ਪਿੰਡਾਂ ਦੀਆਂ ਲਿੰਕ ਸੜਕਾਂ ਦੀ ਹਾਲਤ ਮਾੜੀ, ਰਾਹਗੀਰ ਪ੍ਰੇਸ਼ਾਨ

ਨਬਜ਼-ਏ-ਪੰਜਾਬ, ਮੁਹਾਲੀ, 31 ਜਨਵਰੀ:
ਮਾਰਕੀਟ ਕਮੇਟੀ ਖਰੜ ਦੇ ਸਾਬਕਾ ਚੇਅਰਮੈਨ ਅਤੇ ਸੀਨੀਅਰ ਕਾਂਗਰਸੀ ਆਗੂ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਪੰਜਾਬ ਸਰਕਾਰ ‘ਤੇ ਪਿਛਲੇ ਸਾਲ ਹੜ੍ਹਾਂ ਦੌਰਾਨ ਨੁਕਸਾਨੀਆਂ ਗਈਆਂ ਲਿੰਕ ਸੜਕਾਂ ਦੀ ਮੁਰੰਮਤ ਨਾ ਕਰਵਾਉਣ ਦਾ ਦੋਸ਼ ਲਾਇਆ ਹੈ। ਅੱਜ ਇਥੇ ਪਿੰਡ ਚਡਿਆਲਾ ਸੂਦਾਂ ਤੋਂ ਮੱਛਲੀ ਕਲਾਂ ਨੂੰ ਜਾਂਦੀ ਲਿੰਕ ਸੜਕ ਉਤੇ ਬਰਸਾਤੀ ਹੜ੍ਹਾਂ ਦੌਰਾਨ ਪਏ ਪਾੜਾਂ ਨੂੰ ਦਿਖਾਉਂਦਿਆਂ ਉਨ੍ਹਾਂ ਕਿਹਾ ਕਿ ਪਿਛਲੀ ਬਰਸਾਤ ਦੌਰਾਨ ਆਏ ਹੜ੍ਹਾਂ ਨੇ ਇਸ ਸੜਕ ਦੀ ਹਾਲਤ ਨਰਕ ਵਰਗੀ ਬਣਾ ਦਿੱਤੀ ਸੀ ਪਰ ਹੁਣ ਤੱਕ ਲਗਪਗ 8 ਮਹੀਨੇ ਦਾ ਸਮਾਂ ਬੀਤਣ ਦੇ ਬਾਵਜੂਦ ਸਬੰਧਤ ਵਿਭਾਗ ਜਾਂ ਜ਼ਿਲ੍ਹਾ ਪ੍ਰਸ਼ਾਸਨ ਨੇ ਇਸ ਸੜਕ ’ਤੇ ਪਏ ਡੂੰਘੇ ਟੋਇਆਂ ਅਤੇ ਪਾੜਾਂ ਨੂੰ ਭਰ ਕੇ ਮੁਰੰਮਤ ਕਰਵਾਉਣ ਦੀ ਲੋੜ ਨਹੀਂ ਸਮਝੀ। ਉਨ੍ਹਾਂ ਕਿਹਾ ਕਿ ਸੜਕ ਉੱਤੇ ਪਏ 5-5 ਫੁੱਟ ਡੂੰਘੇ ਪਾੜਾਂ ਕਾਰਨ ਕਿਸੇ ਵੀ ਸਮੇਂ ਕੋਈ ਹਾਦਸਾ ਵਾਪਰ ਸਕਦਾ ਹੈ।
ਉਨ੍ਹਾਂ ਕਿਹਾ ਕਿ ਜਦੋਂ ਮੁਹਾਲੀ ਵਰਗੇ ਵੱਡੇ ਸ਼ਹਿਰ ਦੀ ਜੂਹ ਵਿੱਚ ਵਸੇ ਇਨ੍ਹਾਂ ਪਿੰਡਾਂ ਦੀਆਂ ਲਿੰਕ ਸੜਕਾਂ ਦਾ ਇਨ੍ਹਾਂ ਮੰਦਾ ਹਾਲ ਹੈ ਤਾਂ ਬਾਕੀ ਪੰਜਾਬ ਦੀਆਂ ਸੜਕਾਂ ਦੀ ਕੀ ਸਥਿਤੀ ਹੋਵੇਗੀ ਇਸ ਗੱਲ ਦਾ ਅੰਦਾਜ਼ਾ ਸਹਿਜੇ ਹੀ ਲਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਸੜਕ ਦੇ ਬਿਲਕੁਲ ਨੇੜੇ ਹੀ ਵੱਡਾ ਹਾਈਵੇ ਉਸਾਰਿਆ ਜਾ ਰਿਹਾ ਹੈ, ਪਰ ਪ੍ਰਸ਼ਾਸਨ ਵੱਲੋਂ ਇਸ ਲਿੰਕ ਸੜਕ ਦੀ ਬਿਲਕੁਲ ਅਣਦੇਖੀ ਕੀਤੇ ਜਾਣ ਕਾਰਨ ਇਲਾਕਾ ਨਿਵਾਸੀਆਂ ਅੰਦਰ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਾਈਵੇਅ ਦੀ ਉਸਾਰੀ ਦੇ ਨਾਲ-ਨਾਲ ਪਿੰਡਾਂ ਦੀਆਂ ਲਿੰਕ ਸੜਕਾਂ ਦਾ ਵੀ ਖਿਆਲ ਰੱਖਣਾ ਬਹੁਤ ਜ਼ਰੂਰੀ ਹੈ ਕਿਉਂਕਿ ਲਿੰਕ ਸੜਕਾਂ ਹੀ ਪੇਂਡੂ ਖੇਤਰਾਂ ਨੂੰ ਆਪਸ ਵਿੱਚ ਜੋੜਨ ਦਾ ਕੰਮ ਕਰਦੀਆਂ ਹਨ। ਉਨ੍ਹਾਂ ਪ੍ਰਸ਼ਾਸਨ ਅਤੇ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਜਲਦੀ ਇਸ ਦੀ ਮੁਰੰਮਤ ਨਾ ਕਰਵਾਈ ਗਈ ਤਾਂ ਉਹ ਪੰਜਾਬ ਸਰਕਾਰ ਤੇ ਸਬੰਧਤ ਵਿਭਾਗ ਖ਼ਿਲਾਫ਼ ਵੱਡਾ ਸੰਘਰਸ਼ ਵਿੱਢਣ ਲਈ ਮਜ਼ਬੂਰ ਹੋਣਗੇ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ ਪੁਲੀਸ ਨੇ ਸਫ਼ਾਈ ਮਜ਼ਦੂਰ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ, 2 ਮੁਲਜ਼ਮ ਕਾਬੂ

ਮੁਹਾਲੀ ਪੁਲੀਸ ਨੇ ਸਫ਼ਾਈ ਮਜ਼ਦੂਰ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ, 2 ਮੁਲਜ਼ਮ ਕਾਬੂ ਮੁਲਜ਼ਮਾਂ ਨੇ ਕੁਲਹਾੜੀ …