
ਸਿੱਖਿਆ ਬੋਰਡ ਕੰਪਲੈਕਸ ਵਿੱਚ ਚੇਅਰਮੈਨ ਨੇ ਲਹਿਰਾਇਆ ਤਿਰੰਗਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਅਗਸਤ:
ਕਰੋਨਾ ਮਹਾਮਾਰੀ ਦੇ ਮੱਦੇਨਜ਼ਰ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਿਹੜੇ ਵਿੱਚ 75ਵੇਂ ਸੁਤੰਤਰਤਾ ਦਿਵਸ ਬਹੁਤ ਹੀ ਸਾਦੇ ਢੰਗ ਨਾਲ ਮਨਾਇਆ ਗਿਆ। ਇਸ ਮੌਕੇ ਚੇਅਰਮੈਨ ਪ੍ਰੋ. ਯੋਗਰਾਜ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਦੇਸ਼ ਦੀ ਆਜ਼ਾਦੀ ਦੀ ਲੜਾਈ ਵਿੱਚ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ ਤੇ ਦੇਸ਼-ਭਗਤਾਂ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਸਕੂਲ ਬੋਰਡ ਦੇ ਕੰਮਾਂ ਵਿੱਚ ਹੋਰ ਸੁਧਾਰ ਲਿਆਂਦਾ ਜਾਵੇਗਾ ਅਤੇ ਭਵਿੱਖ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਵਿੱਤੀ ਮੁਸ਼ਕਲ ਨਾ ਆਉਣ ਦੇਣ ਦਾ ਭਰੋਸਾ ਅਤੇ ਬੋਰਡ ਮੁਲਾਜ਼ਮਾਂ ਨੂੰ ਸੇਵਾ ਭਾਵਨਾ ਨਾਲ ਕੰਮ ਕਰਨ ਲਈ ਪ੍ਰੇਰਿਆ।
ਇਸ ਮੌਕੇ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਵਰਿੰਦਰ ਭਾਟੀਆ, ਡੀਜੀਐਸਈ-ਕਮ-ਸਕੱਤਰ ਸ੍ਰੀਮਤੀ ਈਸ਼ਾ ਕਾਲੀਆ, ਸੰਯੁਕਤ ਸਕੱਤਰ ਜੇਆਰ ਮਹਿਰੋਕ, ਉਪ ਸਕੱਤਰ ਗੁਰਤੇਜ ਸਿੰਘ ਅਤੇ ਹੋਰ ਅਧਿਕਾਰੀ/ਕਰਮਚਾਰੀ ਵੀ ਹਾਜ਼ਰ ਸਨ। ਸਰਕਾਰ ਵੱਲੋਂ ਕੋਵਿਡ-19 ਸਬੰਧੀ ਜਾਰੀ ਹਦਾਇਤਾਂ ਦਾ ਪਾਲਣ ਕਰਦਿਆਂ ਸਮਾਗਮ ਬਿਲਕੁਲ ਸਾਦੇ ਢੰਗ ਨਾਲ ਆਯੋਜਿਤ ਕੀਤਾ ਗਿਆ। ਅਖੀਰ ਵਿੱਚ ਵਾਇਸ ਚੇਅਰਮੈਨ ਵਰਿੰਦਰ ਭਾਟੀਆ ਨੇ ਜਿੱਥੇ ਆਜ਼ਾਦੀ ਸੰਗਰਾਮ ਵਿੱਚ ਕੁਰਬਾਨੀਆਂ ਦੇਣ ਵਾਲੇ ਦੇਸ਼ ਭਗਤਾਂ ਅਤੇ ਸ਼ਹੀਦਾਂ ਨੂੰ ਨਮਨ ਕੀਤਾ, ਉੱਥੇ ਇਸ ਸਮਾਗਮ ਵਿੱਚ ਪਹੁੰਚੇ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਧੰਨਵਾਦ ਕੀਤਾ।
ਉਧਰ, ਡਾ. ਅੰਬੇਦਕਰ ਵੈੱਲਫੇਅਰ ਮਿਸ਼ਨ ਪੰਜਾਬ ਵੱਲੋਂ ਸੈਕਟਰ-69 ਵਿਖੇ ਸੁਤੰਤਰਤਾ ਦਿਵਸ ਮਨਾਇਆ ਗਿਆ ਅਤੇ ਆਈਆਰਐਸ (ਸੇਵਾਮੁਕਤ) ਡਾ. ਜਗਤਾਰ ਸਿੰਘ ਨੇ ਰਾਸ਼ਟਰੀ ਝੰਡਾ ਲਹਿਰਾਇਆ। ਇਸ ਮੌਕੇ ਮਿਸ਼ਨ ਦੇ ਪ੍ਰਧਾਨ ਕੁਲਵੰਤ ਸਿੰਘ, ਸੀਨੀਅਰ ਮੀਤ ਪ੍ਰਧਾਨ ਪਿਆਰੇ ਲਾਲ, ਮੀਤ ਪ੍ਰਧਾਨ ਬਲਦੇਵ ਸਿੰਘ, ਜਨਰਲ ਸਕੱਤਰ ਸਿਕੰਦਰ ਸਿੰਘ ਵੀ ਹਾਜ਼ਰ ਸਨ।