨੇ ਗਮਾਡਾ ਦੀ ਟੀਮ ਨੂੰ ਰੋਕਣ ਦਾ ਯਤਨ ਕੀਤਾ ਗਿਆ ਪਰ ਗਮਾਡਾ ਨੇ ਉਨ੍ਹਾਂ ਦੀ ਇੱਕ ਨਹੀਂ ਸੁਣੀ। ਉਨ੍ਹਾਂ ਕਿਹਾ ਕਿ ਹੋਰ ਥਾਵਾਂ ’ਤੇ ਵੀ ਉਸਾਰੀਆਂ ਹੋ ਰਹੀਆਂ ਹਨ ਪ੍ਰੰਤੂ ਮਸਜਿਦ ਨੂੰ ਹੀ ਨਿਸ਼ਾਨਾਂ ਬਣਾਇਆ ਗਿਆ ਹੈ। ਉਨ੍ਹਾਂ ਗਮਾਡਾ ਅਮਲੇ ਵਿਰੁੱਧ ਸਖ਼ਤ ਐਕਸ਼ਨ ਲੈਣ ਦੀ ਮੰਗ ਕਰਦਿਆਂ ਚਿਤਾਵਨੀ ਦਿੱਤੀ ਕਿ ਜੇਕਰ ਜ਼ਿੰਮੇਵਾਰ ਅਧਿਕਾਰੀਆਂ ਅਤੇ ਕਰਮਚਾਰੀਆਂ ਵਿਰੁੱਧ ਬਣਦੀ ਕਾਰਵਾਈ ਨਾ ਕੀਤੀ ਗਈ ਤਾਂ ਮੁਸਲਿਮ ਭਾਈਚਾਰੇ ਵੱਲੋਂ ਸੰਘਰਸ਼ ਵਿੱਢਿਆ ਜਾਵੇਗਾ।
ਉਧਰ, ਇਸ ਸਬੰਧੀ ਸੰਪਰਕ ਕਰਨ ’ਤੇ ਗਮਾਡਾ ਦੇ ਅਸਿਸਟੈਂਟ ਟਾਊਨ ਪਲਾਨਰ (ਏਟੀਪੀ) ਹਰਚੰਦ ਸਿੰਘ ਨੇ ਕਿਹਾ ਕਿ ਮੁਸਲਿਮ ਭਾਈਚਾਰੇ ਵੱਲੋਂ ਬਦਸਲੂਕੀ ਕਰਨ ਦੇ ਲਾਏ ਦੋਸ਼ਾਂ ਨੂੰ ਬੇਬੁਨਿਆਦ ਅਤੇ ਝੂਠ ਦਾ ਪੁਲੰਦਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਗਮਾਡਾ ਵੱਲੋਂ ਹਾਈ ਕੋਰਟ ਦੇ ਹੁਕਮਾਂ ਅਤੇ ਨਿਯਮਾਂ ਤਹਿਤ ਕਾਰਵਾਈ ਕੀਤੀ ਗਈ ਹੈ ਅਤੇ ਉਕਤ ਕਲੋਨੀ ਵਿੱਚ ਨਿਯਮਾਂ ਨੂੰ ਛਿੱਕੇ ’ਤੇ ਟੰਗ ਕੇ ਨਵੀਆਂ ਉਸਾਰੀਆਂ ਕੀਤੀਆਂ ਜਾ ਰਹੀਆਂ ਸਨ, ਜੋ ਸਰਾਸਰ ਗਲਤ ਹੈ। ਉਨ੍ਹਾਂ ਦੱਸਿਆ ਕਿ ਉੱਚ ਅਦਾਲਤ ਵੱਲੋਂ 21 ਸਤੰਬਰ ਤੱਕ ਸਾਰੀਆਂ ਨਾਜਾਇਜ਼ ਕਲੋਨੀਆਂ ਅਤੇ ਉਸਾਰੀਆਂ ਨੂੰ ਕਲੀਅਰ ਕਰਨ ਦੇ ਹੁਕਮ ਦਿੱਤੇ ਹੋਏ ਹਨ। ਉਨ੍ਹਾਂ ਕਿਹਾ ਕਿ ਉੱਥੇ ਬਣੀ ਦੋ ਫੁੱਟ ਦੀ ਕੰਧ ਨੂੰ ਮਸਜਿਦ ਦੀ ਦੀਵਾਰ ਦਸ ਕੇ ਮਾਮਲੇ ਨੂੰ ਗਲਤ ਰੰਗਤ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬਿਲਡਰ ਵੱਲੋਂ ਉਨ੍ਹਾਂ ਨੂੰ ਵੱਖ-ਵੱਖ ਵਿਅਕਤੀਆਂ ਰਾਹੀਂ ਕਥਿਤ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਅਗਲੇ ਹਫ਼ਤੇ ਝਾਮਪੁਰ ਵਿੱਚ ਗੋਲ ਮਾਰਕੀਟ ਖ਼ਿਲਾਫ਼ ਕਾਰਵਾਈ ਕੀਤੀ ਜਾਣੀ ਹੈ, ਜਿਸ ਕਾਰਨ ਬਿਲਡਰ ਵੱਲੋਂ ਮੁਸਲਿਮ ਭਾਈਚਾਰੇ ਦੇ ਲੋਕਾਂ ਨੂੰ ਭੜਕਾਇਆ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਗਮਾਡਾ ਵੱਲੋਂ ਕਾਰਵਾਈ ਤੋਂ ਪਹਿਲਾਂ ਕਲੋਨੀ ਦੇ ਮਾਲਕ ਨੂੰ ਨੋਟਿਸ ਵੀ ਦਿੱਤੇ ਗਏ ਸਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਅਣਅਧਿਕਾਰਤ ਕਲੋਨੀਆਂ ਅਤੇ ਉਸਾਰੀਆਂ ਖ਼ਿਲਾਫ਼ ਕਾਰਵਾਈ ਜਾਰੀ ਰਹੇਗੀ।

Load More Related Articles
Load More By Nabaz-e-Punjab
Load More In General News

Check Also

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ ਗੋਲੇ ਸੁੱਟੇ

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ…