ਪੰਜਾਬ ਪੁਲੀਸ ਵੱਲੋਂ ਗੈਂਗਵਾਰ ਵਿੱਚ ਸ਼ਾਮਲ ਅਪਰਾਧੀ ਗਰੋਹ ਦਾ ਪਰਦਾਫਾਸ਼, ਮੁਲਜ਼ਮ ਗ੍ਰਿਫ਼ਤਾਰ

ਮੁਲਜ਼ਮ ਦੇ ਫਰਾਰ ਸਾਥੀ ਨੂੰ ਫੜਨ ਲਈ ਛਾਪੇਮਾਰੀ ਜਾਰੀ: ਏਆਈਜੀ ਅਸ਼ਵਨੀ ਕਪੂਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਮਈ:
ਪੰਜਾਬ ਪੁਲੀਸ ਦੇ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ ਮੁਹਾਲੀ ਵੱਲੋਂ ਅੱਜ ਗੈਂਗਵਾਰ ਵਿੱਚ ਸ਼ਾਮਲ ਇੱਕ ਬਦਨਾਮ ਅਪਰਾਧੀ ਗਰੋਹ ਦਾ ਪਰਦਾਫਾਸ਼ ਕਰਕੇ ਇਸ ਦੇ ਸਰਗਰਮ ਮੈਂਬਰ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੇ ਕਬਜ਼ੇ ’ਚੋਂ.30 ਬੋਰ ਦਾ ਪਿਸਤੌਲ ਅਤੇ 5 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਗ੍ਰਿਫ਼ਤਾਰ ਕੀਤੇ ਮੁਲਜ਼ਮ ਦੀ ਪਛਾਣ ਰਾਹੁਲ ਉਰਫ਼ ਆਕਾਸ਼ ਵਾਸੀ ਪਿੰਡ ਨੌਰੰਗ ਕੇ ਲੇਲੀ (ਫਿਰੋਜਪੁਰ) ਵਜੋਂ ਹੋਈ ਹੈ।
ਪੰਜਾਬ ਪੁਲੀਸ ਦੇ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ ਦੇ ਏਆਈਜੀ ਅਸ਼ਵਨੀ ਕਪੂਰ ਨੇ ਦੱਸਿਆ ਕਿ ਇਸ ਸਬੰਧੀ ਸਪੈਸ਼ਲ ਅਪਰੇਸ਼ਨ ਸੈੱਲ ਦੇ ਮੁਹਾਲੀ ਸਥਿਤ ਥਾਣੇ ਵਿੱਚ ਅਸਲਾ ਐਕਟ ਦੀ ਧਾਰਾ 25 ਅਧੀਨ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਮੁਲਜ਼ਮ ਦੇ ਇੱਕ ਹੋਰ ਸਾਥੀ ਸੁੱਖ ਉਰਫ਼ ਸੁਭਾਸ਼ ਵਾਸੀ ਪਿੰਡ ਬਾਬਰਾ ਆਜ਼ਮ ਸ਼ਾਹ (ਫਿਰੋਜਪੁਰ) ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਇਹ ਦੋਵੇਂ ਮੁਲਜ਼ਮ ਅਪਰਾਧਿਕ ਪਿਛੋਕੜ ਵਾਲੇ ਹਨ ਅਤੇ ਦੋਹਰੇ ਕਤਲ, ਇਰਾਦਾ-ਏ-ਕਤਲ ਤੇ ਅਸਲਾ ਐਕਟ ਸਮੇਤ ਹੋਰ ਘਿਣਾਉਣੇ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦੇ ਹਨ।
ਏਆਈਜੀ ਅਸ਼ਵਨੀ ਕਪੂਰ ਨੇ ਦੱਸਿਆ ਕਿ ਸਪੈਸ਼ਲ ਅਪਰੇਸ਼ਨ ਸੈੱਲ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਮੁਲਜ਼ਮ ਰਾਹੁਲ ਅਤੇ ਸੁੱਖ ਜੋ ਜੇਲ੍ਹ ’ਚੋਂ ਜ਼ਮਾਨਤ ’ਤੇ ਰਿਹਾਅ ਹਨ, ਵਿਰੋਧੀ ਗਰੋਹਾਂ ਦੇ ਮੈਂਬਰਾਂ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਰਚ ਰਹੇ ਹਨ ਅਤੇ ਉਹ ਆਪਣੇ ਅਣਪਛਾਤੇ ਸਾਥੀਆਂ ਤੋਂ ਹੋਰ ਗੈਰ-ਕਾਨੂੰਨੀ ਹਥਿਆਰਾਂ ਦਾ ਪ੍ਰਬੰਧ ਕਰ ਰਹੇ ਸਨ। ਏਆਈਜੀ ਕਪੂਰ ਨੇ ਦੱਸਿਆ ਕਿ ਐਸਐਸਓਸੀ ਦੀ ਮੁਹਾਲੀ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਮੁਲਜ਼ਮ ਰਾਹੁਲ ਉਰਫ਼ ਆਕਾਸ਼ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ’ਚੋਂ ਇੱਕ ਪਿਸਤੌਲ ਬਰਾਮਦ ਕੀਤਾ ਗਿਆ, ਜਦੋਂਕਿ ਉਸ ਦਾ ਸਾਥੀ ਸੁੱਖ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਿਆ। ਉਨ੍ਹਾਂ ਦੱਸਿਆ ਕਿ ਪੁਲੀਸ ਟੀਮਾਂ ਫਰਾਰ ਮੁਲਜ਼ਮ ਨੂੰ ਫੜਨ ਲਈ ਛਾਪੇਮਾਰੀ ਕਰ ਰਹੀਆਂ ਹਨ ਅਤੇ ਉਸ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਏਆਈਜੀ ਨੇ ਕਿਹਾ ਕਿ ਅਪਰਾਧਿਕ ਵਾਰਦਾਤਾਂ ਸਬੰਧੀ ਮੁਲਜ਼ਮਾਂ ਦੇ ਅਗਲੇ-ਪਿਛਲੇ ਸਬੰਧਾਂ ਅਤੇ ਉਨ੍ਹਾਂ ਦੇ ਗੈਰ-ਕਾਨੂੰਨੀ ਹਥਿਆਰਾਂ ਅਤੇ ਗੋਲਾ-ਸਿੱਕਾ ਪ੍ਰਾਪਤ ਕਰਨ ਦੇ ਸਰੋਤਾਂ ਦਾ ਪਤਾ ਲਗਾਉਣ ਲਈ ਲਈ ਪੁੱਛਗਿੱਛ ਜਾਰੀ ਹੈ ਅਤੇ ਪੁੰਛਗਿੱਛ ਦੌਰਾਨ ਅਪਰਾਧਿਕ ਮਾਮਲਿਆਂ ਵਿੱਚ ਹੋਰ ਅਹਿਮ ਸੁਰਾਗ ਹੱਥ ਲੱਗਣ ਦੀ ਸੰਭਾਵਨਾ ਹੈ।

Load More Related Articles

Check Also

ਬੰਬਾਂ ਬਾਰੇ ਬਿਆਨ ਦਾ ਮਾਮਲਾ: ਮੁਹਾਲੀ ਥਾਣੇ ਵਿੱਚ ਪੇਸ਼ ਨਹੀਂ ਹੋਏ ਪ੍ਰਤਾਪ ਸਿੰਘ ਬਾਜਵਾ

ਬੰਬਾਂ ਬਾਰੇ ਬਿਆਨ ਦਾ ਮਾਮਲਾ: ਮੁਹਾਲੀ ਥਾਣੇ ਵਿੱਚ ਪੇਸ਼ ਨਹੀਂ ਹੋਏ ਪ੍ਰਤਾਪ ਸਿੰਘ ਬਾਜਵਾ ਬਾਜਵਾ ਨੇ ਆਪਣੇ ਵਕ…