ਸਿਵਲ ਸਰਜਨ ਨੇ ਵੱਖ-ਵੱਖ ਟੀਕਾਕਰਨ ਕੈਂਪਾਂ ਦਾ ਦੌਰਾ ਕਰਕੇ ਲਿਆ ਜਾਇਜ਼ਾ

ਕਰੋਨਾ ਦਾ ਖ਼ਤਰਾ ਹਾਲੇ ਪੂਰੀ ਤਰ੍ਹਾਂ ਟਲਿਆ ਨਹੀਂ, ਲਿਹਾਜ਼ਾ ਸਾਵਧਾਨੀ ਜ਼ਰੂਰੀ: ਸਿਵਲ ਸਰਜਨ

ਅੌਖੇ ਹਾਲਾਤਾਂ ਵਿੱਚ ਮਨੁੱਖਤਾ ਦੀ ਸੇਵਾ ’ਚ ਡਟੇ ਸਿਹਤ ਕਾਮਿਆਂ ਨੂੰ ਦਿੱਤੀ ਸ਼ਾਬਾਸ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਮਈ:
‘ਕਰੋਨਾਵਾਇਰਸ’ ਮਹਾਮਾਰੀ ਦੇ ਬਾਵਜੂਦ ਛੋਟੇ ਅਤੇ ਨਵਜੰਮੇ ਬੱਚਿਆਂ ਅਤੇ ਗਰਭਵਤੀ ਅੌਰਤਾਂ ਦਾ 100 ਫੀਸਦੀ ਟੀਕਾਕਰਨ ਯਕੀਨੀ ਬਣਾਉਣ, ਸਿਹਤ ਕਾਮਿਆਂ ਦੀਆਂ ਮੁਸ਼ਕਲਾਂ ਜਾਣਨ ਅਤੇ ਉਨ੍ਹਾਂ ਦੀ ਹੌਸਲਾ-ਅਫ਼ਜ਼ਾਈ ਕਰਨ ਦੇ ਮੰਤਵ ਨਾਲ ਅੱਜ ਮੁਹਾਲੀ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਦਲਜੀਤ ਸਿੰਘ ਪ੍ਰਦੇਸੀ ਨੇ ਵੱਖ-ਵੱਖ ਸਰਕਾਰੀ ਹਸਪਤਾਲਾਂ, ਸਿਹਤ ਸਬ-ਸੈਂਟਰਾਂ ਅਤੇ ਸਿਵਲ ਡਿਸਪੈਂਸਰੀਆਂ ਦਾ ਦੌਰਾ ਕੀਤਾ। ਸਿਵਲ ਸਰਜਨ ਨੇ ਸਰਕਾਰੀ ਹਸਪਤਾਲ ਮੁਹਾਲੀ, ਮਦਨਪੁਰ, ਮਟੌਰ ਅਤੇ ਸੋਹਾਣਾ ਵਿੱਚ ਟੀਕਾਕਰਨ ਕੇਂਦਰਾਂ ਵਿੱਚ ਕਰੋਨਾਵਾਇਰਸ ਤੋਂ ਬਚਾਅ ਲਈ ਪ੍ਰਬੰਧਾਂ ਦਾ ਨਿਰੀਖਣ ਕੀਤਾ ਅਤੇ ਇਨ੍ਹਾਂ ਅੌਖੇ ਹਾਲਾਤਾਂ ਵਿੱਚ ਮਨੁੱਖਤਾ ਦੀ ਸੇਵਾ ਵਿੱਚ ਡਟੇ ਸਿਹਤ ਕਾਮਿਆਂ ਨੂੰ ਸ਼ਾਬਾਸ਼ ਦਿੱਤੀ।
ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਸਿਹਤ ਅਤੇ ਤੰਦਰੁਸਤੀ ਕੇਂਦਰਾਂ ਵਿੱਚ ਇਕ ਦੂਜੇ ਤੋਂ ਦੂਰੀ ਰੱਖਣ ਅਤੇ ਮਾਸਕ ਪਾਉਣ ਦੇ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾ ਰਹੀ ਹੈ। ਕੇਂਦਰਾਂ ਵਿੱਚ ਆਉਣ ਵਾਲੇ ਬੱਚਿਆਂ ਅਤੇ ਗਰਭਵਤੀ ਅੌਰਤਾਂ ਦੀ ਸੁਰੱਖਿਅਤ ਢੰਗ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੇ ਵਰਕਰਾਂ ਨੂੰ ਉਨ੍ਹਾਂ ਦੇ ਕੰਮ ਨਾਲ ਸਬੰਧਤ ਕਿਸੇ ਵੀ ਜ਼ਰੂਰੀ ਚੀਜ਼ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਸਿਵਲ ਸਰਜਨ ਨੇ ਕਰੋਨਾਵਾਇਰਸ ਤੋਂ ਬਚਾਅ ਰੱਖਣ ਲਈ ਸਟਾਫ਼ ਅਤੇ ਕੇਂਦਰਾਂ ਵਿੱਚ ਆਏ ਲੋਕਾਂ ਨੂੰ ਸੰਬੋਧਨ ਕਰਦਿਆਂ ਇਸ ਮਾਰੂ ਬਿਮਾਰੀ ਤੋਂ ਬਚਾਅ ਲਈ ਨਵੇਂ-ਦਿਸ਼ਾ ਨਿਰਦੇਸ਼ਾਂ ਤੋਂ ਵਾਕਫ਼ ਕਰਵਾਉਂਦਿਆਂ ਕਿਹਾ ਕਿ ਕਰੋਨਾ ਦਾ ਖ਼ਤਰਾ ਹਾਲੇ ਪੂਰੀ ਤਰ੍ਹਾਂ ਟਲਿਆ ਨਹੀਂ ਹੈ। ਇਸ ਲਈ ਆਉਣ ਵਾਲੇ ਸਮੇਂ ਵਿੱਚ ਸਾਰਿਆਂ ਲਈ ਮਾਸਕ ਪਾਉਣਾ, ਇਕ ਦੂਜੇ ਤੋਂ ਦੂਰੀ ਰੱਖਣਾ ਅਤੇ ਵਾਰ ਵਾਰ ਹੱਥ ਧੋਣਾ ਬਹੁਤ ਜ਼ਰੂਰੀ ਹੈ।
ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵੀਨਾ ਜਰੇਵਾਲ ਨੇ ਦੱਸਿਆ ਕਿ ਕਰਫਿਊ ਦੇ ਬਾਵਜੂਦ ਜ਼ਿਲ੍ਹਾ ਸਿਹਤ ਵਿਭਾਗ ਨੇ ਬੱਚਿਆਂ ਅਤੇ ਗਰਭਵਤੀ ਅੌਰਤਾਂ ਦਾ 95 ਫੀਸਦੀ ਤੋਂ ਵੱਧ ਟੀਕਾਕਰਨ ਨੂੰ ਯਕੀਨੀ ਬਣਾਇਆ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਬਾਕੀ 5 ਫੀਸਦੀ ਟੀਚਾ ਵੀ ਹਾਸਲ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਬੱਚਿਆਂ ਅਤੇ ਗਰਭਵਤੀ ਅੌਰਤਾਂ ਦਾ ਟੀਕਾਕਰਨ ਬਹੁਤ ਜ਼ਰੂਰੀ ਹੈ ਅਤੇ ਉਹ ਯਕੀਨੀ ਬਣਾ ਰਹੇ ਹਨ ਕਿ ਜ਼ਿਲ੍ਹੇ ਵਿੱਚ ਕੋਈ ਵੀ ਬੱਚਾ ਜਾਂ ਅੌਰਤ ਟੀਕਾਕਰਨ ਤੋਂ ਵਾਂਝਾ ਨਾ ਰਹੇ। ਉਧਰ, ਸਹਾਇਕ ਸਿਵਲ ਸਰਜਨ ਡਾ. ਕੁਲਦੀਪ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਦਲਜੀਤ ਸਿੰਘ ਪ੍ਰਦੇਸੀ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵੀਨਾ ਜਰੇਵਾਲ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਨਿਧੀ ਨੇ ਵੀ ਖਰੜ ਤੇ ਘੜੂੰਆਂ ਅਤੇ ਡੇਰਾਬੱਸੀ ਬਲਾਕਾਂ ਦੇ ਸਿਹਤ ਕੇਂਦਰਾਂ ਦਾ ਦੌਰਾ ਕਰਕੇ ਟੀਕਾਕਰਨ ਦਾ ਜਾਇਜ਼ਾ ਲਿਆ।

Load More Related Articles
Load More By Nabaz-e-Punjab
Load More In Health / Hospitals

Check Also

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ ਨਬਜ਼-ਏ-ਪੰਜਾਬ ਬਿਊਰੋ, …