
ਜ਼ਿਲ੍ਹਾ ਪ੍ਰਸ਼ਾਸਨ ਸੜਕ ਦੁਰਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਪੂਰੀ ਤਰ੍ਹਾਂ ਚੌਕਸ
ਡੀਸੀ ਨੇ ਸੜਕ ਦੁਰਘਟਨਾਵਾਂ ਨੂੰ ਰੋਕਣ ਲਈ ਰੋਡ ਸੇਫ਼ਟੀ ਕਮੇਟੀ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਜੂਨ:
ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਸੜਕ ਸੁਰੱਖਿਆ ਕਮੇਟੀ ਦੇ ਚੇਅਰਮੈਨ ਅਮਿਤ ਤਲਵਾੜ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪ੍ਰਸ਼ਾਸਨ, ਟਰਾਂਸਪੋਰਟ ਵਿਭਾਗ ਅਤੇ ਸੜਕ ਸੁਰੱਖਿਆ ਕਮੇਟੀ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਜਿਸ ਵਿੱਚ ਉਨ੍ਹਾਂ ਨੇ ਅਧਿਕਾਰੀਆਂ ਨੂੰ ਮੁਹਾਲੀ ਜ਼ਿਲ੍ਹੇ ਦੀਆਂ ਮੁੱਖ ਸੜਕਾਂ ’ਤੇ ਬਲੈਕ ਸਪੋਟ (ਸੜਕ ਦੁਰਘਟਨਾਵਾਂ ਸਬੰਧੀ ਸੰਭਾਵੀ ਥਾਵਾਂ) ਜਿਨ੍ਹਾਂ ਕਾਰਨ ਲੋਕਾਂ ਨੂੰ ਆਵਾਜਾਈ ਵਿੱਚ ਕਾਫ਼ੀ ਮੁਸ਼ਕਲਾਂ ਆ ਰਹੀਆਂ ਹਨ, ਉਨ੍ਹਾਂ ਨੂੰ ਪਹਿਲ ਦੇ ਆਧਾਰ ’ਤੇ ਦਰੁਸਤ ਕਰਨ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ।
ਡੀਸੀ ਨੇ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਵਿੱਚ ਸੜਕ ਦੁਰਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ। ਸਮੁੱਚੇ ਜ਼ਿਲ੍ਹੇ ਦੀਆਂ ਸੜਕਾਂ ਉੱਤੇ ਬਲੈਕ ਸਪੋਟ (ਦੁਰਘਟਨਾਵਾਂ ਵਾਲੀਆ ਥਾਵਾਂ) ਨੂੰ ਤੁਰੰਤ ਠੀਕ ਕਰਨ ਲਈ ਵੱਖ-ਵੱਖ ਵਿਭਾਗਾਂ ਨੈਸ਼ਨਲ ਹਾਈਵੇਅ ਅਥਾਰਟੀ (ਐਨਐਚਆਈ), ਗਮਾਡਾ, ਲੋਕ ਨਿਰਮਾਣ ਵਿਭਾਗ (ਬੀ ਐਂਡ ਆਰ), ਨਗਰ ਨਿਗਮ ਅਤੇ ਨਗਰ ਕੌਂਸਲਾਂ ਦੇ ਅਧਿਕਾਰੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ। ਉਨ੍ਹਾਂ ਨੇ ਲੋੜੀਂਦੇ ਸੜਕ ਸੁਰੱਖਿਆ ਉਪਕਰਨਾਂ ਦੀ ਖ਼ਰੀਦ ਕਰਨ ਲਈ ਅਧਿਕਾਰੀਆਂ ਨੂੰ ਹਦਾਇਤਾਂ ਦਿੰਦੇ ਹੋਏ ਕਿਹਾ ਕਿ ਜੇਕਰ ਕਿਸੇ ਵੀ ਵਿਭਾਗ ਦੀ ਅਣਗਹਿਲੀ ਕਾਰਨ ਕੋਈ ਦੁਰਘਟਨਾ ਵਾਪਰਦੀ ਹੈ ਤਾਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਸ੍ਰੀ ਤਲਵਾੜ ਨੇ ਟਰੈਫ਼ਿਕ ਪੁਲੀਸ ਨੂੰ ਹਦਾਇਤਾਂ ਦਿੱਤੀਆਂ ਕਿ ਸਮੇਂ ਸਮੇਂ ਸਿਰ ਸੁਰੱਖਿਅਤ ਸਕੂਲ ਵਾਹਨ ਸਕੀਮ ਅਧੀਨ ਬਣੀ ਕਮੇਟੀ ਦੇ ਮੈਂਬਰਾਂ ਨੂੰ ਨਾਲ ਲੈ ਕੇ ਬੱਚਿਆਂ ਨੂੰ ਸਕੂਲ ਲੈ ਕੇ ਜਾਣ ਲਈ ਚਲਾਈਆਂ ਜਾ ਰਹੀਆਂ ਬੱਸਾਂ ਦੀ ਅਚਨਚੇਤ ਚੈਕਿੰਗ ਕੀਤੀ ਜਾਵੇ ਅਤੇ ਸਕੂਲ ਬੱਸਾਂ ਵਿੱਚ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਬੱਚਿਆਂ ਦੀ ਸੁਰੱਖਿਆ ਸਬੰਧੀ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣ। ਇਸ ਤੋਂ ਇਲਾਵਾ ਸਕੂਲਾਂ ਵਿੱਚ ਵੀ ਬੱਚਿਆਂ ਨੂੰ ਟਰੈਫ਼ਿਕ ਨਿਯਮਾਂ ਦੀ ਜਾਣਕਾਰੀ ਦੇਣ ਲਈ ਜਾਗਰੂਕਤਾ ਕੈਂਪ ਅਤੇ ਵਰਕਸ਼ਾਪਾਂ ਲਾਈਆਂ ਜਾਣ।
ਇਸ ਮੌਕੇ ਏਡੀਸੀ (ਜਨਰਲ) ਅਮਨਿੰਦਰ ਕੌਰ ਬਰਾੜ, ਏਡੀਸੀ (ਸ਼ਹਿਰੀ ਵਿਕਾਸ) ਸ੍ਰੀਮਤੀ ਪੂਜਾ ਸਿਆਲ, ਐਸਡੀਐਮ ਹਰਬੰਸ ਸਿੰਘ, ਐਸਡੀਐਮ ਖਰੜ ਰਵਿੰਦਰ ਸਿੰਘ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਤਰਸੇਮ ਚੰਦ, ਆਰਟੀਏ ਦੇ ਸਕੱਤਰ ਪ੍ਰਦੀਪ ਸਿੰਘ ਢਿੱਲੋਂ, ਡੀਐਸਪੀ (ਟਰੈਫ਼ਿਕ) ਸੁਰਿੰਦਰ ਮੋਹਨ ਸਿੰਘ ਸਮੇਤ ਹੋਰਨਾਂ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ।