
ਸਿਹਤ ਵਿਭਾਗ ਦੀ ਡਾਇਰੈਕਟਰ ਨੇ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਕੇ ਜਾਇਜ਼ਾ ਲਿਆ
ਪਿੰਡ ਬਲੌਂਗੀ ਤੇ ਬੜਮਾਜਰਾ ਵਿੱਚ ਪੇਚਸ਼ ਪੀੜਤ ਮਰੀਜ਼ਾਂ ਦੀ ਗਿਣਤੀ ਘਟੀ, ਸਥਿਤੀ ਕਾਬੂ ਹੇਠ
ਨਬਜ਼-ਏ-ਪੰਜਾਬ, ਮੁਹਾਲੀ, 22 ਜੁਲਾਈ:
ਹੜ੍ਹਾਂ ਦੀ ਤਬਾਹੀ ਤੋਂ ਬਾਅਦ ਮੁਹਾਲੀ ਜ਼ਿਲ੍ਹੇ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਪੇਚਸ਼, ਹੈਜ਼ਾ ਅਤੇ ਮਲੇਰੀਆ ਦੀ ਰੋਕਥਾਮ ਲਈ ਸਿਹਤ ਵਿਭਾਗ ਚੌਕੰਨਾ ਹੋ ਗਿਆ ਹੈ। ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੀ ਡਾਇਰੈਕਟਰ ਡਾ. ਆਦਰਸ਼ਪਾਲ ਕੌਰ ਨੇ ਅੱਜ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਕੇ ਮੌਜੂਦਾ ਹਾਲਾਤਾਂ ਅਤੇ ਪੀੜਤ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ। ਉਨ੍ਹਾਂ ਪਿੰਡ ਬਲੌਂਗੀ ਵਿੱਚ ਵਿਸ਼ੇਸ਼ ਮੈਡੀਕਲ ਕੈਂਪ ਦਾ ਨਿਰੀਖਣ ਕੀਤਾ। ਇਸ ਮਗਰੋਂ ਮਹਿਲਾ ਅਧਿਕਾਰੀ ਨੇ ਬੜਮਾਜਰਾ ਵਿੱਚ ਦਸਤਕ ਦਿੱਤੀ ਅਤੇ ਲੋਕਾਂ ਨੂੰ ਸਾਵਧਾਨੀ ਵਰਤਣ ਲਈ ਪ੍ਰੇਰਿਆ। ਇਸ ਮੌਕੇ ਸਿਵਲ ਸਰਜਨ ਡਾ. ਮਹੇਸ਼ ਅਹੂਜਾ, ਐਸਐਮਓ ਡਾ. ਸੁਰਿੰਦਰਪਾਲ ਕੌਰ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸ਼ਲਿੰਦਰ ਕੌਰ, ਡਾ. ਹਰਪ੍ਰੀਤ ਕੌਰ ਮੌਜੂਦ ਸਨ। ਉਨ੍ਹਾਂ ਦਾਅਵਾ ਕੀਤਾ ਕਿ ਬਲੌਂਗੀ ਅਤੇ ਬੜਮਾਜਰਾ ਵਿੱਚ ਪੇਚਸ਼ ਪੀੜਤ ਮਰੀਜ਼ਾਂ ਦੀ ਗਿਣਤੀ ਘਟੀ ਹੈ ਅਤੇ ਹੁਣ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ।
ਡਾ. ਆਦਰਸ਼ਪਾਲ ਕੌਰ ਨੇ ਦੱਸਿਆ ਕਿ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾ ਵਿੱਚ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਬਿਮਾਰੀਆਂ ਦੀ ਰੋਕਥਾਮ ਲਈ ਪੂਰੀ ਚੌਕਸੀ ਵਰਤੀ ਜਾ ਰਹੀ ਹੈ ਅਤੇ ਸਬੰਧਤ ਇਲਾਕਿਆਂ ਵਿੱਚ ਰੈਪਿਡ ਰਿਸਪਾਂਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਪੇਂਡੂ ਖੇਤਰ ਮੈਡੀਕਲ ਚੈੱਕਅਪ ਕੈਂਪ ਲਗਾ ਕੇ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਤਾਜ਼ਾ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਅੱਖਾਂ ਦੇ ਮਾਹਰ ਡਾਕਟਰਾਂ ਅਤੇ ਅਪਥਾਲਮਿਕ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਪ੍ਰਭਾਵਿਤ ਖੇਤਰਾਂ ਵਿੱਚ ਮੈਡੀਕਲ ਕੈਂਪ ਲਗਾ ਕੇ ਮਰੀਜ਼ਾਂ ਵਿੱਚ ਅੱਖਾਂ ਦੀ ਇਨਫੈਕਸ਼ਨ ਦੀ ਜਾਂਚ ਯਕੀਨੀ ਬਣਾਈ ਜਾਵੇ ਅਤੇ ਮੁਫ਼ਤ ਦਵਾਈ ਦਿੱਤੀਆਂ ਜਾਣ। ਉਨ੍ਹਾਂ ਕਿਹਾ ਕਿ ਪੀਣ ਦੇ ਪਾਣੀ ਨੂੰ ਰੋਗਾਣੂ ਮੁਕਤ ਕਰਨ ਲਈ ਕਲੋਰੀਨ ਦੀਆਂ ਗੋਲੀਆਂ ਵੰਡੀਆਂ ਜਾ ਰਹੀਆਂ ਹਨ ਅਤੇ ਮੱਛਰ ਦੇ ਲਾਰਵੇ ਦੇ ਖ਼ਾਤਮੇ ਲਈ ਜਾਗਰੂਕਤਾ ਗਤੀਵਿਧੀਆਂ ਸਮੇਤ ਫੌਗਿੰਗ ਅਤੇ ਸਪਰੇਅ ਕਰਵਾਈ ਜਾ ਰਹੀ ਹੈ।