Share on Facebook Share on Twitter Share on Google+ Share on Pinterest Share on Linkedin ਮੁੱਖ ਮੰਤਰੀ ਵੱਲੋਂ ਵੈਂਕੱਈਆ ਨਾਇਡੂ ਨੂੰ ਕੇਂਦਰੀ ਸਹਾਇਤਾ ਪ੍ਰਾਜੈਕਟ ਲੀਹ ’ਤੇ ਲਿਆਉਣ ਲਈ ਪੂਰੇ ਯਤਨ ਕਰਨ ਦਾ ਭਰੋਸਾ ਨਬਜ਼-ਏ-ਪੰਜਾਬ ਬਿਊਰੋ, ਨਵੀਂ ਦਿੱਲੀ, 17 ਮਈ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰ ਸਰਕਾਰ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਸਰਕਾਰ ਰੀਅਲ ਅਸਟੇਟ ਰੈਗੂਲੇਟਰੀ ਅਥਾਰਟੀ (ਰੇਰਾ) ਨੂੰ ਸੂਬੇ ਵਿੱਚ ਇਨ-ਬਿਨ ਲਾਗੂ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪਿਛਲੀ ਸਰਕਾਰ ਦੌਰਾਨ ਕੇਂਦਰ ਸਰਕਾਰ ਦੇ ਫੰਡਾਂ ਨਾਲ ਗਰੀਬੀ ਹਟਾਉਣ ਅਤੇ ਮਕਾਨ ਉਸਾਰੀ ਦੇ ਸ਼ੁਰੂ ਹੋਏ ਪ੍ਰਾਜੈਕਟਾਂ ਨੂੰ ਮੁੜ ਪਟੜੀ ’ਤੇ ਲਿਆ ਕੇ ਇਨ੍ਹਾਂ ਦਾ ਕੰਮ ਛੇਤੀ ਤੋਂ ਛੇਤੀ ਸ਼ੁਰੂ ਕਰਨ ਨੂੰ ਯਕੀਨੀ ਬਣਾਇਆ ਜਾਵੇਗਾ। ਕੈਪਟਨ ਅਮਰਿੰਦਰ ਸਿੰਘ ਵੱਲੋਂ ਮਕਾਨ ਉਸਾਰੀ ਤੇ ਸ਼ਹਿਰੀ ਗਰੀਬੀ ਹਟਾਉਣ ਬਾਰੇ ਕੇਂਦਰੀ ਮੰਤਰੀ ਸ੍ਰੀ ਵੈਂਕੱਈਆ ਨਾਇਡੂ ਨਾਲ ਬੁੱਧਵਾਰ ਨੂੰ ਹੋਈ ਮੀਟਿੰਗ ਦੌਰਾਨ ਇਹ ਮਾਮਲਾ ਸਾਹਮਣੇ ਆਇਆ। ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਮੰਤਰੀ ਨੂੰ ਉਨ੍ਹਾਂ ਦੀ ਸਰਕਾਰ ਵੱਲੋਂ ਦੋ ਮਹੀਨੇ ਪਹਿਲਾਂ ਸੱਤਾ ਵਿੱਚ ਆਉਣ ਤੋਂ ਲੈ ਕੇ ਹੁਣ ਤੱਕ ਦੀ ਪ੍ਰਗਤੀ ਬਾਰੇ ਦੱਸਦਿਆਂ ਕੇਂਦਰ ਸਰਕਾਰ ਵੱਲੋਂ ਵੱਖ-ਵੱਖ ਕੇਂਦਰੀ ਸਕੀਮਾਂ ਅਤੇ ਪ੍ਰਾਜੈਕਟਾਂ ਨੂੰ ਅਮਲ ਵਿੱਚ ਲਿਆਉਣ ਲਈ ਬੀਤੇ ਸਮੇਂ ਜਾਰੀ ਕੀਤੇ ਫੰਡਾਂ ਦਾ ਯੋਗ ਲਾਭਪਾਤਰੀਆਂ ਤੱਕ ਨਾ ਪਹੁੰਚਣ ਬਾਰੇ ਦੀ ਸਥਿਤੀ ਤੋਂ ਵੀ ਜਾਣੰੂ ਕਰਵਾਇਆ। ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਰੇਰਾ ਨੂੰ ਅਮਲ ਵਿੱਚ ਲਿਆਉਣ ਲਈ ਪ੍ਰਕ੍ਰਿਆ ਪਹਿਲਾਂ ਹੀ ਸ਼ੁਰੂ ਕੀਤੀ ਜਾ ਚੁੱਕੀ ਹੈ ਅਤੇ ਇਸ ਦੇ ਰਾਹ ਵਿੱਚ ਕੋਈ ਅੜਿੱਕਾ ਪੈਦਾ ਨਹੀਂ ਹੋਣ ਦਿੱਤਾ ਜਾਵੇਗਾ। ਰੇਰਾ ਨੂੰ ਮਜ਼ਬੂਤ ਕਰਨ ਲਈ ਹੋਰਨਾਂ ਸੂਬਿਆਂ ਪਾਸੋਂ ਕੁਝ ਨਿਯਮ ਅਪਣਾਉਣ ਬਾਰੇ ਮੁੱਖ ਮੰਤਰੀ ਦੇ ਸੁਝਾਅ ’ਤੇ ਸ੍ਰੀ ਨਾਇਡੂ ਨੇ ਆਖਿਆ ਕਿ ਕੇਂਦਰ ਸਰਕਾਰ ਨੂੰ ਇਸ ਉਪਰ ਕੋਈ ਇਤਰਾਜ਼ ਨਹੀਂ ਹੈ ਬਸ਼ਰਤੇ ਕਿ ਇਸ ਕਾਨੂੰਨ ਦੀ ਭਾਵਨਾ ਨਾਲ ਖਿਲਵਾੜ ਨਾ ਹੋਵੇ। ਸ੍ਰੀ ਨਾਇਡੂ ਵੱਲੋਂ ਜੁਲਾਈ ਮਹੀਨੇ ਵਿੱਚ ਪੰਜਾਬ ਆ ਕੇ ਕੇਂਦਰੀ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਦੀ ਯੋਜਨਾ ਬਣਾਈ ਜਾ ਰਹੀ ਹੈ। ਕੇਂਦਰੀ ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਜਾਰੀ ਕੀਤੇ ਫੰਡਾਂ ਨੂੰ ਯੋਗ ਲਾਭਪਾਤਰੀਆਂ ਤੱਕ ਪਹੁੰਚਾਇਆ ਨਹੀਂ ਗਿਆ। ਮੁੱਖ ਮੰਤਰੀ ਨੇ ਸ੍ਰੀ ਨਾਇਡੂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਸਰਕਾਰ ਸਮੁੱਚੀ ਪ੍ਰਕ੍ਰਿਆ ਨੂੰ ਮੁੜ ਲੀਹ ’ਤੇ ਲਿਆਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਕੇਂਦਰੀ ਮੰਤਰੀ ਨੇ ਸੂਬੇ ਦੇ ਲੋਕਾਂ ਦੇ ਹਿੱਤ ਵਿੱਚ ਵੱਖ-ਵੱਖ ਪ੍ਰਾਜੈਕਟਾਂ ਨੂੰ ਛੇਤੀ ਅਮਲ ਵਿੱਚ ਲਿਆਉਣ ਨੂੰ ਯਕੀਨੀ ਬਣਾਉਣ ਲਈ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਧਿਆਨ ਵਿੱਚ ਇਹ ਪੱਖ ਸਾਹਮਣੇ ਆਇਆ ਹੈ ਕਿ ਪਿਛਲੀ ਸਰਕਾਰ ਸਮੇਂ ਜਾਰੀ ਹੋਏ ਕੇਂਦਰੀ ਫੰਡ ਸਬੰਧਤ ਲਾਭਪਾਤਰੀਆਂ ਤੱਕ ਨਾ ਪਹੁੰਚਾਏ ਜਾਣ ਕਰਕੇ ਅਣਵਰਤੇ ਹੀ ਰਹਿ ਗਏ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਲਾਭਪਾਤਰੀਆਂ ਖਾਸ ਕਰਕੇ ਕੇਂਦਰ ਸਰਕਾਰ ਦੀ ਵਾਜਬ ਕੀਮਤਾਂ ’ਤੇ ਮਕਾਨ ਮੁਹੱਈਆ ਕਰਵਾਉਣ ਵਾਲੀ ਸਕੀਮ ਤਹਿਤ ਲਾਭਪਾਤਰੀਆਂ ਦੀ ਤਸਦੀਕ ਕਰਨ ਦੀ ਪ੍ਰਕ੍ਰਿਆ ਆਰੰਭੀ ਜਾ ਚੁੱਕੀ ਹੈ। ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਆਵਾਸ ਯੋਜਨਾ ਅਤੇ ‘ਸਾਰਿਆਂ ਲਈ ਘਰ’ ਮਿਸ਼ਨ ਸਮੇਤ ਪ੍ਰਮੁੱਖ ਪ੍ਰਾਜੈਕਟਾਂ ਅਤੇ ਨੀਤੀਆਂ ’ਤੇ ਵੀ ਕੰਮ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮਕਾਨ ਉਸਾਰੀ ਤੇ ਰੀਅਲ ਅਸਟੇਟ ਸੈਕਟਰ ਵਿੱਚ ਲੋੜੀਂਦੇ ਸੁਧਾਰਾਂ ਦੀ ਸ਼ੁਰੂਆਤ ਲਈ ਕਾਰਜ ਯੋਜਨਾ ਤਿਆਰ ਕੀਤੀ ਗਈ ਹੈ ਅਤੇ ਉਹ ਕੇਂਦਰ ਸਰਕਾਰ ਦੀ ਸਹਾਇਤਾ ਨਾਲ ਇਸ ਦੇ ਲਾਗੂ ਹੋਣ ਲਈ ਆਸਵੰਦ ਹਨ। ਮੀਟਿੰਗ ਵਿੱਚ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਵਧੀਕ ਮੁੱਖ ਸਕੱਤਰ ਸਥਾਨਕ ਸਰਕਾਰਾਂ ਸਤੀਸ਼ ਚੰਦਰਾ, ਵਧੀਕ ਮੁੱਖ ਸਕੱਤਰ ਸ਼ਹਿਰੀ ਤੇ ਮਕਾਨ ਉਸਾਰੀ ਵਿਨੀ ਮਹਾਜਨ, ਸਕੱਤਰ ਸਥਾਨਕ ਸਰਕਾਰ ਜੀ. ਬਾਲਾਮੁਰਗਮ ਅਤੇ ਰੈਜੀਡੈਂਟ ਕਮਿਸ਼ਨਰ ਪੰਜਾਬ ਭਵਨ ਨਵੀਂ ਦਿੱਲੀ ਰਾਹੁਲ ਭੰਡਾਰੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ