
ਜਨਰਲ ਕੈਟਾਗਰੀ ਕਮਿਸ਼ਨ ਦਾ ਚੇਅਰਮੈਨ ਤੇ ਅਮਲਾ ਤਾਇਨਾਤ ਕਰਨ ਦੀ ਮੰਗ ਨੇ ਜ਼ੋਰ ਫੜਿਆ
ਨਬਜ਼-ਏ-ਪੰਜਾਬ, ਮੁਹਾਲੀ, 2 ਅਗਸਤ:
ਜਨਰਲ ਕੈਟਾਗਰੀਜ਼ ਵੈੱਲਫੇਅਰ ਫੈਡਰੇਸ਼ਨ ਪੰਜਾਬ, ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਜਸਵੀਰ ਸਿੰਘ ਗੜਾਂਗ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਪੰਜਾਬ ਰਾਜ ਕਮਿਸ਼ਨ ਫ਼ਾਰ ਜਨਰਲ ਕੈਟਾਗਰੀ ਦਾ ਚੇਅਰਮੈਨ ਅਤੇ ਹੋਰ ਦਫ਼ਤਰੀ ਅਮਲਾ ਫੌਰੀ ਤਾਇਨਾਤ ਕੀਤਾ ਜਾਵੇ ਤਾਂ ਜੋ ਬਾਕੀ ਕਮਿਸ਼ਨਾਂ ਵਾਂਗ ਜਨਰਲ ਕੈਟਾਗਰੀ ਕਮਿਸ਼ਨ ਦੇ ਦਫ਼ਤਰ ਵਿੱਚ ਵੀ ਕੰਮ ਸ਼ੁਰੂ ਹੋ ਸਕੇ। ਉਨ੍ਹਾਂ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਵੱਲੋਂ ਫੈਡਰੇਸ਼ਨ ਦੀ ਚਿਰਕੌਣੀ ਮੰਗ ਪ੍ਰਵਾਨ ਕਰਦਿਆਂ ਤਤਕਾਲੀ ਮੁੱਖ ਮੰਤਰੀ ਵੱਲੋਂ 29 ਦਸੰਬਰ 2021 ਨੂੰ ਪੰਜਾਬ ਰਾਜ ਕਮਿਸ਼ਨ ਫ਼ਾਰ ਜਨਰਲ ਕੈਟਾਗਰੀ ਦਾ ਗਠਨ ਕਰਨ ਲਈ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਸੀ ਅਤੇ ਕਮਿਸ਼ਨ ਦਾ ਚੇਅਰਮੈਨ, ਵਾਈਸ ਚੇਅਰਮੈਨ ਅਤੇ ਇੱਕ ਮੈਂਬਰ ਵੀ ਲਗਾ ਦਿੱਤਾ ਸੀ।
ਸ੍ਰੀ ਗੜਾਂਗ ਨੇ ਕਿਹਾ ਕਿ ਚੇਅਰਮੈਨ ਵੱਲੋਂ ਨਕੋਦਰ ਤੋਂ ਚੋਣ ਲੜਨ ਕਾਰਨ ਆਪਣੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਗਿਆ ਸੀ ਅਤੇ ਲਗਪਗ ਡੇਢ ਸਾਲ ਤੋਂ ਮੌਜੂਦਾ ਸਰਕਾਰ ਨੇ ਕਿਸੇ ਨੂੰ ਚੇਅਰਮੈਨ ਨਹੀਂ ਲਗਾਇਆ ਅਤੇ ਨਾ ਹੀ ਕਮਿਸ਼ਨ ਦਫ਼ਤਰ ਵਿੱਚ ਹੋਰ ਅਮਲਾ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਕੁਲਦੀਪ ਸਿੰਘ ਧਾਲੀਵਾਲ ਅਤੇ ਅਮਨ ਅਰੋੜਾ ਨੂੰ ਮਿਲ ਕੇ ਮੰਗ ਪੱਤਰ ਦਿੱਤੇ ਜਾ ਚੁੱਕੇ ਹਨ, ਪ੍ਰੰਤੂ ਹੁਣ ਤੱਕ ਫੈਡਰੇਸ਼ਨ ਦੀ ਇਸ ਮੰਗ ’ਤੇ ਗੌਰ ਨਹੀਂ ਕੀਤਾ ਗਿਆ। ਉਨ੍ਹਾਂ ਨੇ ਪੰਜਾਬ ਕੈਬਨਿਟ ਵਿੱਚ ਸ਼ਾਮਲ ਜਨਰਲ ਕੈਟਾਗਰੀ ਦੇ ਮੰਤਰੀਆਂ ਨੂੰ ਅਪੀਲ ਕੀਤੀ ਕਿ ਉਹ ਨਿੱਜੀ ਦਖ਼ਲ ਦੇ ਕੇ ਕਮਿਸ਼ਨ ਨੂੰ ਚਾਲੂ ਕਰਵਾਉਣ ਲਈ ਆਪਣਾ ਯੋਗਦਾਨ ਪਾਉਣ ਤਾਂ ਜੋ ਜਨਰਲ ਵਰਗ ਨੂੰ ਇਨਸਾਫ਼ ਮਿਲ ਸਕੇ। ਨਾਲ ਹੀ ਉਨ੍ਹਾਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੋਂ ਮੰਗ ਕੀਤੀ ਕਿ ਛੇਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਜਨਰਲ ਅਤੇ ਬੀਸੀ ਵਰਗ ਦੇ ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਦਿੱਤੀਆਂ ਜਾਣ।