
ਜ਼ਿਲ੍ਹਾ ਪ੍ਰਸ਼ਾਸਨ ਤੇ ਸਿਹਤ ਵਿਭਾਗ ਨੇ ਕੋਵਿਡ ਨਾਲ ਨਜਿੱਠਣ ਦੀ ਤਿਆਰੀ ਖਿੱਚੀ
ਸਿਹਤ ਵਿਭਾਗ ਵੱਲੋਂ ਕੋਵਿਡ ਤੋਂ ਬਚਾਅ ਲਈ ਮਾਸਕ ਪਾਉਣ ਦੀ ਅਪੀਲ
ਲਗਾਤਾਰ ਖੰਘ, ਜ਼ੁਕਾਮ, ਬੁਖ਼ਾਰ ਹੋਣ ’ਤੇ ਤੁਰੰਤ ਡਾਕਟਰੀ ਸਲਾਹ ਲੈਣ ਦੀ ਸਲਾਹ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਅਪਰੈਲ:
ਦੇਸ਼ ਦੇ ਕੁੱਝ ਹਿੱਸਿਆਂ ਵਿੱਚ ਕੋਵਿਡ ਦੇ ਪਾਜ਼ੇਟਿਵ ਕੇਸਾਂ ਵਿੱਚ ਲਗਾਤਾਰ ਹੋ ਰਹੇ ਵਾਧੇ ਨੂੰ ਦੇਖਦਿਆਂ ਮੁਹਾਲੀ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਚੌਕੰਨਾ ਹੋ ਗਿਆ ਹੈ। ਮੁਹਾਲੀ ਦੇ ਸਿਵਲ ਸਰਜਨ ਡਾ. ਰੁਪਿੰਦਰ ਕੌਰ ਗਿੱਲ ਨੇ ਜ਼ਿਲ੍ਹੇ ਦੇ ਵਸਨੀਕਾਂ ਨੂੰ ਅਪੀਲ ਕੀਤੀ ਹੈ ਕਿ ਇਸ ਮਾਰੂ ਬਿਮਾਰੀ ਤੋਂ ਬਚਾਅ ਲਈ ਜ਼ਰੂਰੀ ਸਾਵਧਾਨੀਆਂ ਵਰਤੀਆਂ ਜਾਣ। ਉਨ੍ਹਾਂ ਕਿਹਾ ਕਿ ਭਾਵੇਂ ਮੁਹਾਲੀ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਇਸ ਬਿਮਾਰੀ ਨੂੰ ਕਾਫ਼ੀ ਹੱਦ ਤੱਕ ਕਾਬੂ ਕਰ ਲਿਆ ਗਿਆ ਹੈ ਪ੍ਰੰਤੂ ਇਸ ਦੇ ਮੁਕੰਮਲ ਖ਼ਾਤਮੇ ਲਈ ਲੋਕਾਂ ਨੂੰ ਵੀ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦਿਆਂ ਭੀੜ-ਭੜੱਕੇ ਵਾਲੀਆਂ ਥਾਵਾਂ ’ਤੇ ਜਾਣ ਸਮੇਂ ਮਾਸਕ ਪਾਉਣ ਸਮੇਤ ਵਾਰ-ਵਾਰ ਹੱਥ ਧੋਣ ਜਿਹੇ ਬੁਨਿਆਦੀ ਪ੍ਰੋਟੋਕਾਲ ਦੀ ਪਾਲਣਾ ਯਕੀਨੀ ਬਣਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਭੀੜ ਵਾਲੀਆਂ ਥਾਵਾਂ, ਜਨਤਕ ਬੱਸਾਂ, ਟੈਕਸੀਆਂ, ਸਿਨੇਮਾ ਹਾਲ, ਖ਼ਰੀਦਦਾਰੀ ਕੇਂਦਰਾਂ, ਦੁਕਾਨਾਂ, ਹਸਪਤਾਲਾਂ ਵਿੱਚ ਜਾਣ ਸਮੇਂ ਮਾਸਕ ਜ਼ਰੂਰ ਪਾਇਆ ਜਾਵੇ।
ਸਿਵਲ ਸਰਜਨ ਨੇ ਕਿਹਾ ਕਿ ਕੋਵਿਡ ਕੇਸਾਂ ਵਿੱਚ ਵਾਧੇ ਕਾਰਨ ਮੁਹਾਲੀ ਜ਼ਿਲ੍ਹੇ ਵਿੱਚ ਕੋਵਿਡ ਸੈਂਪਲਿੰਗ ਦਾ ਕੰਮ ਪਹਿਲਾਂ ਹੀ ਤੇਜ਼ ਕਰ ਦਿੱਤਾ ਗਿਆ ਹੈ ਅਤੇ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਕੋਵਿਡ ਮਰੀਜ਼ਾਂ ਦੇ ਸੈਂਪਲ ਲਏ ਜਾ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਲਗਾਤਾਰ ਖੰਘ, ਜ਼ੁਕਾਮ, ਬੁਖ਼ਾਰ ਆਦਿ ਜਿਹੀ ਤਕਲੀਫ਼ ਹੋਵੇ ਤਾਂ ਤੁਰੰਤ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਜਾ ਕੇ ਡਾਕਟਰ ਦੀ ਸਲਾਹ ਲਈ ਜਾਵੇ ਅਤੇ ਕੋਵਿਡ ਟੈਸਟ ਕਰਵਾਇਆ ਜਾਵੇ। ਇਸ ਤੋਂ ਇਲਾਵਾ ਸਿਹਤ ਵਿਭਾਗ ਦੀ ਹੈਲਪਲਾਈਨ 104 ’ਤੇ ਸੰਪਰਕ ਕਰਕੇ ਵੀ ਡਾਕਟਰੀ ਸਲਾਹ ਲਈ ਜਾ ਸਕਦੀ ਹੈ।
ਸ੍ਰੀਮਤੀ ਗਿੱਲ ਨੇ ਦੱਸਿਆ ਕਿ ਇਸ ਬਿਮਾਰੀ ਤੋਂ ਬਚਾਅ ਲਈ ਕੋਵਿਡ ਟੀਕਾਕਰਨ ਬਹੁਤ ਜ਼ਰੂਰੀ ਹੈ। ਜੇਕਰ ਟੀਕਾਕਰਨ ਮਗਰੋਂ ਵੀ ਕਿਸੇ ਕਾਰਨ ਕੋਵਿਡ ਦੀ ਲਾਗ ਲੱਗ ਜਾਂਦੀ ਹੈ ਤਾਂ ਟੀਕਾਕਰਨ ਕਰਵਾ ਚੁੱਕੇ ਵਿਅਕਤੀ ਨੂੰ ਹਸਪਤਾਲ ਵਿੱਚ ਦਾਖ਼ਲ ਹੋਣ ਜਾਂ ਜ਼ਿਆਦਾ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪੈਂਦਾ।
ਉਧਰ, ਕਰੋਨਾ ਮਹਾਮਾਰੀ ਨੇ ਮੁਹਾਲੀ ਵਿੱਚ ਵੀ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਸਿਹਤ ਵਿਭਾਗ ਵੱਲੋਂ ਇੱਥੋਂ ਦੇ ਫੇਜ਼-6 ਸਥਿਤ ਜ਼ਿਲ੍ਹਾ ਪੱਧਰੀ ਸਰਕਾਰੀ ਹਸਪਤਾਲ ਵਿੱਚ ਵਿਸ਼ੇਸ਼ ਆਈਸੋਲੇਸ਼ਨ ਵਾਰਡ ਬਣਾਉਣ ਸਮੇਤ ਅਤੇ 20 ਬੈੱਡਾਂ ਦੀ ਵਿਵਸਥਾ ਕੀਤੀ ਗਈ ਹੈ। ਸਰਕਾਰੀ ਹਸਪਤਾਲ ਮੁਹਾਲੀ ਦੇ ਐਸਐਮਓ ਡਾ. ਐਚਐਸਚੀਮਾ ਨੇ ਦੱਸਿਆ ਕਿ ਹੁਣ ਤੱਕ ਕਰੋਨਾ ਪਾਜ਼ੇਟਿਵ ਦੇ ਪੰਜ ਨਵੇਂ ਮਾਮਲੇ ਸਾਹਮਣੇ ਆ ਚੁੱਕੇ ਹਨ। ਜਿਨ੍ਹਾਂ ’ਚੋਂ ਇੱਕ ਗਰਭਵਤੀ ਅੌਰਤ ਆਈਸੋਲੇਸ਼ਨ ਵਾਰਡ ਵਿੱਚ ਦਾਖ਼ਲ ਹਨ ਜਦੋਂਕਿ ਚਾਰ ਕੋਵਿਡ ਪੀੜਤਾਂ ਨੂੰ ਛੁੱਟੀ ਦੇ ਕੇ ਘਰ ਭੇਜ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਵਿਸ਼ੇਸ਼ ਵਾਰਡ ਵਿੱਚ 24 ਘੰਟੇ ਸਟਾਫ਼ ਦੀ ਤਾਇਨਾਤੀ ਕੀਤੀ ਗਈ ਹੈ ਅਤੇ ਲੋੜੀਂਦੀਆਂ ਦਵਾਈਆਂ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹਸਪਤਾਲ ਵਿੱਚ ਰੋਜ਼ਾਨਾ ਕੋਵਿਡ ਟੈੱਸਟ ਕੀਤੇ ਜਾ ਰਹੇ ਹਨ।