
ਚਾਰ ਹਫ਼ਤਿਆਂ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾਅਵਾ ਖੋਖਲਾ: ਬੇਦੀ
ਪੰਜਾਬ ’ਚ ਨਸ਼ਿਆਂ ਦੀ ਤਸਕਰੀ ਅਤੇ ਕਾਤਲ ਦੀਆਂ ਵਾਰਦਾਤਾਂ ਰੋਕਣ ’ਚ ਫੇਲ ਹੋਈ ਸਰਕਾਰ
ਨਬਜ਼-ਏ-ਪੰਜਾਬ, ਮੁਹਾਲੀ, 23 ਅਗਸਤ:
ਮੁਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਨਸ਼ਿਆਂ ਦੀ ਰੋਕਥਾਮ ਦੇ ਮਾਮਲੇ ਵਿਚ ਪੰਜਾਬ ਸਰਕਾਰ ਨੂੰ ਪੂਰੀ ਤਰ੍ਹਾਂ ਫੇਲ੍ਹ ਦੱਸਿਆ ਹੈ। ਉਨ੍ਹਾਂ ਕਿਹਾ ਕਿ ਰੋਜ਼ ਨੌਜਵਾਨ ਨਸ਼ੇ ਦੀ ਓਵਰ ਡੋਜ਼ ਕਾਰਨ ਮਰ ਰਹੇ ਹਨ, ਪੰਜਾਬ ਪਿੰਡਾਂ ਵਿੱਚ ਸ਼ਰੇਆਮ ਮਾਰੂ ਨਸ਼ਾ ਵਿਕ ਰਿਹਾ ਹੈ। ਉਨ੍ਹਾਂ ਕਿਹਾ ਕਿ ਉਲਟਾ ਉਨ੍ਹਾਂ ਲੋਕਾਂ ਦੇ ਕਤਲ ਹੋ ਰਹੇ ਹਨ ਜੋ ਨਸ਼ੇ ਦੇ ਵਪਾਰੀਆਂ ਨੂੰ ਰੋਕਣ ਲਈ ਅੱਗੇ ਆਉਂਦੇ ਹਨ ਤੇ ਪ੍ਰਸ਼ਾਸਨ ਵੀ ਨਸ਼ਿਆਂ ਦੇ ਸੌਦਾਗਰਾਂ ਖ਼ਿਲਾਫ਼ ਕਾਰਵਾਈ ਕਰਨ ਦੀ ਥਾਂ ਅਜਿਹੇ ਲੋਕਾਂ ਦੇ ਖ਼ਿਲਾਫ਼ ਕਾਰਵਾਈ ਕਰ ਰਿਹਾ ਹੈ ਜੋ ਨਸ਼ਿਆਂ ਦੇ ਵਿਰੁੱਧ ਲੜਾਈ ਲੜਦੇ ਹਨ।
ਕੁਲਜੀਤ ਬੇਦੀ ਨੇ ਕਿਹਾ ਕਿ ਸਭ ਤੋਂ ਵੱਡੀ ਗੱਲ ਇਹ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਪਣਾ ਚੋਣ ਮੈਨੀਫੈਸਟੋ ਲੈ ਕੇ ਆਈ ਸੀ ਜਿਸ ਵਿੱਚ ਚਾਰ ਹਫ਼ਤਿਆਂ ਅੰਦਰ ਨਸ਼ਿਆਂ ਉੱਤੇ ਕਾਬੂ ਪਾਉਣ ਦੇ ਦਾਅਵੇ ਅਤੇ ਵਾਅਦੇ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਵਾਅਦਿਆਂ ਤੋਂ ਮੁਨਕਰ ਹੋ ਗਈ ਹੈ ਅਤੇ ਉਸਦੇ ਦਾਅਵੇ ਫੇਲ੍ਹ ਸਾਬਤ ਹੋਏ ਹਨ। ਇਹੀ ਕਾਰਨ ਹੈ ਕਿ ਸਰਕਾਰ ਸਿਰਫ਼ ਆਪਣਾ ਵਕਤ ਟਪਾ ਰਹੀ ਹੈ ਅਤੇ ਹੁਣ ਨਸ਼ਿਆਂ ਦੇ ਖ਼ਾਤਮੇ ਲਈ ਇੱਕ ਸਾਲ ਦਾ ਹੋਰ ਸਮਾਂ ਮੰਗ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨਸ਼ਿਆਂ ਕਾਰਨ ਪਰਿਵਾਰਕ ਅਤੇ ਸਮਾਜਿਕ ਤਾਣਾ-ਬਾਣਾ ਪੂਰੀ ਤਰ੍ਹਾਂ ਹਿਲ ਗਿਆ ਹੈ। ਨਸ਼ੇ ਦੀ ਗਿਰਫਤ ਵਿੱਚ ਆਏ ਨੌਜਵਾਨ ਨਸ਼ਿਆਂ ਲਈ ਪੈਸੇ ਨਾ ਮਿਲਣ ਤੇ ਆਪਣੇ ਪਰਿਵਾਰਕ ਮੈਂਬਰਾਂ ਉੱਤੇ ਹਮਲੇ ਕਰਨ ਤੋਂ ਵੀ ਨਹੀਂ ਹਿਚਕਦੇ। ਉਨ੍ਹਾਂ ਕਿਹਾ ਕਿ ਕੈਮੀਕਲ ਨਸ਼ੇ ਵੱਡੀ ਪੱਧਰ ਤੇ ਵਿਕ ਰਹੇ ਹਨ ਅਤੇ ਪੰਜਾਬ ਦਾ ਪੁਲਿਸ ਪ੍ਰਸ਼ਾਸਨ ਅੱਖਾਂ ਬੰਦ ਕਰਕੇ ਬੈਠਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦਾ ਨੌਜਵਾਨ ਵੱਡੀ ਗਿਣਤੀ ਵਿੱਚ ਵਿਦੇਸ਼ਾਂ ਵੱਲ ਰੁਖ਼ ਕਰ ਰਿਹਾ ਹੈ ਅਤੇ ਪਿੰਡਾਂ ਵਿੱਚ ਨੌਜਵਾਨ ਨਸ਼ਿਆਂ ਦਾ ਗੁਲਾਮ ਬਣ ਰਿਹਾ ਹੈ ਜਿਸ ਨਾਲ ਪੰਜਾਬ ਵਿੱਚ ਨੌਜਵਾਨ ਪਨੀਰੀ ਖ਼ਾਤਮੇ ਵੱਲ ਜਾ ਰਹੀ ਹੈ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਨਸ਼ਿਆਂ ਦੇ ਸੌਦਾਗਰਾਂ ਨੂੰ ਕੁਚਲਣ ਲਈ ਸਰਕਾਰ ਸਖਤ ਕਾਰਵਾਈ ਕਰੇ ਨਹੀਂ ਤਾਂ ਪੰਜਾਬ ਦੀ ਨੌਜਵਾਨੀ ਬੁਰੀ ਤਰ੍ਹਾਂ ਤਬਾਹ ਹੋ ਜਾਵੇਗੀ। ਜਿਸ ਲਈ ਪੂਰੀ ਤਰ੍ਹਾਂ ਪੰਜਾਬ ਸਰਕਾਰ ਹੀ ਪੂਰਨ ਰੂਪ ਵਿੱਚ ਜ਼ਿੰਮੇਵਾਰ ਹੋਵੇਗੀ।