ਮੁੱਖ ਮੰਤਰੀ ਦੇ ਹੁਕਮਾਂ ਨੂੰ ਬੂਰ ਪਿਆ: ਮੁਹਾਲੀ ਵਿੱਚ ਸਕੂਲਾਂ ਦੇ ਨਾਂ ਪੰਜਾਬੀ ਵਿੱਚ ਲਿਖਣ ਦੀ ਹੋਈ ਰਸਮੀ ਸ਼ੁਰੂਆਤ

ਪੰਜਾਬ ਸਰਕਾਰ ਦੀਆਂ ਹਦਾਇਤਾਂ ਨੂੰ ਲਾਗੂ ਕਰਵਾਉਣ ਲਈ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਸਰਗਰਮ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਫਰਵਰੀ:
ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਮਾਂ-ਬੋਲੀ ਪੰਜਾਬੀ ਦੇ ਮਾਣ-ਸਤਿਕਾਰ ਦੀ ਬਹਾਲੀ ਲਈ ਭਾਸ਼ਾ ਵਿਭਾਗ ਪੰਜਾਬ ਪੂਰੀ ਤਰ੍ਹਾਂ ਯਤਨਸ਼ੀਲ ਹੈ। ਇਸ ਸਬੰਧੀ ਪੰਜਾਬ ਦੀ ਆਪ ਸਰਕਾਰ ਵੱਲੋਂ ਸਮੇਂ-ਸਮੇਂ ਸਿਰ ਜਾਰੀ ਹੋਈਆਂ ਹਦਾਇਤਾਂ ਨੂੰ ਲਾਗੂ ਕਰਵਾਉਣ ਲਈ ਜ਼ਿਲ੍ਹਾ ਭਾਸ਼ਾ ਅਫ਼ਸਰ ਵੱਲੋਂ ਲਗਾਤਾਰ ਸਰਗਰਮੀਆਂ ਕੀਤੀਆਂ ਜਾ ਰਹੀਆਂ ਹਨ।
ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਬਲਜਿੰਦਰ ਸਿੰਘ ਨੇ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਵਿੱਚ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਨਾਂ ਹੁਣ ਪੰਜਾਬੀ ਭਾਸ਼ਾ ਵਿੱਚ ਲਿਖਣ ਦੀ ਰਸਮੀ ਸ਼ੁਰੂਆਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ 21 ਫਰਵਰੀ 2023 ਤੋਂ ਪਹਿਲਾਂ-ਪਹਿਲਾਂ ਸਕੂਲਾਂ ਦੇ ਨਾਂ ਪੰਜਾਬੀ ਭਾਸ਼ਾ ਵਿੱਚ ਲਿਖੇ ਜਾਣ ਬਾਰੇ ਸਰਗਰਮੀ ਨਾਲ ਯਤਨਸ਼ੀਲ ਹੈ ਅਤੇ ਸਰਕਾਰ ਦੇ ਇਸ ਏਜੰਡੇ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਬੋਰਡ ’ਤੇ ਸਭ ਤੋਂ ਉੱਤੇ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿੱਚ ਲਿਖਣੇ ਸ਼ੁਰੂ ਹੋ ਗਏ ਹਨ ਅਤੇ ਆਉਂਦੇ ਦਿਨਾਂ ਵਿੱਚ ਇਸ ਦੇ ਨਤੀਜੇ ਹੋਰ ਵੀ ਸਾਰਥਿਕ ਨਿਕਲਣਗੇ।
ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਦੱਸਿਆ ਕਿ ਇੱਥੋਂ ਦੇ ਫੇਜ਼-1 ਸ਼ਾਸਤਰੀ ਮਾਡਲ ਸਕੂਲ, ਸੌਪਿੰਨਸ ਸਕੂਲ ਸੈਕਟਰ-70, ਸਤਲੁਜ ਵਰਲਡ ਸਕੂਲ, ਪੈਰਾਗਾਨ ਸੀਨੀਅਰ ਸੈਕੰਡਰੀ ਸਕੂਲ ਸੈਕਟਰ-71, ਗਿਆਨ ਜਯੋਤੀ ਗਲੋਬਲ ਸਕੂਲ (ਮੁਹਾਲੀ), ਅਜੀਤ ਕਰਮ ਸਿੰਘ ਇੰਟਰਨੈਸ਼ਨਲ ਪਬਲਿਕ ਸਕੂਲ ਫੇਜ਼-11, ਅਜੀਤ ਕਰਮ ਸਿੰਘ ਇੰਟਰਨੈਸ਼ਨਲ ਪਬਲਿਕ ਸਕੂਲ (ਖਰੜ), ਏਕਜੋਤ ਪਬਲਿਕ ਸਕੂਲ, ਹੋਲੀ ਫੈਮਲੀ ਕਾਨਵੈਂਟ ਸਕੂਲ, ਹੋਲੀ ਏਂਜਲਸ ਸਮਾਰਟ ਸਕੂਲ ਮੁਹਾਲੀ, ਲਾਰਡ ਮਹਾਵੀਰ ਜੈਨ ਪਬਲਿਕ ਸਕੂਲ (ਡੇਰਾਬੱਸੀ), ਲਰਨਿੰਗ ਪਾਥਸ ਸਕੂਲ, ਸੇਂਟ ਇਜਰਾ ਇੰਟਰਨੈਸ਼ਨਲ ਸਕੂਲ, ਇੰਨਫੈਂਟ ਜੀਸਸ ਕਾਨਵੈਂਟ ਸਕੂਲ ਫੇਜ਼-11, ਏਸੀ ਗਲੋਬਲ ਸਕੂਲ (ਬਨੂੜ), ਦਿਕਸ਼ਾਂਤ ਗਲੋਬਲ ਸਕੂਲ, ਇੰਟਰਨੈਸ਼ਨਲ ਪਬਲਿਕ ਸਕੂਲ (ਮੁਹਾਲੀ), ਜਸਵਿੰਦਰਾ ਸੀਨੀਅਰ ਸੈਕੰਡਰੀ ਸਕੂਲ ਲਾਲੜੂ, ਹੋਲੀ ਏਂਜਲਸ ਸਮਾਰਟ ਸਕੂਲ, ਮਾਂਟੇਸਰੀ ਪਬਲਿਕ ਸਕੂਲ (ਬਲੌਂਗੀ) ਵੱਲੋਂ ਆਪਣੇ ਨਾਂ ਪੰਜਾਬੀ ਭਾਸ਼ਾ (ਗੁਰਮੁਖੀ) ਵਿੱਚ ਲਿਖ ਦਿੱਤੇ ਗਏ ਹਨ।

ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਰਾਜ ਭਾਸ਼ਾ ਐਕਟ-1967 ਸਮੇਤ ਪੰਜਾਬ ਰਾਜ ਭਾਸ਼ਾ ਤਰਮੀਮ ਐਕਟ-2008 ਅਤੇ 2021 ਦੇ ਉਪਬੰਧਾਂ ਅਨੁਸਾਰ ਪੰਜਾਬ ਰਾਜ ਵਿੱਚ ਸਮੁੱਚਾ ਦਫ਼ਤਰੀ ਕੰਮ-ਕਾਜ ਪੰਜਾਬੀ ਭਾਸ਼ਾ ਵਿੱਚ ਕੀਤਾ ਜਾਣਾ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਵੱਲੋਂ ਪੰਜਾਬ ਰਾਜ ਦੇ ਸਮੂਹ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ/ ਵਿਭਾਗਾਂ/ ਅਦਾਰਿਆਂ/ ਸੰਸਥਾਵਾਂ/ ਵਿੱਦਿਅਕ ਅਦਾਰਿਆਂ/ ਬੋਰਡਾਂ/ ਨਿਗਮਾਂ/ ਵਿੱਦਿਅਕ ਸੰਸਥਾਵਾਂ/ਸਰਕਾਰੀ ਅਤੇ ਗੈਰ ਸਰਕਾਰੀ ਸੰਸਥਾਵਾਂ/ਪਬਲਿਕ ਅਤੇ ਪ੍ਰਾਈਵੇਟ ਦੁਕਾਨਾਂ ਅਤੇ ਵਪਾਰਿਕ ਅਦਾਰਿਆਂ/ ਸੁਸਾਇਟੀ ਐਕਟ/ ਫ਼ੈਕਟਰੀ ਐਕਟ ਤਹਿਤ ਰਜਿਸਟਰਡ ਵਪਾਰਕ ਅਦਾਰਿਆਂ ਆਦਿ ਦੇ ਨਾਮ ਅਤੇ ਸੜਕਾਂ ਦੇ ਨਾਮ/ ਨਾਮ ਪੱਟੀਆਂ/ ਮੀਲ ਪੱਥਰ/ ਸਾਈਨ ਬੋਰਡ ਦੇ ਉੱਪਰਲੇ ਪਾਸੇ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿੱਚ ਲਿਖੇ ਜਾਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਸਬੰਧੀ ਜ਼ਿਲ੍ਹਾ ਭਾਸ਼ਾ ਅਫ਼ਸਰ ਵੱਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਸਮੂਹ ਵਿਭਾਗਾਂ ਨੂੰ ਅਮਲ ਹਿੱਤ ਭੇਜੀਆਂ ਗਈਆਂ ਸਨ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …