ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਤੇ ਭਾਜਪਾ ਆਗੂ ਬ੍ਰਿਜ ਭੂਸਣ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਨੇ ਜ਼ੋਰ ਫੜਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਮਈ:
ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਅਤੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਨੇ ਜ਼ੋਰ ਫੜ ਲਿਆ ਹੈ ਅਤੇ ਕੇਂਦਰ ਸਰਕਾਰ ਖ਼ਿਲਾਫ਼ ਰੋਜ਼ਾਨਾ ਥਾਂ-ਥਾਂ ’ਤੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਪੈਰੀਫੈਰੀ ਮਿਲਕ ਯੂਨੀਅਨ ਮੁਹਾਲੀ-ਚੰਡੀਗੜ੍ਹ ਨੇ ਵੀ ਜਿਨਸੀ ਸ਼ੋਸ਼ਣ ਦਾ ਸਿਕਾਰ ਮਹਿਲਾ ਪਹਿਲਵਾਨਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਦਿਆਂ ਅੱਜ ਦੇਸ਼ ਦੇ ਹੁਕਮਰਾਨਾਂ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ।
ਯੂਨੀਅਨ ਦੇ ਜਰਨਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ ਨੇ ਕਿਹਾ ਕਿ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਅਤੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ, ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ ਪ੍ਰੰਤੂ ਸਿਆਸੀ ਦਬਾਅ ਕਾਰਨ ਪੁਲੀਸ ਉਸ ਨੂੰ ਗ੍ਰਿਫ਼ਤਾਰ ਨਹੀਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰੋਜ਼ਾਨਾ ਬੇਟੀ ਪੜ੍ਹਾਓ-ਬੇਟੀ ਬਚਾਓ ਦਾ ਨਾਅਰਾ ਲਗਾਉਂਦੇ ਨਹੀਂ ਥੱਕਦੇ ਹਨ ਪ੍ਰੰਤੂ ਹੁਣ ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ’ਤੇ ਹੁਕਮਰਾਨਾਂ ਨੇ ਚੁੱਪੀ ਧਾਰ ਲਈ ਹੈ।
ਸ੍ਰੀ ਭਾਗੋਮਾਜਰਾ ਨੇ ਕਿਹਾ ਕਿ ਭਾਵੇਂ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਭਾਜਪਾ ਆਗੂ ਬ੍ਰਿਜ ਭੂਸ਼ਣ ਵਿਰੁੱਧ ਪੌਸਕੋ ਐਕਟ ਵਰਗੀਆਂ ਗੰਭੀਰ ਧਾਰਾਵਾਂ ਤਹਿਤ ਅਪਰਾਧਿਕ ਕੇਸ ਦਰਜ ਕੀਤਾ ਗਿਆ ਹੈ ਪ੍ਰੰਤੂ ਭਾਜਪਾ ਦੇ ਸੰਸਦ ਮੈਂਬਰ ਨੂੰ ਅਜੇ ਤਾਈਂ ਗ੍ਰਿਫ਼ਤਾਰ ਨਾ ਕਰਨਾ ਕੇਂਦਰ ਸਰਕਾਰ ਦੀ ਕਾਰਗੁਜ਼ਾਰੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਬੇਟੀ ਪੜ੍ਹਾਓ-ਬੇਟੀ ਬਚਾਓ ਦੇ ਫੌਕੇ ਨਾਅਰਾ ’ਤੇ ਸਵਾਲ ਖੜ੍ਹੇ ਕਰਦਾ ਹੈ। ਆਗੂਆਂ ਨੇ ਮੰਗ ਕੀਤੀ ਕਿ ਦੇਸ਼ ਵਿੱਚ ਧੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ ਅਤੇ ਭਾਜਪਾ ਆਗੂ ਦੀ ਵਧੀਕੀਆਂ ਦਾ ਸਾਹਮਣਾ ਕਰ ਰਹੇ ਮਹਿਲਾ ਪਹਿਲਵਾਨਾਂ ਨੂੰ ਇਨਸਾਫ਼ ਦਿਵਾਇਆ ਜਾਵੇ। ਇਸ ਮੌਕੇ ਸੁਖਵਿੰਦਰ ਸਿੰਘ ਬਾਸੀਆਂ, ਜਸਵੀਰ ਸਿੰਘ ਨਰੈਣਾ, ਬਲਵਿੰਦਰ ਸਿੰਘ ਬੀੜ, ਦਲਜੀਤ ਸਿੰਘ ਮਨਾਣਾ, ਸੰਤ ਸਿੰਘ ਕੁਰੜੀ, ਸਤਪਾਲ ਸਿੰਘ ਸਵਾੜਾ, ਜਸਵੀਰ ਸਿੰਘ ਢਕੋਰਾ, ਸੁਭਾਸ਼ ਗੋਚਰ, ਮਨਜੀਤ ਸਿੰਘ, ਹਰਜੰਗ ਸਿੰਘ, ਜਗਤਾਰ ਸਿੰਘ ਅਤੇ ਅੰਗਰੇਜ਼ ਸਿੰਘ ਵੀ ਮੌਜੂਦ ਸਨ।

Load More Related Articles

Check Also

ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 10 ਅਪਰੈਲ: ਇੱਥੋ…