
ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਨੇ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ, ਗੇਟ ਰੈਲੀ ਕੀਤੀ
ਪੰਜਾਬ ਸਰਕਾਰ ਨੂੰ 17 ਜੂਨ ਤੱਕ ਦਾ ਅਲਟੀਮੇਟਮ ਦਿੱਤਾ, ਮੁੜ ਕਲਮਛੋੜ ਹੜਤਾਲ ’ਤੇ ਜਾਣ ਦਾ ਐਲਾਨ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂਨ:
ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਵੱਲੋਂ ਅੱਜ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਗੇਟ ਰੈਲੀ ਕੀਤੀ ਅਤੇ ਡੀਸੀ ਦਫ਼ਤਰ ਦੇ ਸਾਹਮਣੇ ਸੰਕੇਤਕ ਧਰਨਾ ਦੇ ਕੇ ਹੁਕਮਰਾਨਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਮੱੁਖ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਵਾਅਦਾਖ਼ਿਲਾਫ਼ੀ ਕੀਤੀ ਜਾ ਰਹੀ ਹੈ। ਜਿਸ ਕਾਰਨ ਮੁਲਾਜ਼ਮ ਵਰਗ ਇਨਸਾਫ਼ ਲਈ ਸੜਕਾਂ ’ਤੇ ਆਉਣ ਲਈ ਮਜਬੂਰ ਹੈ।
ਉਨ੍ਹਾਂ ਕਿਹਾ ਕਿ ਡੀਸੀ ਦਫ਼ਤਰ ਦੇ ਕਾਮਿਆਂ ਦੀਆਂ ਸਰਕਾਰ ਪੱਧਰ ਤੇ ਮਾਲ ਵਿਭਾਗ ਅਤੇ ਮਾਲ ਮੰਤਰੀ ਨਾਲ ਹੋਈਆਂ ਮੀਟਿੰਗਾਂ ਵਿੱਚ ਲਏ ਜਾਂਦੇ ਫੈਸਲਿਆਂ ਨੂੰ ਪਿਛਲੇ ਲੰਮੇ ਸਮੇਂ ਤੋਂ ਲਾਗੂ ਨਹੀਂ ਕੀਤਾ ਜਾ ਰਿਹਾ। ਇਸ ਕਾਰਨ ਡੀਸੀ ਦਫ਼ਤਰ ਮੁਲਾਜ਼ਮ ਸੰਘਰਸ਼ ਦੇ ਰਾਹ ’ਤੇ ਹਨ। ਉਨ੍ਹਾਂ ਸਰਕਾਰ ਨੂੰ 17 ਜੂਨ ਤੱਕ ਮੰਗਾਂ ਮੰਨਣ ਲਈ ਅਲਟੀਮੇਟਮ ਦਿੰਦੇ ਹੋਏ 18 ਜੂਨ ਤੋਂ ਦੁਬਾਰਾ ਕਲਮਛੋੜ ਹੜਤਾਲ ’ਤੇ ਜਾਂਚ ਦੀ ਚਿਤਾਵਨੀ ਦਿੱਤੀ।
ਇਸ ਮੌਕੇ ਚੇਅਰਮੈਨ ਵਿਜੈ ਪ੍ਰਭਾਕਰ, ਸੀਨੀਅਰ ਮੀਤ ਪ੍ਰਧਾਨ ਪ੍ਰਦੀਪ ਕੁਮਾਰ, ਮੀਤ ਪ੍ਰਧਾਨ ਹਰਜਿੰਦਰ ਕੌਰ, ਜਨਰਲ ਸਕੱਤਰ ਗੁਰਿੰਦਰ ਸਿੰਘ, ਪ੍ਰੈਸ ਸਕੱਤਰ ਗੁਰਵਿੰਦਰ ਸਿੰਘ ਦੁਰਾਲੀ, ਪੰਕਜ ਕੁਮਾਰ, ਮਨੋਜ਼ ਕੁਮਾਰ, ਰਮਨਦੀਪ ਸਿੰਘ, ਯਾਦਵਿੰਦਰ ਕੌਰ, ਕਾਂਤਾ ਰਾਣੀ ਸਮੇਤ ਹੋਰ ਮੁਲਾਜ਼ਮ ਹਾਜ਼ਰ ਸਨ।