ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੰਭਾਵੀ ਹੜ੍ਹਾਂ ਦੀ ਰੋਕਥਾਮ ਲਈ ਯਤਨ ਤੇਜ਼, ਜ਼ਰੂਰੀ ਹਦਾਇਤਾਂ ਜਾਰੀ

ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਬਣਾ ਕੇ ਕੰਮ ਕਰਨ ਲਈ ਕਿਹਾ

ਨਬਜ਼-ਏ-ਪੰਜਾਬ, ਮੁਹਾਲੀ, 4 ਜੁਲਾਈ:
ਮੌਨਸੂਨ ਦੀ ਦਸਤਕ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਸੰਭਾਵੀ ਹੜ੍ਹਾਂ ਦੀ ਰੋਕਥਾਮ ਲਈ ਯਤਨ ਤੇਜ਼ ਕਰ ਦਿੱਤੇ ਹਨ। ਅੱਜ ਇੱਥੇ ਮੁਹਾਲੀ ਦੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਿਰਾਜ ਐਸ ਤਿੜਕੇ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਅਗਾਊਂ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਮੌਨਸੂਨ ਨੂੰ ਧਿਆਨ ਵਿੱਚ ਰੱਖਦਿਆਂ ਹੰਗਾਮੀ ਹਾਲਤਾਂ ਨਾਲ ਨਜਿੱਠਣ ਲਈ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਨੇ ਡਰੇਨਜ਼ ਦੀ ਸਫ਼ਾਈ ਵੱਲ ਖਾਸ ਧਿਆਨ ਦੇਣ ਅਤੇ ਪਿਛਲੀ ਮੌਨਸੂਨ ਦੇ ਮੱਦੇਨਜ਼ਰ ਹੜ੍ਹਾਂ ਨਾਲ ਨਜਿੱਠਣ ਲਈ ਵਧੇਰੇ ਤਿਆਰੀ/ਚੌਕਸੀ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਹੜ੍ਹਾਂ ਤੋਂ ਬਚਾਅ ਲਈ ਪਹਿਲਾਂ ਕੀਤੀ ਤਿਆਰੀ ਨਾਲ ਜਿੱਥੇ ਸੰਕਟ ਦੀ ਸਥਿਤੀ ਨੂੰ ਸਹੀ ਤਰੀਕੇ ਨਾਲ ਨਜਿੱਠਿਆ ਜਾ ਸਕਦਾ ਹੈ, ਉੱਥੇ ਕੰਮ ਵਿੱਚ ਕੁਸ਼ਲਤਾ ਵੀ ਵਧਦੀ ਹੈ।
ਏਡੀਸੀ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਬਣਾਉਣ ਅਤੇ ਸਬੰਧਤ ਬੀਡੀਓਜ਼, ਈਓਜ਼, ਐਸਡੀਐਮਜ਼ ਨਾਲ ਮਿਲਕੇ ਸੰਭਾਵੀ ਹੜ੍ਹਾਂ ਵਾਲੀਆਂ ਥਾਵਾਂ ਦਾ ਮੁਆਇਨਾ ਕਰਕੇ ਲੋੜੀਂਦੇ ਪ੍ਰਬੰਧ ਅਤੇ ਸਾਜ਼ੋ ਸਮਾਨ ਦੀ ਤਿਆਰੀ ਕਰਕੇ ਰੱਖਣਾ ਯਕੀਨੀ ਬਣਾਉਣ। ਫਲੱਡ ਲਾਈਟਾਂ, ਸਰਚ ਲਾਈਟਾਂ, ਲਾਈਫ਼ ਜੈਕਟਾਂ, ਜਨਰੇਟਰ, ਤਰਪਾਲਾਂ ਦੀ ਪਹਿਲਾਂ ਹੀ ਜਾਂਚ ਕਰ ਲਈ ਜਾਵੇ। ਉਨ੍ਹਾਂ ਇਹ ਵੀ ਆਦੇਸ਼ ਦਿੱਤੇ ਕਿ ਬਰਸਾਤ ਦੌਰਾਨ ਜਮ੍ਹਾ ਹੋਏ ਪਾਣੀ ਦੀ ਨਿਕਾਸੀ ਲਈ ਪੰਪ ਖ਼ਰੀਦੇ ਜਾਣ ਜਾਂ ਕਿਰਾਏ ’ਤੇ ਲਏ ਜਾਣ ਤਾਂ ਜੋ ਲੋੜ ਪੈਣ ’ਤੇ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਸ਼ਹਿਰਾਂ ਅਤੇ ਪਿੰਡਾਂ ਦੇ ਡਰੇਨੇਜ ਅਤੇ ਸੀਵਰੇਜ ਅਤੇ ਬਰਸਾਤੀ ਚੋਆਂ ਦੀ ਸਫ਼ਾਈ ਯਕੀਨੀ ਬਣਾਈ ਜਾਵੇ ਅਤੇ ਇਸ ਸਬੰਧੀ ਲੋੜੀਂਦਾ ਸਰਟੀਫਿਕੇਟ ਪੇਸ਼ ਕੀਤਾ ਜਾਵੇ। ਸਕੂਲ ਮੁਖੀਆਂ ਨੂੰ ਸਕੂਲ ਦੀਆਂ ਛੱਤਾਂ ਤੋਂ ਬਰਸਾਤੀ ਪਾਣੀ ਦੀ ਨਿਕਾਸੀ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਅਗਾਊਂ ਪ੍ਰਬੰਧਾਂ ਸਬੰਧੀ ਕਿਸੇ ਕਿਸਮ ਦੀ ਲਾਪਰਵਾਹੀ ਸਹਿਣ ਨਹੀਂ ਕੀਤੀ ਜਾਵੇਗੀ।
ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜੇਕਰ ਪਿੰਡਾਂ ਅਤੇ ਸ਼ਹਿਰਾਂ ਦੀਆਂ ਸੜਕਾਂ ’ਤੇ ਪੁਲੀਆਂ ਬੰਦ ਹਨ, ਉਨ੍ਹਾਂ ਦੀ ਤੁਰੰਤ ਸਫ਼ਾਈ ਕਰਵਾਈ ਜਾਵੇ। ਹਾਲਾਤਾਂ ਨਾਲ ਨਜਿੱਠਣ ਲਈ ਪਿੰਡਾਂ ਅਤੇ ਸ਼ਹਿਰਾਂ ਵਿੱਚ ਉੱਚੇ ਸਥਾਨਾਂ ਦੀ ਸ਼ਨਾਖ਼ਤ ਕੀਤੀ ਜਾਵੇ ਤਾਂ ਜੋ ਲੋਕਾਂ ਨੂੰ ਸੁਰੱਖਿਅਤ ਸਥਾਨਾਂ ’ਤੇ ਪਹੁੰਚਾਉਣ ਅਤੇ ਠਹਿਰਾਉਣ ਦਾ ਢੁਕਵਾਂ ਪ੍ਰਬੰਧ ਕੀਤਾ ਜਾ ਸਕੇ।
ਮੀਟਿੰਗ ਵਿੱਚ ਕਮਿਸ਼ਨਰ ਨਵਜੋਤ ਕੌਰ, ਏਡੀਸੀ (ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ, ਏਡੀਸੀ (ਪੇਂਡੂ ਵਿਕਾਸ) ਸ੍ਰੀਮਤੀ ਸੋਨਮ ਚੌਧਰੀ, ਏਸੀਏ ਗਮਾਡਾ ਅਮਰਿੰਦਰ ਸਿੰਘ ਟਿਵਾਣਾ, ਐਸਡੀਐਮ ਦੀਪਾਂਕਰ ਗਰਗ, ਐਸਡੀਐਮ ਖਰੜ ਗੁਰਮੰਦਰ ਸਿੰਘ, ਐਸਡੀਐਮ ਡੇਰਾਬੱਸੀ ਹਿਮਾਂਸ਼ੂ ਗੁਪਤਾ, ਸਹਾਇਕ ਕਮਿਸ਼ਨਰ ਹਰਮਿੰਦਰ ਸਿੰਘ ਹੁੰਦਲ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਪਾਵਰਕੌਮ ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਮੁਲਾਜ਼ਮ ਮੰਗਾਂ ਸਬੰਧੀ ਕਨਵੈਂਨਸ਼ਨ

ਪਾਵਰਕੌਮ ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਮੁਲਾਜ਼ਮ ਮੰਗਾਂ ਸਬੰਧੀ ਕਨਵੈਂਨਸ਼ਨ ਨਬਜ਼-ਏ-ਪੰਜਾਬ, ਮੁਹਾਲੀ, 5 ਅਕ…