nabaz-e-punjab.com

ਕਤਲ ਦਾ ਮਾਮਲਾ: ਸੀਬੀਆਈ ਅਦਾਲਤ ਵੱਲੋਂ ਦੋਸ਼ੀ ਨੂੰ 28 ਅਗਸਤ ਨੂੰ ਸੁਣਾਈ ਜਾਵੇਗੀ ਸਜ਼ਾ

ਸੀਬੀਆਈ ਅਦਾਲਤ ਵੱਲੋਂ ਪਰਿਵਾਰ ਦੇ 4 ਜੀਆਂ ਦੇ ਕਤਲ ਮਾਮਲੇ ਵਿੱਚ ਖੁਸ਼ਵਿੰਦਰ ਸਿੰਘ ਦੋਸ਼ੀ ਕਰਾਰ

ਪੈਸਿਆਂ ਦੇ ਲਾਲਚ ਵਿੱਚ ਆ ਕੇ ਦੋ ਪਰਿਵਾਰਾਂ ਨੂੰ ਮੌਤ ਦੇ ਘਾਟ ਉਤਾਰਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਅਗਸਤ:
ਮੁਹਾਲੀ ਸੀਬੀਆਈ ਦੀ ਵਿਸ਼ੇਸ਼ ਅਦਾਲਤ ਵੱਲੋਂ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਇੱਕ ਪਰਿਵਾਰ ਦੇ 4 ਮੈਂਬਰਾਂ ਨੂੰ ਨਹਿਰ ਵਿੱਚ ਸੁੱਟ ਕੇ ਕਤਲ ਕਰਨ ਦੇ ਮਾਮਲੇ ਦਾ ਨਿਬੇੜਾ ਕਰਦਿਆਂ ਖੁਸ਼ਵਿੰਦਰ ਸਿੰਘ ਵਾਸੀ ਪਿੰਡ ਸੁਹਾਵੀ, ਜ਼ਿਲ੍ਹਾ ਫਤਹਿਗੜ੍ਹ ਸਾਹਿਬ ਨੂੰ ਦੋਸ਼ੀ ਕਰਾਰ ਦਿੱਤਾ ਹੈ। ਅਦਾਲਤ ਵੱਲੋਂ ਇਸ ਮਾਮਲੇ ਵਿੱਚ ਦੋਸ਼ੀ ਨੂੰ 28 ਅਗਸਤ ਨੂੰ ਸਜਾ ਸੁਣਾਈ ਜਾਵੇਗੀ। ਜਦੋਂਕਿ ਦੋਸ਼ੀ ਖੁਸ਼ਵਿੰਦਰ ਸਿੰਘ ਨੂੰ ਪਹਿਲਾਂ ਵੀ ਇੱਕ ਹੋਰ ਪਰਿਵਾਰ ਦੇ 6 ਜੀਆਂ ਦੇ ਕਤਲ ਮਾਮਲੇ ਵਿੱਚ ਫਾਂਸੀ ਦੀ ਸਜਾ ਹੋ ਚੁੱਕੀ ਹੈ ਅਤੇ ਦੋਸ਼ੀ ਦੀ ਅਪੀਲ ਵਿਚਾਰ ਅਧੀਨ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਦੋਸ਼ੀ ਖੁਸ਼ਵਿੰਦਰ ਸਿੰਘ ਨੇ 14 ਸਾਲ ਪਹਿਲਾਂ ਜੂਨ 2004 ਵਿੱਚ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਪਿੰਡ ਨਗਾਵਾਂ ਦੇ ਵਸਨੀਕ ਕੁਲਵੰਤ ਸਿੰਘ, ਉਸ ਦੀ ਪਤਨੀ ਹਰਜੀਤ ਕੌਰ, ਬੇਟੀ ਰਮਨਦੀਪ ਕੌਰ ਅਤੇ ਬੇਟਾ ਅਮਰਿੰਦਰ ਸਿੰਘ ਨੂੰ ਨਹਿਰ ਵਿੱਚ ਧੱਕਾ ਦੇ ਕੇ ਸੁੱਟ ਦਿੱਤਾ ਸੀ। ਜਿਸ ਕਾਰਨ ਪੂਰੇ ਟੱਬਰ ਦੀ ਮੌਤ ਹੋ ਗਈ ਸੀ। ਇਸ ਤੋਂ ਪਹਿਲਾਂ ਫਤਹਿਗੜ੍ਹ ਸਾਹਿਬ ਪੁਲੀਸ ਨੇ ਮਹਿਜ਼ ਗੁੰਮਸ਼ੁਦਗੀ ਦਾ ਕੇਸ ਦਰਜ ਕਰਕੇ ਖਾਨਾਪੂਰਤੀ ਕੀਤੀ ਗਈ ਸੀ। ਉਕਤ ਪਰਿਵਾਰ ਅਚਾਨਕ ਭੇਦਭਰੀ ਹਾਲਤ ਵਿੱਚ ਲਾਪਤਾ ਹੋ ਗਿਆ ਸੀ। ਹਾਲਾਂਕਿ ਪੁਲੀਸ ਨੂੰ ਕੁਲਵੰਤ ਦੀ ਗੱਡੀ ਸੁਹਾਲੀ ਕੋਲੋਂ ਮਿਲੀ ਸੀ ਪਰ ਬਾਅਦ ਇਸ ਮਾਮਲੇ ਵਿੱਚ ਪੁਲੀਸ ਨੂੰ ਕੋਈ ਸੁਰਾਗ ਨਹੀਂ ਮਿਲਿਆ ਅਤੇ ਕੇਸ ਠੰਢੇ ਬਸਤੇ ਵਿੱਚ ਪਾ ਦਿੱਤਾ।
ਇਸ ਮਗਰੋਂ ਮ੍ਰਿਤਕ ਕੁਲਵੰਤ ਸਿੰਘ ਦੇ ਭਰਾ ਕੁਲਤਾਰ ਸਿੰਘ ਨੇ ਇਨਸਾਫ਼ ਪ੍ਰਾਪਤੀ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਬੂਹਾ ਖੜਕਾਇਆ। ਹਾਈ ਕੋਰਟ ਨੇ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਜਾਂਚ ਸੀਬੀਆਈ ਨੂੰ ਸੌਂਪੀ ਗਈ ਸੀ। ਇਸ ਸਮੁੱਚੇ ਮਾਮਲੇ ਦੀ ਸੀਬੀਆਈ ਦੀ ਵਿਸ਼ੇਸ਼ ਟੀਮ ਹਾਲੇ ਜਾਂਚ ਕਰ ਹੀ ਰਹੀ ਸੀ ਕਿ ਇਸ ਦੌਰਾਨ ਫਤਹਿਗੜ੍ਹ ਸਾਹਿਬ ਦੀ ਪੁਲੀਸ ਨੇ ਖੁਸ਼ਵਿੰਦਰ ਸਿੰਘ ਨੂੰ ਲੁਧਿਆਣਾ ਦੇ ਇੱਕ ਪਰਿਵਾਰ ਗੁਰਸੇਵਕ ਸਿੰਘ, ਉਸ ਦੀ ਪਤਨੀ ਪਰਮਜੀਤ ਕੌਰ, ਬੇਟਾ ਗੁਰਿੰਦਰ ਸਿੰਘ, ਜਵਾਈ ਰੁਪਿੰਦਰ ਸਿੰਘ, ਦੋਹਤਾ ਜਸਕੀਰਤ ਸਿੰਘ ਅਤੇ ਦੋਹਤੀ ਪ੍ਰਭਸਿਮਰਨ ਕੌਰ ਨੂੰ ਨਹਿਰ ਵਿੱਚ ਸੁੱਟ ਕੇ ਉਨ੍ਹਾਂ ਦੀ ਬੇਰਹਿਮ ਹੱਤਿਆ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕਰ ਲਿਆ। ਇਸ ਵਾਰਦਾਤ ਦੌਰਾਨ ਗੁਰਸੇਵਕ ਸਿੰਘ ਦੀ ਬੇਟੀ ਜੈਸਮੀਨ ਕੌਰ ਵਾਲ ਵਾਲ ਬਚ ਗਈ ਸੀ ਅਤੇ ਉਹ ਪਾਣੀ ’ਚ ਤੈਰਦੀ ਹੋਈ ਨਹਿਰ ਦੇ ਕੰਢੇ ਤੱਕ ਪਹੁੰਚ ਗਈ ਅਤੇ ਬੇਲਦਾਰਾਂ ਨੇ ਉਸ ਨੂੰ ਬਚਾ ਲਿਆ ਸੀ। ਦੋਸ਼ੀ ਖੁਸ਼ਵਿੰਦਰ ਇਸ ਪਰਿਵਾਰ ਦਾ ਨੇੜਲਾ ਰਿਸ਼ਤੇਦਾਰ ਹੈ। ਪੁਲੀਸ ਨੇ ਪੀੜਤ ਲੜਕੀ ਦੇ ਬਿਆਨਾਂ ਨੂੰ ਆਧਾਰ ਬਣਾ ਕੇ ਖੁਸ਼ਵਿੰਦਰ ਸਿੰਘ ਦੇ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਪੁੱਛਗਿੱਛ ਦੌਰਾਨ ਦੋਸ਼ੀ ਨੇ ਕੁਲਵੰਤ ਸਿੰਘ ਅਤੇ ਉਸ ਦੇ ਪਰਿਵਾਰ ਦੇ ਜੀਆਂ ਦਾ ਕਤਲ ਕਰਨ ਦੀ ਗੱਲ ਵੀ ਕਬੂਲ ਕੀਤੀ ਸੀ। ਇਸ ਤੋਂ ਬਾਅਦ ਖੁਸ਼ਵਿੰਦਰ ਸਿੰਘ ਨੂੰ ਇਸ ਮਾਮਲੇ ਵਿੱਚ ਨਾਮਜ਼ਦ ਕੀਤਾ ਗਿਆ ਸੀ।
ਜਾਣਕਾਰੀ ਅਨੁਸਾਰ ਮ੍ਰਿਤਕ ਕੁਲਵੰਤ ਸਿੰਘ ਰਾਇਸ ਮਿੱਲ ਚਲਾਉਂਦਾ ਸੀ ਅਤੇ ਮੰਡੀ ਵਿੱਚ ਬਤੌਰ ਏਜੰਟ ਵੀ ਕੰਮ ਕਰਦਾ ਸੀ ਅਤੇ ਦੋਸ਼ੀ ਖੁਸ਼ਵਿੰਦਰ ਦਾ ਵੱਡਾ ਭਰਾ ਕੁਲਵਿੰਦਰ ਸਿੰਘ, ਕੁਲਵੰਤ ਸਿੰਘ ਕੋਲ ਨੌਕਰੀ ਕਰਦਾ ਸੀ। ਜਦੋਂਕਿ ਦੋਸ਼ੀ ਫਤਹਿਗੜ੍ਹ ਸਾਹਿਬ ਵਿੱਚ ਫੋਟੋ ਸਟੇਟ ਦਾ ਕੰਮ ਕਰਦਾ ਸੀ ਅਤੇ ਉਸ ਨੂੰ ਨਾਵਲ ਪੜ੍ਹਨ ਦਾ ਬਹੁਤ ਸ਼ੌਕ ਸੀ। ਪੈਸਿਆਂ ਦੇ ਲਾਲਚ ਵਿੱਚ ਉਸ ਨੇ ਉਕਤ ਦੋਵੇਂ ਪਰਿਵਾਰਾਂ ਨੂੰ ਭਰੋਸੇ ਵਿੱਚ ਲੈ ਕੇ ਪੈਸੇ ਹੜੱਪਣ ਦੀ ਨੀਅਤ ਨਾਲ ਉਨ੍ਹਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਪੁਲੀਸ ਅਨੁਸਾਰ ਦੋਸ਼ੀ ਨੇ ਦੋਵੇਂ ਪਰਿਵਾਰਾਂ ਨੂੰ ਕਿਸੇ ਬਾਬੇ ਕੋਲ ਲਿਜਾਉਣ ਦਾ ਝਾਂਸਾ ਦੇ ਕੇ ਆਪਣੇ ਕੋਲ ਬੁਲਾ ਲਿਆ ਅਤੇ ਧੋਖੇ ਨਾਲ ਨਸ਼ੀਲਾ ਪ੍ਰਸ਼ਾਦ ਖੁਆ ਕੇ ਨੀਮ ਬੇਹੋਸ਼ੀ ਦੀ ਹਾਲਤ ਵਿੱਚ ਨਹਿਰ ਵਿੱਚ ਸੁੱਟ ਦਿੱਤਾ ਸੀ।

Load More Related Articles
Load More By Nabaz-e-Punjab
Load More In Court

Check Also

ਹਾਈ ਕੋਰਟ ਵੱਲੋਂ ਭਾਜਪਾ ਦੇ ਮੇਅਰ ਜੀਤੀ ਸਿੱਧੂ ਨੂੰ ਵੱਡੀ ਰਾਹਤ, ਕੌਂਸਲਰ ਵਜੋਂ ਮੈਂਬਰਸ਼ਿਪ ਬਹਾਲ

ਹਾਈ ਕੋਰਟ ਵੱਲੋਂ ਭਾਜਪਾ ਦੇ ਮੇਅਰ ਜੀਤੀ ਸਿੱਧੂ ਨੂੰ ਵੱਡੀ ਰਾਹਤ, ਕੌਂਸਲਰ ਵਜੋਂ ਮੈਂਬਰਸ਼ਿਪ ਬਹਾਲ ਨਬਜ਼-ਏ-ਪੰਜ…