ਵੱਡੇ ਉਦਯੋਗਪਤੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਮਨਾਉਣ ਵਾਸਤੇ ਮੁੱਖ ਮੰਤਰੀ ਵੱਲੋਂ ਚੇਨਈ ਅਤੇ ਹੈਦਰਾਬਾਦ ਦਾ ਦੌਰਾ ਸ਼ੁਰੂ

ਉਦਯੋਗਿਕ ਵਿਕਾਸ ਨੂੰ ਹੋਰ ਤੇਜ਼ ਕਰਨ ਵਿੱਚ ਸਹਾਈ ਹੋਵੇਗਾ ਦੌਰਾ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 18 ਦਸੰਬਰ:
ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੇਨਈ ਅਤੇ ਹੈਦਰਾਬਾਦ ਦਾ ਦੌਰਾ ਸ਼ੁਰੂ ਕੀਤਾ ਤਾਂ ਜੋ ਸੂਬੇ ਵਿੱਚ ਨਿਵੇਸ਼ ਲਈ ਵੱਡੇ ਸਨਅਤਕਾਰਾਂ ਨੂੰ ਤਿਆਰ ਕੀਤਾ ਜਾ ਸਕੇ। ਮੁੱਖ ਮੰਤਰੀ ਅੱਜ ਸ਼ਾਮੀਂ ਚੇਨਈ ਪਹੁੰਚੇ, ਜਿੱਥੇ ਉਹ 19 ਦਸੰਬਰ (ਸੋਮਵਾਰ) ਨੂੰ ਪ੍ਰਮੁੱਖ ਖੇਤਰਾਂ ਵਿੱਚ ਨਿਵੇਸ਼ ਅਤੇ ਰਣਨੀਤਕ ਗਠਜੋੜ ਲਈ ਵਪਾਰਕ ਵਫ਼ਦਾਂ ਅਤੇ ਪ੍ਰਮੁੱਖ ਕੰਪਨੀਆਂ ਨਾਲ ਮੁਲਾਕਾਤ ਕਰਨਗੇ। ਇਸੇ ਤਰ੍ਹਾਂ ਉਹ 20 ਦਸੰਬਰ (ਮੰਗਲਵਾਰ) ਨੂੰ ਹੈਦਰਾਬਾਦ ਵਿਖੇ ਉਦਯੋਗਪਤੀਆਂ ਨਾਲ ਗੱਲਬਾਤ ਕਰਨਗੇ। ਮੁੱਖ ਮੰਤਰੀ ਦੀ ਇਸ ਦੋ ਰੋਜ਼ਾ ਅਹਿਮ ਫੇਰੀ ਨਾਲ ਸੂਬੇ ਨੂੰ ਵੱਡੇ ਨਿਵੇਸ਼, ਤਕਨੀਕੀ ਜਾਣਕਾਰੀ ਅਤੇ ਵੱਡੀਆਂ ਕੰਪਨੀਆਂ ਤੋਂ ਮੁਹਾਰਤ ਹਾਸਲ ਕਰਨ ਸਬੰਧੀ ਵੱਡਾ ਲਾਭ ਹੋਣ ਦੀ ਸੰਭਾਵਨਾ ਹੈ। ਮੁੱਖ ਮੰਤਰੀ ਸੂਬਾ ਸਰਕਾਰ ਵੱਲੋਂ 23-24 ਫਰਵਰੀ ਨੂੰ ਐਸ.ਏ.ਐਸ., ਨਗਰ, ਮੁਹਾਲੀ ਵਿਖੇ ਕਰਵਾਏ ਜਾ ਰਹੇ ਨਿਵੇਸ਼ ਸੰਮੇਲਨ ਲਈ ਸਨਅਤਕਾਰਾਂ ਨੂੰ ਸੱਦਾ ਦੇਣਗੇ। ਇਸ ਦੌਰਾਨ ਭਗਵੰਤ ਮਾਨ ਨੇ ਸੂਬੇ ਨੂੰ ਉਦਯੋਗਿਕ ਹੱਬ ਵਜੋਂ ਉਭਰਨ ਲਈ ਆਪਣੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਸੂਬਾ ਸਰਕਾਰ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਸੂਬੇ ਨੂੰ ਉਦਯੋਗਿਕ ਵਿਕਾਸ ਦੇ ਉੱਚੇ ਪੱਧਰ ‘ਤੇ ਪਹੁੰਚਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।

ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਦੇਸ਼ ਦੀਆਂ ਵੱਡੀਆਂ ਉਦਯੋਗਿਕ ਥਾਂਵਾਂ ਦਾ ਦੌਰਾ ਇਕ ਪਾਸੇ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੋਰ ਤੇਜ਼ ਕਰੇਗਾ, ਉੱਥੇ ਦੂਜੇ ਪਾਸੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ। ਭਗਵੰਤ ਮਾਨ ਨੇ ਕਿਹਾ ਕਿ ਉਹ ਨਿੱਜੀ ਤੌਰ ‘ਤੇ ਪੰਜਾਬ ਨੂੰ ਉੱਦਮੀਆਂ ਲਈ ਮੌਕਿਆਂ ਅਤੇ ਵਿਕਾਸ ਦੀ ਧਰਤੀ ਵਜੋਂ ਦਰਸਾਉਣਗੇ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਦੌਰਾ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਮੀਲ ਪੱਥਰ ਸਾਬਤ ਹੋਵੇਗਾ।

Load More Related Articles

Check Also

ਬੰਬਾਂ ਬਾਰੇ ਬਿਆਨ ਦਾ ਮਾਮਲਾ: ਮੁਹਾਲੀ ਥਾਣੇ ਵਿੱਚ ਪੇਸ਼ ਨਹੀਂ ਹੋਏ ਪ੍ਰਤਾਪ ਸਿੰਘ ਬਾਜਵਾ

ਬੰਬਾਂ ਬਾਰੇ ਬਿਆਨ ਦਾ ਮਾਮਲਾ: ਮੁਹਾਲੀ ਥਾਣੇ ਵਿੱਚ ਪੇਸ਼ ਨਹੀਂ ਹੋਏ ਪ੍ਰਤਾਪ ਸਿੰਘ ਬਾਜਵਾ ਬਾਜਵਾ ਨੇ ਆਪਣੇ ਵਕ…