
ਸਿਵਲ ਸਰਜਨ ਨੇ ਜਣੇਪੇ ਦੌਰਾਨ ਹੋਣ ਵਾਲੀਆਂ ਮੌਤਾਂ ਬਾਰੇ ਕੇਸਾਂ ਦੀ ਕੀਤੀ ਸਮੀਖਿਆ
ਸਿਵਲ ਸਰਜਨ ਵੱਲੋਂ ਬਿਹਤਰ ਜੱਚਾ-ਬੱਚਾ ਸਿਹਤ ਸੇਵਾਵਾਂ ਦੇਣ ਦੀ ਹਦਾਇਤ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਅਕਤੂਬਰ:
ਮੁਹਾਲੀ ਦੇ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ ਨਿਧੀ ਕੌਸ਼ਲ ਦੀ ਪ੍ਰਧਾਨਗੀ ਹੇਠ ਜਣੇਪੇ ਦੌਰਾਨ ਹੋਣ ਵਾਲੀਆਂ ਮੌਤਾਂ ਸਬੰਧੀ ਜ਼ਿਲ੍ਹਾ ਪੱਧਰੀ ਰੀਵਿਊ ਕਮੇਟੀ ਦੀ ਮੀਟਿੰਗ ਹੋਈ। ਜਿਸ ਵਿੱਚ ਮਾਤਰੀ ਮੌਤਾਂ ਦੇ ਕੇਸਾਂ ਬਾਰੇ ਵਿਚਾਰ ਚਰਚਾ ਕੀਤੀ ਗਈ। ਸਿਵਲ ਸਰਜਨ ਨੇ ਸਟਾਫ਼ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਕਿ ਜੱਚਾ ਦੀ ਮੌਤ ਦੀ ਦਰ ਘਟਾਉਣ ਲਈ ਠੋਸ ਕਦਮ ਚੁੱਕੇ ਜਾਣ ਅਤੇ ਇਨ੍ਹਾਂ ਮੌਤਾਂ ਬਾਰੇ ਖ਼ਾਮੀਆਂ ਨੂੰ ਦੂਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮਾਤਰੀ ਮੌਤ ਦਰ ਘਟਾਉਣ ਲਈ ਗਰਭ ਅਵਸਥਾ ਦੀਆਂ ਸਮੱਸਿਆਵਾਂ ਦੀ ਸਮੇਂ ਸਿਰ ਪਛਾਣ ਕਰਨਾ ਬਹੁਤ ਜ਼ਰੂਰੀ ਹੈ ਤਾਂ ਜੋ ਸਮੇਂ ਸਿਰ ਇਲਾਜ ਸ਼ੁਰੂ ਕੀਤਾ ਜਾ ਸਕੇ। ਇਸ ਤਰ੍ਹਾਂ ਜਣੇਪੇ ਸਮੇਂ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਲ ਪੇਸ਼ ਨਹੀਂ ਆਵੇਗੀ।
ਡਾ. ਨਿਧੀ ਕੌਸ਼ਲ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਪ੍ਰਮੁੱਖ ਉਦੇਸ਼ਾਂ ’ਚੋਂ ਇੱਕ ਮਾਤਰੀ ਮੌਤ ਦਰ ਨੂੰ ਘਟਾਉਣਾ ਵੀ ਹੈ। ਇਸ ਲਈ ਲੋਕਾਂ ਨੂੰ ਬਿਹਤਰ ਜੱਚਾ-ਬੱਚਾ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ। ਸਿਹਤ ਵਿਭਾਗ ਵੱਲੋਂ ਜਨਨੀ ਸ਼ਿਸ਼ੂ ਸੁਰੱਖਿਆ ਪ੍ਰੋਗਰਾਮ ਤਹਿਤ ਹਰੇਕ ਗਰਭਵਤੀ ਅੌਰਤ ਨੂੰ ਗਰਭ ਧਾਰਨ ਤੋਂ ਲੈ ਕੇ ਬੱਚੇ ਦੇ ਜਨਮ ਤੱਕ ਸਾਰੀਆਂ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ, ਜਿਨ੍ਹਾਂ ਵਿੱਚ ਚੈੱਕਅਪ, ਲੈਬ ਟੈੱਸਟ, ਸਕੈਨਿੰਗ, ਹਸਪਤਾਲ ਆਉਣਾ ਤੇ ਛੱਡਣਾ ਸ਼ਾਮਲ ਹੈ। ਇਸ ਤੋਂ ਇਲਾਵਾ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਜਣੇਪਾ ਕਰਵਾਉਣ ’ਤੇ ਮੁਫ਼ਤ ਖ਼ੁਰਾਕ ਅਤੇ ਦਵਾਈਆਂ ਸਮੇਤ ਜਨਨੀ ਸੁਰੱਖਿਆ ਯੋਜਨਾ ਤਹਿਤ ਵਿੱਤੀ ਮਦਦ ਦਿੱਤੀ ਜਾਂਦੀ ਹੈ। ਉਨ੍ਹਾਂ ਨੇ ਹਦਾਇਤ ਕੀਤੀ ਕਿ ਜੇਕਰ ਸਿਹਤ ਕੇਂਦਰ ਵਿੱਚ ਕੋਈ ਵੀ ਗਰਭਵਤੀ ਮਾਂ ਨੂੰ ਪਹਿਲੀ ਵਾਰ ਚੈੱਕਅਪ ਦੌਰਾਨ ਹੀ ਹਾਈ ਰਿਸਕ ਲੱਗੇ ਜਿਵੇਂ ਕਿ ਬੀਪੀ ਵਧਦਾ ਹੋਵੇ, ਖੂਨ 7 ਗਰਾਮ ਤੋਂ ਘੱਟ ਹੋਵੇ ਜਾਂ 5 ਫੁੱਟ ਤੋਂ ਘੱਟ ਕੱਦ ਹੋਵੇ ਤਾਂ ਉਸ ਮਰੀਜ਼ ਨੂੰ ਤੁਰੰਤ ਜ਼ਿਲ੍ਹਾ ਪੱਧਰੀ ਸਰਕਾਰੀ ਹਸਪਤਾਲ ਵਿੱਚ ਰੈਫ਼ਰ ਕੀਤਾ ਜਾਵੇ। ਮਰੀਜ਼ ਦੇ ਵਾਰਸ ਨੂੰ ਇਹ ਸਮਝਾਇਆ ਜਾਵੇ ਕਿ ਮਾਂ ਅਤੇ ਬੱਚੇ ਦੀ ਜਾਨ ਨੂੰ ਖ਼ਤਰਾ ਕਿਵੇਂ ਘਟਾਇਆ ਜਾ ਸਕਦਾ ਹੈ ਅਤੇ ਇਹ ਸਭ ਕੁੱਝ ਗਰਭਵਤੀ ਮਾਵਾਂ ਨੂੰ ਵੀ ਦੱਸਣਾ ਯਕੀਨੀ ਬਣਾਇਆ ਜਾਵੇ।
ਡਾ. ਕੌਸ਼ਲ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਗਰਭਵਤੀ ਅੌਰਤਾਂ ਦਾ ਮਾਹਰ ਡਾਕਟਰ ਕੋਲੋਂ ਹੀ ਚੈੱਕਅਪ ਕਰਵਾਇਆ ਜਾਵੇ, ਕਿਉਂਕਿ ਸਪੈਸ਼ਲਿਸਟ ਡਾਕਟਰ ਵੱਧ ਗਿਆਨਵਾਨ ਹੁੰਦੇ ਹਨ। ਅਜਿਹੇ ਵਿਅਕਤੀ ਜਿਨ੍ਹਾਂ ਕੋਲ ਗਰਭਵਤੀ ਮਾਵਾਂ ਦੀ ਜਾਂਚ ਸਬੰਧੀ ਮੁਹਾਰਤ ਹਾਸਲ ਨਹੀਂ ਹੈ, ਉਨ੍ਹਾਂ ਕੋਲ ਜਾਣ ਨਾਲ ਮਾਂ ਅਤੇ ਬੱਚਾ ਦੋਵਾਂ ਦੀ ਜਾਨ ਨੂੰ ਖ਼ਤਰਾ ਪੈਦਾ ਹੋ ਸਕਦਾ ਹੈ। ਮੀਟਿੰਗ ਵਿੱਚ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਨਿਧੀ ਕੌਸ਼ਲ, ਇਸਤਰੀ ਰੋਗ ਮਾਹਰ ਡਾਕਟਰਾਂ ਤੋਂ ਇਲਾਵਾ ਪੈਰਾ ਮੈਡੀਕਲ ਸਟਾਫ਼ ਤੇ ਹੋਰ ਨੁਮਾਇੰਦੇ ਹਾਜ਼ਰ ਸਨ।