ਸ਼ਹਿਰ ਵਾਸੀਆਂ ਨੂੰ ਆਵਾਰਾ ਕੁੱਤਿਆਂ ਦੀ ਸਮੱਸਿਆ ਤੋਂ ਨਿਜਾਤ ਮਿਲਣ ਦੀ ਆਸ ਬੱਝੀ

ਮੇਅਰ ਜੀਤੀ ਸਿੱਧੂ ਵੱਲੋਂ ਨਵੀਆਂ ਗਾਈਡਲਾਈਨਾਂ ਅਨੁਸਾਰ ਕੁੱਤਿਆਂ ਦੀ ਨਸਬੰਦੀ ਕਰਨ ’ਤੇ ਜ਼ੋਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਅਪਰੈਲ:
ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੇ ਵਸਨੀਕਾਂ ਨੂੰ ਨੇੜ ਭਵਿੱਖ ਵਿਚ ਆਵਾਰਾ ਕੁੱਤਿਆਂ ਦੀ ਸਮੱਸਿਆ ਤੋਂ ਨਿਜਾਤ ਮਿਲਣ ਦੀ ਆਸ ਬੱਝ ਗਈ ਹੈ। ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਨਵੀਆਂ ਗਾਈਡਲਾਈਨ ਮੁਤਾਬਕ ਕੁੱਤਿਆਂ ਦੀ ਨਸਬੰਦੀ ਕਰਨ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਕੰਮ ਵਿਚ ਲਾਪਰਵਾਹੀ ਅਤੇ ਢਿੱਲ-ਮੱਠ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਅੱਜ ਮੇਅਰ ਨੇ ਨਗਰ ਨਿਗਮ ਭਵਨ ਵਿਖੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਸਿਹਤ ਅਫ਼ਸਰ ਡਾ. ਸੰਜੀਵ ਕੰਬੋਜ ਸਮੇਤ ਐਨੀਮਲ ਬਰਥ ਕੰਟਰੋਲ ਕਮੇਟੀ ਦੇ ਮੈਂਬਰਾਂ ਨਾਲ ਅਹਿਮ ਮੀਟਿੰਗ ਕੀਤੀ ਅਤੇ ਸ਼ਹਿਰ ਵਿਚ ਆਵਾਰਾ ਕੁੱਤਿਆਂ ਦੀ ਵਧਦੀ ਗਿਣਤੀ ਅਤੇ ਕਰੀਬ ਢਾਈ ਸਾਲ ਤੋਂ ਬੰਦ ਪਏ ਕੁੱਤਿਆਂ ਦੀ ਨਸਬੰਦੀ ਦੇ ਕੰਮ ’ਤੇ ਚਿੰਤਾ ਪ੍ਰਗਟ ਕੀਤੀ।
ਮੇਅਰ ਜੀਤੀ ਸਿੱਧੂ ਨੇ ਨਿਗਮ ਅਧਿਕਾਰੀਆਂ ਨੂੰ ਜ਼ੋਰ ਦੇ ਕੇ ਆਖਿਆ ਆਵਾਰਾ ਕੁੱਤਿਆਂ ਦੀ ਨਸਬੰਦੀ ਅਪਰੇਸ਼ਨ ਤੁਰੰਤ ਸ਼ੁਰੂ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸਤੰਬਰ 2021 ਤੋਂ ਕੁੱਤਿਆਂ ਦੀ ਨਸਬੰਦੀ ਬੰਦ ਪਈ ਹੈ। ਜਿਸ ਕਾਰਨ ਕੁੱਤਿਆਂ ਦੀ ਗਿਣਤੀ ਵਧਣ ਲੱਗ ਪਈ ਹੈ। ਉਨ੍ਹਾਂ ਕਿਹਾ ਕਿ ਤਿੰਨ ਮਹੀਨੇ ਪਹਿਲਾਂ ਕੁੱਤਿਆਂ ਦੀ ਨਸਬੰਦੀ ਲਈ ਮੁੜ ਠੇਕਾ ਦਿੱਤਾ ਗਿਆ ਸੀ ਪ੍ਰੰਤੂ ਇਸ ਦੇ ਬਾਵਜੂਦ ਹਾਲੇ ਤੱਕ ਕੁੱਤਿਆਂ ਦੀ ਨਸਬੰਦੀ ਦਾ ਕੰਮ ਸ਼ੁਰੂ ਨਹੀਂ ਕੀਤਾ ਗਿਆ। ਮੇਅਰ ਨੂੰ ਦੱਸਿਆ ਗਿਆ ਕਿ ਕੇਂਦਰੀ ਐਨੀਮਲ ਵੈੱਲਫੇਅਰ ਬੋਰਡ ਨੇ ਇਸ ਦੀ ਮਨਜ਼ੂਰੀ ਨਹੀਂ ਦਿੱਤੀ ਹੈ। ਵਜ੍ਹਾ ਇਹ ਹੈ ਕਿ ਮਾਰਚ ਵਿਚ ਕੇਂਦਰੀ ਬੋਰਡ ਦੀਆਂ ਨਵੀਆਂ ਗਾਈਡਲਾਈਨਾਂ ਆਈਆਂ ਹਨ, ਜਿਨ੍ਹਾਂ ਨੂੰ ਪੂਰਾ ਕੀਤਾ ਜਾਣਾ ਹੈ। ਜਿਸ ਕਾਰਨ ਨਸਬੰਦੀ ਅਪਰੇਸ਼ਨ ਦਾ ਕੰਮ ਸ਼ੁਰੂ ਨਹੀਂ ਕੀਤਾ ਜਾ ਸਕਿਆ ਜਦੋਂਕਿ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਹਨ। ਇਸ ’ਤੇ ਮੇਅਰ ਨੇ ਕਿਹਾ ਕਿ ਨਵੀਆਂ ਗਾਈਡਲਾਈਨਾਂ ਪੂਰੀਆਂ ਕੀਤੀਆਂ ਜਾਣ ਅਤੇ ਇਨ੍ਹਾਂ ਮੁਤਾਬਕ ਕੁੱਤਿਆਂ ਦੀ ਨਸਬੰਦੀ ਦਾ ਕੰਮ ਸ਼ੁਰੂ ਕੀਤਾ ਜਾਵੇ।
ਮੁਹਾਲੀ ਵਿਚ ਆਵਾਰਾ ਕੁੱਤਿਆਂ ’ਤੇ ਕਾਬੂ ਪਾਉਣ ਲਈ ਨਸਬੰਦੀ ਕੀਤੀ ਜਾਂਦੀ ਸੀ ਪਰ ਇਹ ਕੰਮ ਸਤੰਬਰ 2021 ਤੋਂ ਬੰਦ ਪਿਆ ਹੈ। ਇਸ ਨਾਲ ਆਵਾਰਾ ਕੁੱਤਿਆਂ ਦੀ ਭਰਮਾਰ ਹੋ ਗਈ ਹੈ। ਸ਼ਹਿਰ ਵਿੱਚ ਕੋਈ ਡੌਗ ਸ਼ੈਲਟਰ ਵੀ ਨਹੀਂ ਹੈ, ਜਿੱਥੇ ਆਵਾਰਾ ਕੁੱਤਿਆਂ ਨੂੰ ਰੱਖਿਆ ਜਾ ਸਕੇ। ਸਮਾਜ ਸੇਵੀ ਸੰਸਥਾਵਾਂ ਵੱਲੋਂ ਕੁੱਤਿਆਂ ਨੂੰ ਹਲਕਾਅ ਅਤੇ ਖਾਜ-ਖੁਜਲੀ ਤੋਂ ਬਚਾਉਣ ਦੇ ਟੀਕੇ ਲਗਾਏ ਜਾਂਦੇ ਹਨ। ਇਸ ਸਬੰਧੀ ਮੇਅਰ ਜੀਤੀ ਸਿੱਧੂ ਨੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਉਹ ਇਸ ਸਬੰਧੀ ਰਿਪੋਰਟ ਤਿਆਰ ਕਰਨ ਅਤੇ ਨਵੀਆਂ ਗਾਈਡਲਾਈਨਾਂ ਮੁਤਾਬਕ ਕੁੱਤਿਆਂ ਦੀ ਨਸਬੰਦੀ ਦਾ ਕੰਮ ਜਲਦੀ ਸ਼ੁਰੂ ਕੀਤਾ ਜਾਵੇ। ਮੀਟਿੰਗ ਵਿਚ ਐਨੀਮਲ ਬਰਥ ਕੰਟਰੋਲ ਕਮੇਟੀ ਦੇ ਮੈਂਬਰ ਸੁੱਚਾ ਸਿੰਘ ਕਲੌੜ, ਕਮਲਪ੍ਰੀਤ ਸਿੰਘ ਬਨੀ, ਨਛੱਤਰ ਸਿੰਘ, ਗੁਰਸਾਹਿਬ ਸਿੰਘ, ਲਖਮੀਰ ਸਿੰਘ, ਵਿਕਟਰ ਨਿਹੋਲਕਾ ਅਤੇ ਚੀਫ਼ ਸੈਨੇਟਰੀ ਇੰਸਪੈਕਟਰ ਹਰਵੰਤ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …