
ਗੁਰਦੁਆਰਾ ਸਾਹਿਬ ਵਿੱਚ ਜਾਤੀ ਭੇਦਭਾਵ ਦਾ ਮਾਮਲਾ ਭਖਿਆ
ਸ੍ਰੀ ਅਕਾਲ ਤਖ਼ਤ ਦੇ ਹੁਕਮਾਂ ’ਤੇ ਬਣਦੀ ਕਾਰਵਾਈ ਕਰਨ ਤੋਂ ਭੱਜੀ ਪੁਲੀਸ, ਪੀੜਤਾਂ ’ਚ ਰੋਸ
ਪੀੜਤ ਲੋਕਾਂ ਨੇ ਪੁਲੀਸ ਤੇ ਪ੍ਰਸ਼ਾਸਨ ਨੂੰ 20 ਦਿਨ ਦਾ ਅਲਟੀਮੇਟਮ, ਡੀਸੀ ਤੇ ਐਸਐਸਪੀ ਦਫ਼ਤਰ ਦਾ ਘਿਰਾਓ ਕਰਨ ਦੀ ਚਿਤਾਵਨੀ
ਨਬਜ਼-ਏ-ਪੰਜਾਬ, ਮੁਹਾਲੀ, 28 ਜੂਨ:
ਗੁਰਦੁਆਰਾ ਸਾਹਿਬ ਪਿੰਡ ਬਡਾਲਾ-ਨਿਆਂ ਸ਼ਹਿਰ ਦੀ ਪ੍ਰਬੰਧਕ ਕਮੇਟੀ ਵਿੱਚ ਜਾਤੀ ਭੇਦਭਾਵ ਦਾ ਮਾਮਲਾ ਕਾਫ਼ੀ ਭਖ ਗਿਆ ਹੈ। ਅੱਤਿਆਚਾਰ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੇ ਸੂਬਾ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਦੀ ਮੌਜੂਦਗੀ ਵਿੱਚ ਪੀੜਤ ਸੰਦੀਪ ਸਿੰਘ, ਮਨਦੀਪ ਸਿੰਘ, ਜਗਤਾਰ ਸਿੰਘ ਕਾਕਾ ਸਿੰਘ, ਗੁਰਦੀਪ ਸਿੰਘ, ਬਾਵਾ ਸਿੰਘ, ਗੁਰਮੀਤ ਸਿੰਘ, ਜਸਵੀਰ ਸਿੰਘ ਅਤੇ ਕਰਨ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਜਸਵਿੰਦਰ ਸਿੰਘ ਅਤੇ ਉਸ ਦੇ ਲੜਕੇ ’ਤੇ ਜਾਤੀ ਭੇਦਭਾਵ ਅਤੇ ਲੜਾਈ ਝਗੜਾ ਕਰਨ ਦਾ ਦੋਸ਼ ਲਾਇਆ ਹੈ। ਦੋਵੇਂ ਪਿਉ-ਪੁੱਤ ਗੁਰੂਘਰ ਦਾ ਮਾਹੌਲ ਖ਼ਰਾਬ ਕਰ ਰਹੇ ਹਨ।
ਉਨ੍ਹਾਂ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ’ਤੇ ਗੁਰਦੁਆਰਾ ਸਾਹਿਬ ਦੀ ਚੋਣ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਚਾਰਕ ਭਾਈ ਰਾਜਪਾਲ ਸਿੰਘ ਅਤੇ ਗੁਰਪਾਲ ਸਿੰਘ ਡਿਊਟੀ ਲਗਾਈ ਗਈ ਸੀ। ਆਪਸੀ ਸਹਿਮਤੀ ਨਾ ਬਣਨ ਕਾਰਨ ਪ੍ਰਚਾਰਕਾਂ ਦੀ ਰਿਪੋਰਟ ’ਤੇ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ 17 ਨਵੰਬਰ 2021 ਨੂੰ ਪ੍ਰਧਾਨ ਤੇ ਹੋਰਨਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ ਸਨ ਪਰ ਕਰੀਬ ਡੇਢ ਸਾਲ ਬੀਤ ਜਾਣ ਦੇ ਬਾਵਜੂਦ ਪੁਲੀਸ ਨੇ ਕੋਈ ਕਾਰਵਾਈ ਨਹੀਂ ਕੀਤੀ। ਮਾਮਲੇ ਦੀ ਜਾਂਚ ਐਸਪੀ ਜਗਜੀਤ ਸਿੰਘ ਜੱਲਾ ਕਰ ਰਹੇ ਹਨ। ਉਹ ਪਿੰਡ ਜਾ ਕੇ ਮੌਕਾ ਵੀ ਦੇਖ ਚੁੱਕੇ ਹਨ ਪਰ ਹੁਣ ਤੱਕ ਕੋਈ ਕਾਰਵਾਈ ਨਹੀਂ ਹੋਈ।
ਇਸ ਮੌਕੇ ਬਲਵਿੰਦਰ ਸਿੰਘ ਕੁੰਭੜਾ ਨੇ ਕਿਹਾ ਕਿ ਇੱਕ ਪਾਸੇ ਸਰਕਾਰੀ ਦਫ਼ਤਰਾਂ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਡਾ. ਭੀਮ ਰਾਓ ਅੰਬੇਦਕਰ ਦੀਆਂ ਤਸਵੀਰਾਂ ਲਗਾਉਣ ਦੇ ਹੁਕਮ ਚਾੜ ਰਹੇ ਹਨ, ਜਦੋਂਕਿ ਦੂਜੇ ਪਾਸੇ ਡਾ. ਅੰਬੇਦਕਰ ਦੇ ਵਾਰਸਾਂ ਨੂੰ ਗੁਰਦੁਆਰਾ ਕਮੇਟੀ ਵਿੱਚ ਨੁਮਾਇੰਦਗੀ ਵੀ ਨਹੀਂ ਦਿੱਤੀ ਜਾ ਰਹੀ ਹੈ। ਜਿਸ ਦੀ ਤਾਜ਼ਾ ਮਿਸਾਲ ਪਿੰਡ ਬਡਾਲਾ ਦੇ ਗੁਰੂਘਰ ਤੋਂ ਮਿਲਦੀ ਹੈ। ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਕਾਪੀ ਦਿਖਾਉਂਦੇ ਹੋਏ ਜ਼ਿਲ੍ਹਾ ਪੁਲੀਸ ਤੇ ਪ੍ਰਸ਼ਾਸਨ ਨੂੰ 20 ਦਿਨ ਦਾ ਅਲਟੀਮੇਟਮ ਦਿੰਦੇ ਹੋਏ ਚਿਤਾਵਨੀ ਦਿੱਤੀ ਕਿ ਜੇਕਰ ਇਸ ਦੌਰਾਨ ਪੀੜਤ ਲੋਕਾਂ ਨੂੰ ਇਨਸਾਫ਼ ਨਹੀਂ ਮਿਲਿਆ ਮੁਹਾਲੀ ਦੇ ਐਸਐਸਪੀ ਅਤੇ ਡੀਸੀ ਦਫ਼ਤਰਾਂ ਦਾ ਘਿਰਾਓ ਕੀਤਾ ਜਾਵੇਗਾ।
ਉਧਰ, ਦੂਜੇ ਪਾਸੇ ਇਸ ਸਬੰਧੀ ਸੰਪਰਕ ਕਰਨ ’ਤੇ ਗੁਰਦੁਆਰਾ ਕਮੇਟੀ ਬਡਾਲਾ ਦੇ ਪ੍ਰਧਾਨ ਜਸਵਿੰਦਰ ਸਿੰਘ ਨੇ ਜਾਤੀ ਭੇਦਭਾਵ ਅਤੇ ਜਾਤੀ ਸੂਚਕ ਸ਼ਬਦ ਬੋਲ ਕੇ ਜਨਤਕ ਤੌਰ ’ਤੇ ਜ਼ਲੀਲ ਕਰਨ ਦੇ ਦੋਸ਼ਾਂ ਨੂੰ ਬਿਲਕੁਲ ਬੇਬੁਨਿਆਦ ਅਤੇ ਮਨਘੜਤ ਦੱਸਿਆ ਹੈ। ਉਨ੍ਹਾਂ ਕਿਹਾ ਕਿ ਇਸ ਮੁੱਦੇ ਨੂੰ ਲੈ ਕੇ ਕਿਸੇ ਨਾਲ ਕੋਈ ਲੜਾਈ ਝਗੜਾ ਵੀ ਨਹੀਂ ਹੋਇਆ ਹੈ। ਉਨ੍ਹਾਂ ਇਹ ਸਪੱਸ਼ਟ ਕੀਤਾ ਕਿ ਸਮੁੱਚੇ ਨਗਰ ਨੇ ਉਨ੍ਹਾਂ ਨੂੰ ਪ੍ਰਧਾਨ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ ਲੇਕਿਨ ਫਿਰ ਵੀ ਜੇਕਰ ਕਿਸੇ ਕੋਈ ਇਤਰਾਜ਼ ਹੈ ਤਾਂ ਆਪਸ ਵਿੱਚ ਮਿਲ ਬੈਠ ਕੇ ਮਸਲੇ ਦਾ ਹੱਲ ਕੀਤਾ ਜਾ ਸਕਦਾ ਹੈ।