ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਮਾਮਲਾ: ਸਾਬਕਾ ਮੰਤਰੀ ਧਰਮਸੋਤ ਦਾ 3 ਰੋਜ਼ਾ ਪੁਲੀਸ ਰਿਮਾਂਡ

‘ਮੈਨੂੰ ਬਦਨਾਮ ਕਰਨ ਲਈ ਜਾਣਬੁੱਝ ਕੇ ਝੂਠੇ ਕੇਸ ’ਚ ਫਸਾਇਆ ਜਾ ਰਿਹੈ:’ ਧਰਮਸੋਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਫਰਵਰੀ:
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮ ਨੂੰ ਤਿੰਨ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਧਰਮਸੋਤ ਖ਼ਿਲਾਫ਼ ਜੰਗਲਾਤ ਵਿਭਾਗ ਵਿੱਚ ਕਾਂਗਰਸ ਵਜ਼ਾਰਤ ਸਮੇਂ ਹੋਏ ਵੱਖੋ-ਵੱਖ ਘੁਟਾਲਿਆਂ ਨੂੰ ਸਬੰਧੀ ਪਹਿਲਾਂ ਹੀ ਭ੍ਰਿਸ਼ਟਾਚਾਰ ਦਾ ਕੇਸ ਚੱਲ ਰਿਹਾ ਹੈ। ਇਸ ਮਾਮਲੇ ਵਿੱਚ ਉਨ੍ਹਾਂ ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ ਅਤੇ ਹੁਣ ਕਾਫ਼ੀ ਦਿਨਾਂ ਤੋਂ ਜ਼ਮਾਨਤ ’ਤੇ ਸਨ। ਸਾਬਕਾ ਮੰਤਰੀ ’ਤੇ ਪੈਸੇ ਲੈ ਕੇ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਦੀਆਂ ਨਿਯੁਕਤੀਆਂ ਅਤੇ ਬਦਲੀਆਂ ਕਰਨ ਦਾ ਵੀ ਦੋਸ਼ ਹੈ।
ਵਿਜੀਲੈਂਸ ਦੀ ਟੀਮ ਨੇ ਅੱਜ ਅਦਾਲਤ ਵਿੱਚ ਇੱਕ ਅਰਜ਼ੀ ਦਾਇਰ ਕਰਕੇ ਮੁਲਜ਼ਮ ਦੇ ਸੱਤ ਦਿਨ ਦੇ ਪੁਲੀਸ ਰਿਮਾਂਡ ਦੀ ਮੰਗ ਕਰਦਿਆਂ ਕਿਹਾ ਕਿ ਧਰਮਸੋਤ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਬਾਰੇ ਵੱਖ-ਵੱਖ ਪਹਿਲੂਆਂ ਜਾਂਚ ਚੱਲ ਰਹੀ ਸੀ। ਜਾਂਚ ਏਜੰਸੀ ਨੇ ਮੁੱਢਲੀ ਤਫ਼ਤੀਸ਼ ਤੋਂ ਬਾਅਦ ਸਾਬਕਾ ਮੰਤਰੀ ਖ਼ਿਲਾਫ਼ ਮੁਹਾਲੀ ਸਥਿਤ ਵਿਜੀਲੈਂਸ ਥਾਣੇ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) (ਬੀ), 13(2) ਤਹਿਤ ਨਵਾਂ ਪਰਚਾ ਦਰਜ ਕਰਕੇ ਉਸ ਨੂੰ ਬੀਤੇ ਕੱਲ੍ਹ ਗ੍ਰਿਫ਼ਤਾਰ ਕਰ ਲਿਆ ਗਿਆ। ਵਿਜੀਲੈਂਸ ਅਨੁਸਾਰ 1 ਮਾਰਚ 2016 ਤੋਂ ਲੈ ਕੇ 31 ਮਾਰਚ 2022 ਤੱਕ ਦੇ ਪੀਰੀਅਡ ਦੀ ਡੂੰਘਾਈ ਨਾਲ ਕੀਤੀ ਗਈ ਪੜਤਾਲ ਦੌਰਾਨ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਉਸ ਦੇ ਪਰਿਵਾਰ ਦੀ ਆਮਦਨ 2,37,12,596.48 ਰੁਪਏ ਸੀ ਜਦਕਿ ਖਰਚਾ 8,76,30,888.87 ਰੁਪਏ ਸੀ ਜੋ ਕਿ ਕੁੱਲ ਆਮਦਨ ਤੋਂ 6,39,18,292.39 ਰੁਪਏ ਵੱਧ ਸੀ। ਭਾਵ ਧਰਮਸੋਤ ਦੀ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਨਾਲੋਂ 269 ਪ੍ਰਤੀਸ਼ਤ ਵੱਧ ਹੈ। ਵਿਜੀਲੈਂਸ ਅਧਿਕਾਰੀਆਂ ਨੇ ਅਦਾਲਤ ਨੂੰ ਦੱਸਿਆ ਕਿ ਮੁਲਜ਼ਮ ਕੋਲੋਂ ਉਸ ਦੀ ਜਾਇਦਾਦਾਂ ਅਤੇ ਹੋਰ ਪੁੱਛਗਿੱਛ ਕੀਤੀ ਜਾਣੀ ਹੈ। ਉਨ੍ਹਾਂ ਕਿਹਾ ਕਿ ਸਾਬਕਾ ਮੰਤਰੀ ਦੀ ਹੋਰ ਜਾਇਦਾਦ ਦਾ ਪਤਾ ਲਗਾਉਣ ਲਈ ਮਾਮਲੇ ਦੀ ਜਾਂਚ ਜਾਰੀ ਹੈ।
ਉਧਰ, ਦੂਜੇ ਪਾਸੇ ਬਚਾਅ ਪੱਖ ਦੇ ਵਕੀਲਾਂ ਐਚਐਸ ਧਨੋਆ ਤੇ ਹੋਰਨਾਂ ਨੇ ਧਰਮਸੋਤ ਦੇ ਪੁਲੀਸ ਰਿਮਾਂਡ ਦਾ ਵਿਰੋਧ ਕਰਦੇ ਹੋਏ ਅਦਾਲਤ ਨੂੰ ਦੱਸਿਆ ਕਿ ਪਿਛਲੇ 9 ਮਹੀਨਿਆਂ ਵਿੱਚ ਹੁਣ ਤੱਕ ਵਿਜੀਲੈਂਸ ਚਾਰ ਵਾਰ ਪੁੱਛਗਿੱਛ ਕਰ ਚੁੱਕੀ ਹੈ ਅਤੇ ਸਾਬਕਾ ਮੰਤਰੀ ਵੱਲੋਂ ਆਪਣੀ ਆਮਦਨ ਅਤੇ ਜਾਇਦਾਦ ਦੇ ਵੇਰਵੇ ਦੱਸੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਧਰਮਸੋਤ ਕੋਲ ਸਿਰਫ਼ ਐਮਐਲਏ ਸੁਸਾਇਟੀ ਵਿੱਚ ਇੱਕ ਫਲੈਟ ਹੈ। ਇਸ ਤੋਂ ਬਿਨਾਂ ਉਸ ਦੇ ਨਾਂ ’ਤੇ ਕੋਈ ਜਾਇਦਾਦ ਨਹੀਂ ਹੈ। ਉਨ੍ਹਾਂ ਵਿਜੀਲੈਂਸ ਦੀ ਕਾਰਵਾਈ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਧਰਮਸੋਤ ਨੂੰ ਤਿੰਨ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ।
ਪੰਜਾਬ ਦੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਉਸ ਨੂੰ ਬਦਨਾਮ ਕਰਨ ਲਈ ਜਾਣਬੁੱਝ ਕੇ ਝੂਠੇ ਕੇਸ ਵਿੱਚ ਫਸਾਇਆ ਜਾ ਰਿਹਾ ਹੈ। ਉਂਜ ਉਨ੍ਹਾਂ ਮੀਡੀਆ ਨਾਲ ਜ਼ਿਆਦਾ ਗੱਲਬਾਤ ਕਰਨ ਤੋਂ ਸੰਕੋਚ ਕਰਦਿਆਂ ਸਿਰਫ਼ ਐਨਾ ਹੀ ਕਿਹਾ ਕਿ ਉਸ ਨੇ ਅਦਾਲਤ ਨੂੰ ਸਾਰਾ ਕੁੱਝ ਦੱਸ ਦਿੱਤਾ ਹੈ ਅਤੇ ਉਸ ਨੂੰ ਨਿਆਂਪਾਲਿਕਾ ’ਤੇ ਪੂਰਾ ਭਰੋਸਾ ਹੈ। ਅਦਾਲਤ ਦਾ ਜੋ ਵੀ ਫ਼ੈਸਲਾ ਹੋਵੇਗਾ, ਉਸ ਨੂੰ ਖਿੜੇ ਮੱਥੇ ਪ੍ਰਵਾਨ ਕੀਤਾ ਜਾਵੇਗਾ।

Load More Related Articles

Check Also

ਸਰਕਾਰੀ ਕੰਨਿਆਂ ਸਕੂਲ ਸੋਹਾਣਾ ਦਾ ਨਤੀਜਾ ਸ਼ਾਨਦਾਰ, ਵਿਦਿਆਰਥੀਆਂ ਦਾ ਸਨਮਾਨ

ਸਰਕਾਰੀ ਕੰਨਿਆਂ ਸਕੂਲ ਸੋਹਾਣਾ ਦਾ ਨਤੀਜਾ ਸ਼ਾਨਦਾਰ, ਵਿਦਿਆਰਥੀਆਂ ਦਾ ਸਨਮਾਨ ਨਬਜ਼-ਏ-ਪੰਜਾਬ, ਮੁਹਾਲੀ, 16 ਮਈ:…