ਮੁੱਖ ਮੰਤਰੀ ਵੱਲੋਂ ਪੰਜਾਬ ਵਿੱਚ ਪਾਣੀ ਤੇ ਵਾਤਾਵਰਨ ਸੰਭਾਲ ਲਈ ਲੋਕ ਲਹਿਰ ਵਿੱਢਣ ਦਾ ਸੱਦਾ

ਮੁਹਾਲੀ ਵਿੱਚ ਵਿਸ਼ਵ ਵਾਤਾਵਰਨ ਦਿਵਸ ’ਤੇ ਕਰਵਾਏ ਸੂਬਾ ਪੱਧਰੀ ਸਮਾਗਮ ਦੀ ਕੀਤੀ ਪ੍ਰਧਾਨਗੀ

ਵਾਤਾਵਰਨ ਅਤੇ ਲੋਕ ਮਸਲਿਆਂ ਨੂੰ ਅੱਖੋਂ-ਪਰੋਖੇ ਕਰਨ ਲਈ ਪਿਛਲੀਆਂ ਸਰਕਾਰਾਂ ’ਤੇ ਨਿਸ਼ਾਨੇ ਸਾਧੇ

ਨਾਲਜ ਸਿਟੀ ਵਿੱਚ ਨਵੀਂ ਬਣੀ ਪੰਜਾਬ ਬਾਇਓਟੈਕਨਾਲਜੀ ਇਨਕਿਊਬੇਟਰ ਇਮਾਰਤ ਦਾ ਉਦਘਾਟਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਜੂਨ:
ਪੰਜਾਬ ਵਿੱਚ ਆਉਣ ਵਾਲੀਆਂ ਨਸਲਾਂ ਨੂੰ ਚਿਰ ਸਥਾਈ ਤੇ ਸਵੱਛ ਵਾਤਾਵਰਨ ਮੁਹੱਈਆ ਕਰਵਾਉਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਣੀ ਅਤੇ ਵਾਤਾਵਰਨ ਦੀ ਸੰਭਾਲ ਲਈ ਲੋਕ ਲਹਿਰ ਵਿੱਢਣ ਦਾ ਸੱਦਾ ਦਿੱਤਾ। ਉਹ ਅੱਜ ਇੱਥੇ ਵਿਸ਼ਵ ਵਾਤਾਵਰਨ ਦਿਵਸ ਮੌਕੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਸੈਕਟਰ-81 ਸਥਿਤ ਨਾਲਜ ਸਿਟੀ ਵਿੱਚ ਪੰਜਾਬ ਬਾਇਓਟੈਕਨਾਲੋਜੀ ਇਨਕਿਊਬੇਟਰ (ਪੀਬੀਟੀਆਈ) ਵਿਸ਼ਵ ਪੱਧਰੀ ਉਪਕਰਨਾਂ ਵਾਲੀ ਨਵੀਂ ਬਣੀ ਅਤਿ-ਆਧੁਨਿਕ ਇਮਾਰਤ ਲੋਕਾਂ ਨੂੰ ਸਮਰਪਿਤ ਕੀਤੀ ਅਤੇ ਆਪਣੇ ਹੱਥੀਂ ਇੱਕ ਪੌਦਾ ਲਗਾ ਕੇ ਲੋਕਾਂ ਨੂੰ ਵਾਤਾਵਰਨ ਦੀ ਸੰਭਾਲ ਕਰਨ ਲਈ ਪ੍ਰੇਰਿਆ। ਨਾਲ ਹੀ ਉਨ੍ਹਾਂ ਪੀਬੀਟੀਆਈ ਵੱਲੋਂ ਤਿਆਰ ਕੀਤੇ ਭੋਜਨ ਅਤੇ ਪਾਣੀ ਦੇ ਨਮੂਨਿਆਂ ਦੀ ਜਾਂਚ ਕਰਨ ਵਾਲੀ ਮੋਬਾਈਲ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦੇ ਘਟ ਰਹੇ ਪੱਧਰ ਅਤੇ ਪਲੀਤ ਹੋ ਰਹੇ ਵਾਤਾਵਰਨ ’ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਾਤਾਵਰਨ ਪ੍ਰਦੂਸ਼ਣ ਨੂੰ ਰੋਕਣ ਦੇ ਨਾਲ-ਨਾਲ ਪਾਣੀ ਵਰਗੇ ਅਨਮੋਲ ਤੇ ਦੁਰਲੱਭ ਕੁਦਰਤੀ ਸੋਮੇ ਨੂੰ ਬਚਾਉਣ ਲਈ ਤੁਰੰਤ ਠੋਸ ਕਦਮ ਚੁੱਕਣਾ ਪੰਜਾਬ ਦੀ ਤਰਜੀਹੀ ਲੋੜ ਹੈ। ਉਨ੍ਹਾਂ ਕਿਹਾ ਕਿ ਇਹ ਕੰਮ ਇਕੱਲੇ ਸਰਕਾਰ ਦੇ ਯਤਨਾਂ ਨਾਲ ਸੰਭਵ ਨਹੀਂ ਹੋ ਸਕਦਾ, ਬਲਕਿ ਆਮ ਲੋਕਾਂ ਦੀ ਭਾਗੀਦਾਰੀ ਵੀ ਲਾਜ਼ਮੀ ਹੈ।
ਵਾਤਾਵਰਨ ਦੇ ਮਸਲਿਆਂ ਨੂੰ ਅੱਖੋਂ-ਪਰੋਖੇ ਕਰਨ ਲਈ ਵਿਰੋਧੀ ਪਾਰਟੀਆਂ ਦੀ ਨਿਖੇਧੀ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਪਾਣੀ, ਹਵਾ ਅਤੇ ਧਰਤੀ ਦੀ ਕੋਈ ਵੋਟ ਨਹੀਂ ਹੈ। ਇਨ੍ਹਾਂ ਕੁਦਰਤੀ ਸੋਮਿਆਂ ਦਾ ਵੱਡੇ ਪੱਧਰ ’ਤੇ ਪ੍ਰਦੂਸ਼ਣ ਅਤੇ ਨਿਘਾਰ ਹੋ ਰਿਹਾ ਹੈ। ਜਿਸ ਨਾਲ ਸਮਾਜ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਸਹਿਣਾ ਪੈ ਰਿਹਾ ਹੈ। ਤੇਜ਼ੀ ਨਾਲ ਘਟਦੇ ਜਾ ਰਹੇ ਪਾਣੀ ਦੇ ਪੱਧਰ ਤੋਂ ਬਾਅਦ ਪਲੀਤ ਹੋ ਰਹੇ ਪਾਣੀ ਦੀ ਗੰਭੀਰ ਸਥਿਤੀ ’ਤੇ ਡੂੰਘੀ ਚਿੰਤਾ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਜਿੱਥੋਂ ਤੱਕ ਧਰਤੀ ਹੇਠਲੇ ਪਾਣੀ ਦਾ ਸਬੰਧ ਹੈ, ਸੂਬੇ ਦੇ ਲਗਪਗ ਸਾਰੇ ਬਲਾਕ ਡਾਰਕ ਜ਼ੋਨ ਵਿੱਚ ਹਨ। ਅਜਿਹੀ ਸਥਿਤੀ ਤਾਂ ਪੈਦਾ ਹੋਈ ਕਿਉਂਕਿ ਅਸੀਂ ਧਰਤੀ ਹੇਠਲੇ ਪਾਣੀ ਨੂੰ ਖੇਤਾਂ ਵਿੱਚ ਸਿੰਚਾਈ ਲਈ ਗੈਰ-ਜ਼ਿੰਮੇਵਾਰਨਾ ਢੰਗ ਨਾਲ ਵਰਤਿਆ ਹੈ। ਲਾਪਰਵਾਹੀ ਦੇ ਇਸ ਰੁਝਾਨ ਨੂੰ ਤੁਰੰਤ ਰੋਕਣ ਦੀ ਲੋੜ ਹੈ ਤਾਂ ਜੋ ਸਾਡੀਆਂ ਆਉਣ ਵਾਲੀਆਂ ਨਸਲਾਂ ਨੂੰ ਪਾਣੀ ਲਈ ਜੂਝਣਾ ਨਾ ਪਵੇ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਵੇਲੇ ਪੰਜਾਬ ਆਪਣੇ ਨਹਿਰੀ ਪਾਣੀ ਦਾ ਸਿਰਫ਼ 33-34 ਫੀਸਦੀ ਹੀ ਵਰਤ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਵਿੱਚ ਹੋਰ ਵਾਧਾ ਕੀਤਾ ਜਾਵੇਗਾ। ਉਨ੍ਹਾਂ ਆਸ ਪ੍ਰਗਟਾਈ ਕਿ ਜੇਕਰ ਪੰਜਾਬ ਪਹਿਲੇ ਪੜਾਅ ਵਿੱਚ ਨਹਿਰੀ ਪਾਣੀ ਦੀ ਵਰਤੋਂ ਨੂੰ 60 ਫੀਸਦ ਤੱਕ ਵਧਾ ਲੈਂਦਾ ਹੈ ਤਾਂ ਕੁੱਲ 14 ਲੱਖ ਟਿਊਬਵੈਲਾਂ ’ਚੋਂ ਲਗਪਗ ਚਾਰ ਲੱਖ ਟਿਊਬਵੈੱਲ ਬੰਦ ਹੋ ਸਕਦੇ ਹਨ। ਇਸ ਨਾਲ ਵੱਡੀ ਮਾਤਰਾ ਵਿੱਚ ਪਾਣੀ ਦੀ ਬੱਚਤ ਕਰਨ ਵਿੱਚ ਮਦਦ ਮਿਲੇਗੀ। ਪਾਣੀ ਦੀ ਸੰਭਾਲ ਲਈ ਤੇਲੰਗਾਨਾ ਦੀ ਉਦਾਹਰਨ ਦਿੰਦਿਆਂ ਮਾਨ ਨੇ ਕਿਹਾ ਕਿ ਇਹ ਇੱਕ ਕ੍ਰਾਂਤੀਕਾਰੀ ਮਾਡਲ ਹੈ, ਜਿਸ ਨਾਲ ਧਰਤੀ ਹੇਠਲੇ ਪਾਣੀ ਨੂੰ ਸੰਪੂਰਨ ਰੂਪ ਵਿੱਚ ਰੀਚਾਰਜ ਕਰਨਾ ਹੈ। ਉਨ੍ਹਾਂ ਕਿਹਾ ਕਿ ਤੇਲੰਗਾਨਾ ਸਰਕਾਰ ਨੇ ਸੂਬੇ ਭਰ ਵਿੱਚ ਧਰਤੀ ਹੇਠਲੇ ਪਾਣੀ ਦੀ ਸੁਚੱਜੀ ਸੰਭਾਲ ਲਈ ਪਿੰਡਾਂ ਵਿੱਚ ਛੋਟੇ-ਛੋਟੇ ਡੈਮ ਬਣਾਏ ਹਨ। ਇਸ ਦੇ ਨਤੀਜੇ ਵਜੋਂ ਪਿੰਡਾਂ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ ਚਾਰ ਮੀਟਰ ਤੱਕ ਵੱਧ ਗਿਆ ਹੈ।
ਇਸ ਮੌਕੇ ਸ਼ਹੀਦ ਭਗਤ ਸਿੰਘ ਪੰਜਾਬ ਰਾਜ ਸਾਲਾਨਾ ਵਾਤਾਵਰਨ ਪੁਰਸਕਾਰ ਦੇ ਪਹਿਲੇ ਐਡੀਸ਼ਨ ਵਿੱਚ ਚਾਰ ਸੰਸਥਾਵਾਂ ਨੂੰ ਸਨਮਾਨਿਤ ਕੀਤਾ ਗਿਆ। ਗਰਾਮ ਪੰਚਾਇਤ ਸ਼੍ਰੇਣੀ ਵਿੱਚ ਗਰਾਮ ਪੰਚਾਇਤ ਪਿੰਡ ਬੱਲੋ (ਬਠਿੰਡਾ), ਸੰਸਥਾ ਸ਼੍ਰੇਣੀ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ, ਉਦਯੋਗ ਸ਼੍ਰੇਣੀ ਵਿੱਚ ਆਈਟੀਸੀ ਲਿਮਟਿਡ (ਫੂਡ ਡਿਵੀਜ਼ਨ) ਕਪੂਰਥਲਾ ਅਤੇ ਐਨਜੀਓ/ਸਮਾਜਿਕ ਸੰਗਠਨ ਸ਼੍ਰੇਣੀ ਵਿੱਚ ਖੇਤ ਵਿਰਾਸਤ ਮਿਸ਼ਨ, ਜੈਤੋ (ਫਰੀਦਕੋਟ) ਸ਼ਾਮਲ ਹਨ। ਹਰੇਕ ਜੇਤੂ ਸੰਸਥਾ ਨੂੰ ਇਕ ਲੱਖ ਰੁਪਏ ਦਾ ਨਗਦ ਇਨਾਮ, ਪ੍ਰਸੰਸਾ ਪੱਤਰ ਅਤੇ ਸਿਲਵਰ ਪਲੇਟ ਮੋਮੈਂਟੋ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਘੱਟ ਲਾਗਤ ਵਾਲੀਆਂ ਸਵਦੇਸ਼ੀ ਤਕਨੀਕਾਂ ਅਤੇ ਪ੍ਰਕਿਰਿਆਵਾਂ ਦੇ ਵਿਕਾਸ ਵਿੱਚ ਸ਼ਾਮਲ ਛੇ ਜ਼ਮੀਨੀ ਪੱਧਰ ਦੇ ਇਨੋਵੇਟਰਾਂ ਨੂੰ ਵੀ ਉਨ੍ਹਾਂ ਦੀ ਉਸਾਰੂ ਸੋਚ ਅਤੇ ਤਕਨੀਕੀ ਜਾਣਕਾਰੀ ਲਈ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ, ਵਿਧਾਇਕ ਕੁਲਵੰਤ ਸਿੰਘ ਤੇ ਹੋਰ ਅਧਿਕਾਰੀ ਹਾਜ਼ਰ ਸਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਵਾਤਾਵਰਨ ਸੰਭਾਲ ਦੇ ਵੱਖ-ਵੱਖ ਕਾਰਜਾਂ ਲਈ 50 ਕਰੋੜ ਰੁਪਏ ਦੀ ਰਾਸ਼ੀ ਅਲਾਟ ਕੀਤੀ ਗਈ ਹੈ ਜਿਸ ਤਹਿਤ ਸਥਾਨਕ ਸਰਕਾਰਾਂ ਵਿਭਾਗ (45.45 ਕਰੋੜ ਰੁਪਏ), ਪੰਚਾਇਤ ਵਿਭਾਗ (3.92 ਕਰੋੜ ਰੁਪਏ) ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (63 ਲੱਖ ਰੁਪਏ) ਨੂੰ ਇਹ ਰਾਸ਼ੀ ਦਿੱਤੀ ਗਈ ਹੈ। ਉਨ੍ਹਾਂ ਨੇ ਪੁਸ਼ਪਾ ਗੁਜਰਾਲ ਸਾਇੰਸ ਸਿਟੀ, ਕਪੂਰਥਲਾ ਵਿੱਚ ਇਲੈਕਟ੍ਰਾਨਿਕ ਗੈਲਰੀ ਅਤੇ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ (ਪੀਐਸਸੀਐਸਟੀ) ਦੀ ਤਕਨੀਕੀ ਅਤੇ ਵਿੱਤੀ ਸਹਾਇਤਾ ਨਾਲ ਤਿਆਰ ਕੀਤੇ ਝੋਨੇ ਦੀ ਪਰਾਲੀ ਆਧਾਰਿਤ ਪੈਲੇਟਾਈਜ਼ੇਸ਼ਨ ਯੂਨਿਟ (ਪਟਿਆਲਾ) ਦਾ ਵੀ ਉਦਘਾਟਨ ਕੀਤਾ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …