ਮਿਲਕਫੈੱਡ ਦੇ ਚੇਅਰਮੈਨ ਨੇ ਹੜ੍ਹ ਪੀੜਤਾਂ ਲਈ ਖ਼ੁਰਾਕ ਰਾਹਤ ਸਮੱਗਰੀ ਦਾ ਟਰੱਕ ਭੇਜਿਆ
ਵੱਖ-ਵੱਖ ਪ੍ਰਕਾਰ ਦੀਆਂ 41 ਹਜ਼ਾਰ 800 ਖ਼ੁਰਾਕ ਰਾਹਤ ਕਿੱਟਾਂ ਤਿਆਰ ਕੀਤੀਆਂ
ਨਬਜ਼-ਏ-ਪੰਜਾਬ, ਮੁਹਾਲੀ, 12 ਜੁਲਾਈ:
ਪੰਜਾਬ ਵਿੱਚ ਹੜ੍ਹਾਂ ਨਾਲ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮੁਹਾਲੀ ਵੇਰਕਾ ਮਿਲਕ ਪਲਾਂਟ ਸਮੇਤ ਹੋਰ ਵੱਖ-ਵੱਖ ਮਿਲਕ ਪਲਾਂਟਾਂ ਦੇ ਸਹਿਯੋਗ ਹੜ੍ਹ ਨਾਲ ਪ੍ਰਭਾਵਿਤ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਮਿਲਕਫੈੱਡ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਨੇ ਦਿੱਤੀ। ਇਸ ਤੋਂ ਪਹਿਲਾਂ ਉਨ੍ਹਾਂ ਵੇਰਕਾ ਮਿਲਕ ਪਲਾਂਟ ਮੁਹਾਲੀ ਤੋਂ ਹੜ੍ਹ ਪੀੜਤਾਂ ਲਈ ਖੁਰਾਕ ਰਾਹਤ ਸਮੱਗਰੀ ਦਾ ਟਰੱਕ ਰਵਾਨਾ ਕੀਤਾ। ਉਨ੍ਹਾਂ ਦੱਸਿਆ ਕਿ ਮਿਲਕ ਪਲਾਂਟਾਂ ਵੱਲੋਂ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਦੇ ਲਈ ਵੱਖ-ਵੱਖ ਪ੍ਰਕਾਰ ਦੀਆਂ 41 ਹਜ਼ਾਰ 800 ਖ਼ੁਰਾਕ ਕਿੱਟਾਂ ਤਿਆਰ ਕੀਤੀਆਂ ਗਈਆਂ ਹਨ। 7000 ਕਿੱਟਾਂ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਵੰਡ ਦਿੱਤੀਆਂ ਗਈਆਂ ਹਨ।
ਸ੍ਰੀ ਸ਼ੇਰਗਿੱਲ ਨੇ ਕਿਹਾ ਕਿ ਮੌਜੂਦਾ ਹਾਲਾਤ ਦੌਰਾਨ ਲੋਕਾਂ ਦੀ ਜਾਨ ਮਾਲ ਦੀ ਰੱਖਿਆ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਕਾਰਵਾਈ ਹੇਠ ਮਿਲਕਫੈੱਡ ਅਤੇ ਮਾਰਕਫੈੱਡ ਵੱਲੋਂ ਉਨ੍ਹਾਂ ਲੋੜਵੰਦ ਲੋਕਾਂ ਦੀ ਹਰ ਸੰਭਵ ਮਦਦ ਲਈ ਪੰਜਾਬ ਵਿੱਚ ਪਟਿਆਲਾ, ਲੁਧਿਆਣਾ, ਜਲੰਧਰ ਅਤੇ ਮੁਹਾਲੀ ਵਿੱਚ ਖਾਣ-ਪੀਣ ਦੀ ਰਾਹਤ ਸਮੱਗਰੀ ਤਿਆਰ ਕਰਨ ਅਤੇ ਸਪਲਾਈ ਕਰਨ ਲਈ ਸੈਂਟਰ ਸਥਾਪਿਤ ਕੀਤੇ ਗਏ ਹਨ। ਹੁਣ ਤੱਕ ਮਿਲਕਫੈੱਡ ਨੂੰ ਸਰਕਾਰ ਤੋਂ 50 ਹਜ਼ਾਰ ਪੈਕਟ ਭੋਜਨ ਪੈਕੇਟਾਂ ਦੀ ਮੰਗ ਪ੍ਰਾਪਤ ਹੋਈ ਹੈ। ਇਸ ਸਬੰਧੀ ਪੰਜਾਬ ਭਰ ਵਿਖੇ ਭੋਜਨ ਰਾਹਤ ਸਮੱਗਰੀ ਦੀ ਸਪਲਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਅੌਖੀ ਘੜੀ ਵਿੱਚ ਘਬਰਾਹਟ ਵਿੱਚ ਆਉਣ ਤੋਂ ਬਚਣਾ ਚਾਹੀਦਾ ਹੈ ਅਤੇ ਅਫ਼ਵਾਹਾਂ ਤੋਂ ਸੁਚੇਤ ਹੋਣ ਦੀ ਜ਼ਰੂਰਤ ਹੈ। ਇਸ ਅੌਖੇ ਵਕਤ ਵਿੱਚ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮਦਦ ਲਈ ਸਰਕਾਰ ਵਚਨਬੱਧ ਹੈ ਅਤੇ ਮਿਲਕਫੈੱਡ ਪੰਜਾਬ ਵੱਲੋਂ ਫੂਡ ਸਪਲਾਈ ਅਤੇ ਮਾਰਕਫੈੱਡ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਸਾਂਝੀਆਂ ਟੀਮਾਂ ਬਣਾ ਕੇ ਭੋਜਨ ਦੇ ਕੰਮ ਨੂੰ ਸੁਚਾਰੂ ਰੂਪ ਨਾਲ ਚਲਾਇਆ ਜਾ ਰਿਹਾ ਹੈ।
ਇਸ ਮੌਕੇ ਮਿਲਕਫੈੱਡ ਦੇ ਐਮਡੀ ਅਮਿਤ ਢਾਕਾ, ਪ੍ਰਦੀਪ ਮਲਹੋਤਰਾ, ਆਪ ਆਗੂ ਬੱਬੀ ਬਾਦਲ, ਜੀਐਮ ਰਾਜ ਕੁਮਾਰ, ਸੰਜੀਵ ਕੁਮਾਰ, ਦਿਲਬਾਗ ਸਿੰਘ ਸੈਣੀ, ਹਰੀਸ਼ ਕੌਸ਼ਲ, ਹਰਨੇਕ ਸਿੰਘ ਅਭੀਪੁਰ, ਮੇਜਰ ਸਿੰਘ, ਦਰਸ਼ਨ ਸਿੰਘ, ਨਰਿੰਦਰ ਸਿੰਘ ਝਾਮਪੁਰ, ਅਵਤਾਰ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ ਚੀਨਾ, ਡਾਇਰੈਕਟਰ ਮਿਲਕ ਪਲਾਂਟ ਬੰਤ ਸਿੰਘ, ਪਰਮਜੀਤ ਕੌਰ, ਗੁਰਿੰਦਰ ਸਿੰਘ, ਬਲਜਿੰਦਰ ਸਿੰਘ, ਮਨਿੰਦਰਪਾਲ ਸਿੰਘ, ਜਸਵਿੰਦਰ ਸਿੰਘ, ਗੁਰਮੀਤ ਸਿੰਘ, ਰਣਜੀਤ ਸਿੰਘ, ਮਨਜਿੰਦਰ ਸਿੰਘ, ਹਰਮਿੰਦਰਪਾਲ ਸਿੰਘ, ਹਰਕੇਤ ਸਿੰਘ, ਸੁਰਜੀਤ ਸਿੰਘ, ਅਮਰਜੀਤ ਸਿੰਘ, ਡੀਜੀਐਮ ਮਨੋਜ ਕੁਮਾਰ ਸ੍ਰੀਵਾਸਤਵਾ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …