
ਸਾਬਕਾ ਮੇਅਰ ਜੀਤੀ ਸਿੱਧੂ ਦੇ ਮਾਮਲੇ ਵਿੱਚ ਅਦਾਲਤ ਨੇ ਫ਼ੈਸਲਾ ਰਾਖਵਾਂ ਰੱਖਿਆ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਜਨਵਰੀ:
ਮੁਹਾਲੀ ਨਗਰ ਨਿਗਮ ਦੇ ਸਾਬਕਾ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਕੌਂਸਲਰ ਵਜੋਂ ਮੈਂਬਰਸ਼ਿਪ ਰੱਦ ਕਰਨ ਸਬੰਧੀ ਉੱਚ ਅਦਾਲਤ ਨੇ ਆਪਣਾ ਫ਼ੈਸਲਾ ਰਾਖਵਾਂ ਰੱਖ ਲਿਆ ਹੈ। ਪੰਜਾਬ ਸਰਕਾਰ ਵੱਲੋਂ ਕੁੱਝ ਦਿਨ ਮੇਅਰ ਦੇ ਅਹੁਦੇ ਤੋਂ ਲਾਂਭੇ ਕੀਤੇ ਗਏ ਜੀਤੀ ਸਿੱਧੂ ਨੇ ਸਰਕਾਰ ਦੇ ਇਸ ਫ਼ੈਸਲੇ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਚੁਨੌਤੀ ਦਿੱਤੀ ਗਈ ਸੀ। ਸੁਣਵਾਈ ਲਈ ਇਹ ਕੇਸ ਅੱਜ ਹਾਈ ਕੋਰਟ ਦੇ ਜੱਜ ਜਸਟਿਸ ਵਿਨੋਦ ਭਾਰਦਵਾਜ ਦੀ ਅਦਾਲਤ ਵਿੱਚ ਲੱਗਿਆ ਸੀ। ਇਸ ਦੌਰਾਨ ਦੋਵਾਂ ਧਿਰਾਂ ਦੇ ਵਕੀਲਾਂ ਵਿੱਚ ਕਰੀਬ ਘੰਟਾ ਬਹਿਸ ਹੋਈ। ਸਰਕਾਰੀ ਵਕੀਲ ਅਤੇ ਬਚਾਅ ਪੱਖ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਆਪਣਾ ਫ਼ੈਸਲਾ ਰਾਖਵਾਂ ਰੱਖ ਲਿਆ।
ਜ਼ਿਕਰਯੋਗ ਹੈ ਕਿ ਸਥਾਨਕ ਸਰਕਾਰ ਵਿਭਾਗ ਦੇ ਪ੍ਰਮੁੱਖ ਸਕੱਤਰ ਵੱਲੋਂ ਬੀਤੀ 30 ਦਸੰਬਰ ਨੂੰ ਜੀਤੀ ਸਿੱਧੂ ਦੀ ਕੌਂਸਲਰ ਵਜੋਂ ਮੈਂਬਰਸ਼ਿਪ ਖ਼ਾਰਜ ਕਰ ਦਿੱਤੀ ਸੀ। ਜਦੋਂ ਇਸ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਗਿਆ ਉਦੋਂ ਜੀਤੀ ਸਿੱਧੂ ਨਿੱਜੀ ਦੌਰੇ ’ਤੇ ਵਿਦੇਸ਼ ਗਏ ਹੋਏ ਸਨ। ਉਹ ਬੀਤੀ 3 ਜਨਵਰੀ ਨੂੰ ਵਾਪਸ ਪਰਤੇ ਹਨ ਅਤੇ ਕਾਨੂੰਨੀ ਮਾਹਰਾਂ ਨਾਲ ਰਾਇ ਕਰਕੇ ਸਾਬਕਾ ਮੇਅਰ ਨੇ ਇਨਸਾਫ਼ ਪ੍ਰਾਪਤੀ ਲਈ ਹਾਈ ਕਰੋਟ ਦਾ ਬੂਹਾ ਖੜਕਾਇਆ ਸੀ। ਉਨ੍ਹਾਂ ਆਪਣੀ ਪਟੀਸ਼ਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਨੇ ਸਿਆਸੀ ਬਦਲਾਖੋਰੀ ਦੇ ਚੱਲਦਿਆਂ ਉਸ ਨੂੰ ਮੇਅਰ ਦੇ ਅਹੁਦੇ ਤੋਂ ਲਾਂਭੇ ਕਰਨ ਲਈ ਗਲਤ ਤਰੀਕੇ ਨਾਲ ਕੌਂਸਲਰ ਵਜੋਂ ਉਸ ਦੀ ਮੈਂਬਰਸ਼ਿਪ ਰੱਦ ਕੀਤੀ ਗਈ ਹੈ।