ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਯਤਨ ਤੇਜ਼

ਪਿੰਡਾਂ ਦੀਆਂ ਸੱਥਾਂ ਵਿੱਚ ਪੁਲੀਸ ਨਾਲ ਮਿਲ ਕੇ ਦਿੱਤਾ ਜਾ ਰਿਹਾ ਕਿਸਾਨਾਂ ਨੂੰ ਜਾਗਰੂਕਤਾ ਦਾ ਹੋਕਾ

ਨਬਜ਼-ਏ-ਪੰਜਾਬ, ਮੁਹਾਲੀ, 20 ਅਕਤੂਬਰ:
ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਯਤਨ ਤੇਜ਼ ਕਰ ਦਿੱਤੇ ਹਨ। ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਸਮੇਤ ਏਡੀਸੀ ਵਿਰਾਜ ਐਸ ਤਿੜਕੇ ਤੇ ਸ੍ਰੀਮਤੀ ਸੋਨਮ ਚੌਧਰੀ, ਐਸਡੀਐਮ ਦਮਨਦੀਪ ਕੌਰ, ਗੁਰਮੰਦਰ ਸਿੰਘ ਅਤੇ ਕੋਆਪਰੇਟਿਵ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀ ਪਿੰਡਾਂ ਦੀਆਂ ਸੱਥਾਂ ਅਤੇ ਖੇਤਾਂ ਵਿੱਚ ਜਾ ਕੇ ਕਿਸਾਨਾਂ ਨੂੰ ਜਾਗਰੂਕ ਰਹੇ ਹਨ। ਇਸ ਤੋਂ ਇਲਾਵਾ ਨੋਡਲ ਅਫ਼ਸਰਾਂ ਵੱਲੋਂ ਵੀ ਝੋਨਾ ਕੱਟਣ ਤੋਂ ਬਾਅਦ ਪਰਾਲੀ ਸਾੜਨ ਜਿਹੀਆਂ ਘਟਨਾਵਾਂ ’ਤੇ ਨਜ਼ਰ ਰੱਖੀ ਜਾ ਰਹੀ ਹੈ। ਮੁਹਾਲੀ ਦੇ ਐਸਡੀਐਮ ਦਮਨਦੀਪ ਕੌਰ ਅਤੇ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਮੁਹਾਲੀ ਨੇੜਲੇ ਪਿੰਡਾਂ ਦੇ ਖੇਤਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ, ਉੱਥੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਨਸ਼ਟ ਹੁੰਦੀ ਹੈ।
ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਟੀਮਾਂ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਵਾਪਰਨ ਦੀ ਸੂਰਤ ਵਿੱਚ ਫਾਇਰ ਟੈਂਡਰਾਂ ਜਾਂ ਹੋਰ ਉਪਾਵਾਂ ਦੀ ਮਦਦ ਨਾਲ ਤੁਰੰਤ ਕਾਰਵਾਈ ਕਰਨ ਲਈ ਕਿਹਾ ਗਿਆ ਹੈ। ਕਿਸਾਨ ਵੱਲੋਂ ਵਿਰੋਧ ਕਰਨ ਦੀ ਸੂਰਤ ਵਿੱਚ ਕਿਸੇ ਵੀ ਸਮੇਂ ਖੇਤ ਦਾ ਦੌਰਾ ਕਰਨ ਲਈ ਪੁਲੀਸ ਨੂੰ ਵੀ ਚੌਕਸ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਏਡੀਸੀ (ਜਨਰਲ ਅਤੇ ਵਿਕਾਸ), ਐਸਡੀਐਮਜ਼ ਰੋਜ਼ਾਨਾ ਨੋਡਲ ਤੇ ਕਲੱਸਟਰ ਅਫ਼ਸਰਾਂ ਦੀ ਫੀਲਡ ਵਿੱਚ ਮੌਜੂਦਗੀ ਦੀ ਜਾਂਚ ਕਰਕੇ ਕੰਮ ਦੀ ਨਿਗਰਾਨੀ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਦੀ ਸੂਚੀ ਬਣਾਉਣ ਲਈ ਚੈਕਿੰਗ ਕੀਤੀ ਜਾ ਰਹੀ ਹੈ ਕਿ ਜੇਕਰ ਇਹ ਕਮਿਸ਼ਨ ਏਜੰਟ, ਨੰਬਰਦਾਰ, ਪੰਚਾਇਤ ਮੈਂਬਰ, ਪੰਚਾਇਤੀ ਜ਼ਮੀਨ ਦੇ ਲੀਜ਼ ਹੋਲਡਰਾਂ ਜਾਂ ਸ਼ਾਮਲਾਟ ਜ਼ਮੀਨਾਂ, ਸਰਕਾਰੀ ਵਿਭਾਗਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਖ਼ੁਦਮੁਖ਼ਤਿਆਰ ਸੰਸਥਾਵਾਂ ਦੇ ਕਰਮਚਾਰੀ ਹਨ ਤਾਂ ਉਸ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਵੇ।
ਡੀਸੀ ਨੇ ਦੱਸਿਆ ਕਿ ਇਸ ਵਾਰ ਸਾਡੇ ਕੋਲ ਪੰਜਾਬ ਰਿਮੋਟ ਸੈਂਸਿੰਗ ਸੈਂਟਰ ਵੱਲੋਂ 26 ਕੇਸ ਸਾਹਮਣੇ ਆਏ ਹਨ। ਜਿਨ੍ਹਾਂ ’ਚੋਂ ਕੇਵਲ 7 ਦੀ ਪੁਸ਼ਟੀ ਖੇਤਾਂ ਦਾ ਦੌਰਾ ਕਰਨ ’ਤੇ ਹੋਈ ਹੈ। ਉਲੰਘਣਾ ਕਰਨ ਵਾਲਿਆਂ ਤੋਂ 20,000 ਰੁਪਏ ਦਾ ਵਾਤਾਵਰਨ ਜੁਰਮਾਨਾ ਵਸੂਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਲਈ ਮਸ਼ੀਨਰੀ ਮੁਹੱਈਆ ਕਰਵਾਈ ਗਈ ਹੈ ਅਤੇ ਪੂਸਾ ਬਾਇਓ-ਡਿਸਕੰਪੋਜ਼ਰ ਦਾ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਮਿੱਟੀ ਵਿੱਚ ਮਿਲਾਇਆ ਜਾ ਸਕੇ।

Load More Related Articles
Load More By Nabaz-e-Punjab
Load More In General News

Check Also

ਵੈਟਰਨਰੀ ਡਾਕਟਰਾਂ ਨੇ ਪ੍ਰਮੁੱਖ ਸਕੱਤਰ ਦੇ ਭਰੋਸੇ ਮਗਰੋਂ ਜ਼ਿਲ੍ਹਾ ਪੱਧਰੀ ਧਰਨੇ ਦੇਣ ਦਾ ਪ੍ਰੋਗਰਾਮ ਮੁਲਤਵੀ

ਵੈਟਰਨਰੀ ਡਾਕਟਰਾਂ ਨੇ ਪ੍ਰਮੁੱਖ ਸਕੱਤਰ ਦੇ ਭਰੋਸੇ ਮਗਰੋਂ ਜ਼ਿਲ੍ਹਾ ਪੱਧਰੀ ਧਰਨੇ ਦੇਣ ਦਾ ਪ੍ਰੋਗਰਾਮ ਮੁਲਤਵੀ ਪ…