Share on Facebook Share on Twitter Share on Google+ Share on Pinterest Share on Linkedin ਮੱਛਲੀ ਖ਼ੁਰਦ ਤੋਂ ਬੀਰੋਮਾਜਰੀ ਤੱਕ ਲਿੰਕ ਸੜਕ ਦੀ ਹਾਲਤ ਖਸਤਾ, ਲੋਕ ਪ੍ਰੇਸ਼ਾਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਅਪਰੈਲ: ਮੁਹਾਲੀ ਨੇੜਲੇ ਪਿੰਡਾਂ ਦੀਆਂ ਲਿੰਕ ਸੜਕਾਂ ਦੀ ਹਾਲਤ ਖਸਤਾ ਹੋਣ ਕਾਰਨ ਪੇਂਡੂ ਖੇਤਰ ਦੇ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਅੰਨਦਾਤਾ ਨੂੰ ਵੀ ਆਪਣੀ ਫ਼ਸਲ ਮੰਡੀ ਵਿੱਚ ਲਿਆਉਣ ਲਈ ਦਿੱਕਤਾਂ ਆ ਰਹੀਆਂ ਹਨ। ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਪਿੰਡ ਮੱਛਲੀ ਖ਼ੁਰਦ ਤੋਂ ਮੱਛਲੀ ਕਲਾਂ, ਪਵਾਲਾ, ਬੀਰੋਮਾਜਰੀ ਤੱਕ ਲਿੰਕ ਸੜਕ ਦੀ ਮੁਰੰਮਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪਿੰਡ ਸਵਾੜਾ ਤੋਂ ਮੱਛਲੀ ਖ਼ੁਰਦ ਤੱਕ ਸੜਕ ਦਾ ਟੁਕੜਾ ਠੀਕ ਕਰ ਦਿੱਤਾ ਗਿਆ ਹੈ ਪ੍ਰੰਤੂ ਮੱਛਲੀ ਖ਼ੁਰਦ ਤੋਂ ਬੀਰੋਮਾਜਰੀ ਤੱਕ ਸੜਕ ਦੀ ਹਾਲਤ ਬਹੁਤ ਜ਼ਿਆਦਾ ਖ਼ਸਤਾ ਹੋ ਚੁੱਕੀ ਹੈ। ਜਿਸ ਕਾਰਨ ਰਾਹਗੀਰਾਂ ਖ਼ਾਸਕਰ ਕਿਸਾਨਾਂ ਨੂੰ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸ੍ਰੀ ਸ਼ਰਮਾ ਨੇ ਦੱਸਿਆ ਕਿ ਜੁਲਾਈ 2021 ਵਿੱਚ ਸਰਕਾਰ ਵੱਲੋਂ ਲਗਪਗ 11 ਕਿੱਲੋਮੀਟਰ ਲੰਬੀ ਇਸ ਸੜਕ ਦੀ ਮੁਰੰਮਤ ਕਰਨ ਦੀ ਮਨਜ਼ੂਰੀ ਦਿੱਤੀ ਗਈ ਸੀ। ਜਿਸ ਲਈ 2 ਕਰੋੜ ਰੁਪਏ ਮਨਜ਼ੂਰ ਹੋਏ ਸਨ। ਆਖ਼ਰੀ ਵਾਰ ਇਸ ਸੜਕ ਦੀ ਮੁਰੰਮਤ 2014 ਵਿੱਚ ਕੀਤੀ ਗਈ ਸੀ ਅਤੇ ਹੁਣ ਨਿਯਮਾਂ ਮੁਤਾਬਕ 2021 ਵਿੱਚ ਇਸ ਦੀ ਮੁਰੰਮਤ ਤੈਅ ਸੀ, ਇਸ ਸਬੰਧੀ ਪਿਛਲੀ ਕਾਂਗਰਸ ਸਰਕਾਰ ਨੇ ਬਾਕਾਇਦਾ ਮਨਜ਼ੂਰੀ ਅਤੇ ਫ਼ੰਡ ਵੀ ਜਾਰੀ ਕਰ ਦਿੱਤੇ ਗਏ ਸਨ। ਸਾਬਕਾ ਚੇਅਰਮੈਨ ਨੇ ਦੱਸਿਆ ਕਿ ਹੁਣ ਤੱਕ ਸਿਰਫ਼ 4 ਕਿੱਲੋਮੀਟਰ ਦਾ ਟੋਟਾ ਹੀ ਬਣਾਇਆ ਗਿਆ ਹੈ ਜਦਕਿ ਬਾਕੀ ਸੜਕ ਦੀ ਹਾਲਤ ਬਹੁਤ ਮਾੜੀ ਹੈ। ਉਨ੍ਹਾਂ ਕਿਹਾ ਕਿ ਠੇਕੇਦਾਰ ਦੀ ਨਾਲਾਇਕੀ ਕਾਰਨ ਲਗਪਗ ਦੋ ਸਾਲਾਂ ਵਿੱਚ ਵੀ ਇਸ ਸੜਕ ਦੀ ਮੁਰੰਮਤ ਨਹੀਂ ਹੋ ਸਕੀ। ਉਨ੍ਹਾਂ ਕਿਹਾ ਕਿ ਹੁਣ ਜਦੋਂ ਕਣਕ ਦਾ ਸੀਜ਼ਨ ਸ਼ੁਰੂ ਹੋ ਚੁੱਕਾ ਹੈ ਅਤੇ ਵਾਢੀ ਦਾ ਕੰਮ ਜ਼ੋਰਾਂ ’ਤੇ ਹੈ ਤਾਂ ਅਜਿਹੇ ਸਮੇਂ ਵਿੱਚ ਸੜਕ ਦੀ ਖਸਤਾ ਹਾਲਤ ਹੋਣ ਕਾਰਨ ਕਿਸਾਨਾਂ ਨੂੰ ਆਪਣੀ ਫ਼ਸਲ ਮੰਡੀਆਂ ਵਿੱਚ ਲਿਜਾਉਣ ਲਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਲੋਕ ਹਿੱਤ ਵਿੱਚ ਇਸ ਸੜਕ ਦੀ ਤੁਰੰਤ ਮੁਰੰਮਤ ਕੀਤੀ ਜਾਵੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ