nabaz-e-punjab.com

ਸੜਕ ਹਾਦਸੇ ਵਿੱਚ ਮਾਸੂਮ ਬੱਚੇ ਦੀ ਮੌਤ, ਮਾਂ-ਪਿਉ ਗੰਭੀਰ ਜ਼ਖ਼ਮੀ, ਮਾਂ ਦੀ ਹਾਲਤ ਨਾਜ਼ੁਕ

ਮਾਂ ਅਮਰਜੀਤ ਕੌਰ ਦੀ ਹਾਲਤ ਨਾਜ਼ੁਕ, ਇੱਕ ਲੱਤ ਟੁੱਟੀ ਅਤੇ ਸੱਜੀ ਅੱਖ ਦਾ ਡੇਲਾ ਆਇਆ ਬਾਹਰ, ਟਿੱਪਰ ਚਾਲਕ ਮੌਕੇ ਤੋਂ ਫਰਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਅਗਸਤ:
ਮੁਹਾਲੀ-ਖਰੜ ਨੈਸ਼ਨਲ ਹਾਈਵੇਅ-21 ਤੋਂ ਟੀਡੀਆਈ ਨੇੜਿਓਂ ਸ਼ਹਿਰ ਦੇ ਪ੍ਰਮੁੱਖ ਮਾਰਗ ਏਅਰਪੋਰਟ ਸੜਕ ’ਤੇ ਵਾਪਰੇ ਭਿਆਨਕ ਹਾਦਸੇ ਵਿੱਚ ਇੱਕ ਮਾਸੂਮ ਬੱਚੇ ਦੀ ਮੌਤ ਹੋ ਗਈ ਜਦੋਂਕਿ ਇਸ ਹਾਦਸੇ ਵਿੱਚ ਮ੍ਰਿਤਕ ਬੱਚੇ ਦੇ ਮਾਂ-ਪਿਉ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਮ੍ਰਿਤਕ ਬੱਚੇ ਦੀ ਪਛਾਣ ਗੁਰਪ੍ਰੀਤ ਸਿੰਘ (4) ਵਾਸੀ ਮੁੱਲਾਂਪੁਰ ਗਰੀਬਦਾਸ ਵਜੋਂ ਹੋਈ ਹੈ। ਜ਼ਖ਼ਮੀ ਬਲਵੰਤ ਸਿੰਘ ਅਤੇ ਉਸ ਦੀ ਪਤਨੀ ਅਮਰਜੀਤ ਕੌਰ ਨੂੰ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਜਿੱਥੇ ਡਾਕਟਰਾਂ ਨੇ ਹਾਲਤ ਜ਼ਿਆਦਾ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਪੀਜੀਆਈ ਹਸਪਤਾਲ ਚੰਡੀਗੜ੍ਹ ਰੈਫਰ ਕਰ ਦਿੱਤਾ। ਮ੍ਰਿਤਕ ਬੱਚੇ ਦੀ ਮਾਂ ਅਮਰਜੀਤ ਕੌਰ ਦੀ ਹਾਲਤ ਨਾਜ਼ੁਕ ਦੱਸੀ ਗਈ ਹੈ। ਉਸ ਦੀ ਇੱਕ ਲੱਤ ਟੁੱਟ ਗਈ ਅਤੇ ਸੱਜੀ ਅੱਖ ਦਾ ਡੇਲਾ ਬਾਹਰ ਆ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਬਲਵੰਤ ਸਿੰਘ ਮੋਟਰ ਸਾਈਕਲ ’ਤੇ ਸਵਾਰ ਹੋ ਕੇ ਆਪਣੀ ਪਤਨੀ ਅਮਰਜੀਤ ਕੌਰ ਅਤੇ 4 ਸਾਲ ਦੇ ਬੇਟੇ ਗੁਰਪ੍ਰੀਤ ਸਿੰਘ ਨਾਲ ਕੇਐਫ਼ਸੀ ਦੇ ਸਾਹਮਣੇ ਤੋਂ ਟੀਡੀਆਈ ਨੇੜਿਓਂ ਮੁਹਾਲੀ ਵੱਲ ਜਾ ਰਿਹਾ ਸੀ ਕਿ ਇਸ ਦੌਰਾਨ ਪਿੱਛੋਂ ਟਿੱਪਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਉਹ ਸੜਕ ’ਤੇ ਡਿੱਗ ਕੇ ਬੂਰੀ ਤਰ੍ਹਾਂ ਜ਼ਖ਼ਮੀ ਹੋ ਗਏ। ਸੂਚਨਾ ਮਿਲਦੇ ਹੀ ਬਲੌਂਗੀ ਪੁਲੀਸ ਅਤੇ ਪੀਸੀਆਰ ਦੇ ਜਵਾਨ ਵੀ ਮੌਕੇ ’ਤੇ ਪਹੁੰਚ ਗਏ ਅਤੇ ਜ਼ਖ਼ਮੀਆਂ ਨੂੰ ਤੁਰੰਤ ਸਰਕਾਰੀ ਹਸਪਤਾਲ ਵਿੱਚ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਚਾਰ ਦੇ ਬੱਚੇ ਗੁਰਪ੍ਰੀਤ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ। ਹਾਲਾਂਕਿ ਇਸ ਹਾਦਸੇ ਤੋਂ ਬਾਅਦ ਟਿੱਪਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਪ੍ਰੰਤੂ ਕਿਸੇ ਰਾਹਗੀਰ ਨੇ ਟਿੱਪਰ ਦਾ ਨੰਬਰ ਨੋਟ ਕੇ ਪੁਲੀਸ ਨੂੰ ਦਿੱਤਾ ਗਿਆ।
ਉਧਰ, ਇਸ ਸਬੰਧੀ ਸੰਪਰਕ ਕਰਨ ’ਤੇ ਬਲੌਂਗੀ ਥਾਣੇ ਦੇ ਐਸਐਚਓ ਮਨਫੂਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਬੱਚੇ ਦੇ ਪਿਤਾ ਬਲਵੰਤ ਸਿੰਘ ਦੇ ਬਿਆਨਾਂ ’ਤੇ ਅਣਪਛਾਤੇ ਟਿੱਪਰ ਚਾਲਕ ਦੇ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਜ਼ਖ਼ਮੀ ਅਮਰਜੀਤ ਕੌਰ ਦੀ ਹਾਲਤ ਕਾਫੀ ਨਾਜ਼ੁਕ ਬਣੀ ਹੋਈ ਹੈ। ਉਨ੍ਹਾਂ ਦੱਸਿਆ ਕਿ ਰਾਹਗੀਰ ਵੱਲੋਂ ਪੁਲੀਸ ਨੂੰ ਦੱਸੇ ਨੰਬਰ ਨੂੰ ਆਧਾਰ ਬਣਾ ਕੇ ਹਾਦਸਾਗ੍ਰਸਤ ਟਿੱਪਰ ਦੇ ਚਾਲਕ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Load More Related Articles
Load More By Nabaz-e-Punjab
Load More In Accident

Check Also

ਸਿਲਵੀ ਪਾਰਕ ਨੇੜੇ ਵਾਪਰੇ ਭਿਆਨਕ ਹਾਦਸੇ ਵਿੱਚ ਚਾਲਕ ਦੀ ਮੌਤ

ਸਿਲਵੀ ਪਾਰਕ ਨੇੜੇ ਵਾਪਰੇ ਭਿਆਨਕ ਹਾਦਸੇ ਵਿੱਚ ਚਾਲਕ ਦੀ ਮੌਤ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਦਸੰਬਰ: ਇੱ…