
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਪੂਰਨਤਾਈ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ
ਨਬਜ਼-ਏ-ਪੰਜਾਬ, ਮੁਹਾਲੀ, 1 ਸਤੰਬਰ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸੰਪੂਰਨਤਾਈ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਜਿਸ ਵਿੱਚ ਭਾਈ ਗੁਰਦੀਪ ਸਿੰਘ ਸ੍ਰੀ ਪੰਜ਼ੋਖਰਾ ਸਾਹਿਬ ਦੇ ਪੰਥਕ ਢਾਡੀ ਜਥੇ ਨੇ 1706ਈ ਨੂੰ ਗੁਰੂ ਗੋਬਿੰਦ ਸਿੰਘ ਵੱਲੋਂ ਗੁਰੂ ਕੀ ਕਾਂਸ਼ੀ-ਸਾਬੋ ਕੀ ਤਲਵੰਡੀ ਵਿੱਚ ਭਾਈ ਮਨੀ ਸਿੰਘ ਪਾਸੋਂ ਨੌਵੇਂ ਪਾਤਸ਼ਾਹ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਕਰਵਾ ਕੇ ਗੁਰੂ ਗ੍ਰੰਥ ਸਾਹਿਬ ਦੀ ਸੰਪੂਰਨਤਾ ਕਰਵਾਉਣ ਦਾ ਪ੍ਰਸੰਗ ਢਾਡੀ ਵਾਰਾਂ ਰਾਹੀਂ ਸੁਣਾਇਆ। ਭਾਈ ਓਂਕਾਰ ਸਿੰਘ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਭਾਈ ਸੰਦੀਪ ਸਿੰਘ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ ਨੇ ਆਪਣੇ ਪ੍ਰਵਚਨਾਂ ਰਾਹੀਂ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਇਲਾਹੀ ਬਾਣੀ ਬਾਰੇ ਜਾਣੂ ਕਰਵਾਇਆ।
ਇਸ ਮੌਕੇ ਬੀਬੀ ਸੁਰਿੰਦਰ ਕੌਰ ਪਟਿਆਲਾ, ਸ਼੍ਰੋਮਣੀ ਪ੍ਰਚਾਰਕ ਭਾਈ ਹਰਜੀਤ ਸਿੰਘ ਸ਼ਾਹਬਾਦ ਮਾਰਕੰਡਾ, ਭਾਈ ਤਰਲੋਚਨ ਸਿੰਘ ਦਮਦਮੀ ਟਕਸਾਲ, ਭਾਈ ਲਖਵਿੰਦਰ ਸਿੰਘ, ਭਾਈ ਹਰਪ੍ਰੀਤ ਸਿੰਘ, ਭਾਈ ਮਹਿੰਦਰਪਾਲ ਸਿੰਘ, ਕਵੀਸ਼ਰ ਸੁਰਜੀਤ ਸਿੰਘ, ਅਕਾਲ ਕਵੀਸ਼ਰੀ ਜਥਾ, ਬੀਬੀ ਉਤਮਜੀਤ ਕੌਰ, ਭਾਈ ਪ੍ਰਿਤਪਾਲ ਸਿੰਘ, ਭਾਈ ਮਨਜੀਤ ਸਿੰਘ ਪਿਹੋਵੇ ਵਾਲੇ, ਭਾਈ ਜਸਵੰਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਹਰਬਖ਼ਸ਼ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਗੁਰੂ ਕਾ ਲੰਗਰ ਅਤੁੱਟ ਵਰਤਿਆ।