ਜ਼ਿਲ੍ਹਾ ਪ੍ਰਸ਼ਾਸਨ ਨੇ ਵਾਤਾਵਰਨ ਚਿੰਤਕ ਕਿਸਾਨਾਂ ਦਾ ਪਿੰਡ ਜਾ ਕੇ ਕੀਤਾ ਵਿਸ਼ੇਸ਼ ਸਨਮਾਨ

ਡੀਸੀ ਵੱਲੋਂ ਕਿਸਾਨਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਕਰਨ ਦੀ ਪੁਰਜ਼ੋਰ ਅਪੀਲ

ਬੇਲਰ ਮਸ਼ੀਨਾਂ ਦੀ ਵਰਤੋਂ ਨਾਲ 20 ਹਜ਼ਾਰ ਏਕੜ ਰਕਬੇ ’ਚੋਂ ਪਰਾਲੀ ਦੀਆਂ ਗੱਠਾਂ ਬਣਾਈਆਂ

ਨਬਜ਼-ਏ-ਪੰਜਾਬ, ਮੁਹਾਲੀ, 23 ਅਕਤੂਬਰ:
ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਵੱਲੋਂ ਵਾਤਾਵਰਣ ਦੀ ਸਾਂਭ ਸੰਭਾਲ ਵਿੱਚ ਵੱਡਮੁੱਲਾ ਯੋਗਦਾਨ ਦੇਣ ਵਾਲੇ ਕਿਸਾਨਾਂ ਨੂੰ ਉਨ੍ਹਾਂ ਦੇ ਪਿੰਡ ਜਾ ਕੇ ਸਨਮਾਨਿਤ ਕਰਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਪਿੰਡ ਦੈੜੀ, ਤਹਿਸੀਲ ਮੋਹਾਲੀ ਵਿਖੇ ਉਪ ਮੰਡਲ ਮੈਜਿਸਟਰੇਟ ਚੰਦਰਜੋਤੀ ਸਿੰਘ ਦੀ ਅਗਵਾਈ ਹੇਠ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਮੇਲ ਸਿੰਘ ਅਤੇ ਨਾਇਬ ਤਹਿਸੀਲਦਾਰ ਰਵਿੰਦਰ ਸਿੰਘ ਵੱਲੋਂ ਕਿਸਾਨਾਂ ਨੂੰ ਪ੍ਰਸ਼ੰਸਾ ਪੱਤਰ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਖੇਤੀਬਾੜੀ ਵਿਕਾਸ ਅਫ਼ਸਰ ਡਾ. ਗੁਰਦਿਆਲ ਕੁਮਾਰ ਨੇ ਦੱਸਿਆ ਕਿ ਮੁਹਾਲੀ ਤਹਿਸੀਲ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਅਤੇ ਪਰਾਲੀ ਦੀਆਂ ਗੰਢਾਂ ਤਿਆਰ ਕਰਨ ਲਈ ਪਿੰਡ ਸੋਹਾਣਾ ਦੇ ਬੇਲਰ ਮਾਲਕ ਕੁਲਵਿੰਦਰ ਸਿੰਘ, ਪਿੰਡ ਗਿੱਦੜਪੁਰ ਦੇ ਬੇਲਰ ਮਾਲਕ ਕਰਮਜੀਤ ਸਿੰਘ ਅਤੇ ਪਿੰਡ ਦੇਸੂਮਾਜਰਾ ਦੇ ਕਿਸਾਨ ਅਮਰਜੀਤ ਸਿੰਘ ਦੁਆਰਾ ਪ੍ਰਸ਼ਾਸਨ ਨੂੰ ਭਰਵਾਂ ਸਹਿਯੋਗ ਦਿੱਤਾ ਜਾ ਰਿਹਾ ਹੈ। ਇਨ੍ਹਾਂ ਵੱਲੋਂ ਤਹਿਸੀਲ ਪਿੰਡ ਰਾਜੋਮਾਜਰਾ, ਕੁਰਾਲੀ, ਹੰਸਾਲਾ, ਸੋਹਾਣਾ, ਦੈੜੀ, ਬਠਲਾਣਾ, ਸਨੇਟਾ ਵਿੱਚ ਬੇਲਰਾਂ ਦੀ ਵਰਤੋਂ ਨਾਲ ਵੱਧ ਤੋਂ ਵੱਧ ਪਰਾਲੀ ਦਾ ਰਕਬਾ ਬਿਨਾਂ ਅੱਗ ਲਾਇਆਂ ਕਵਰ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਕਰੋਪ ਰੈਜੀਡਿਊ ਮੈਨੇਜਮੈਂਟ ਸਕੀਮ ਅਧੀਨ ਹੁਣ ਤੱਕ 140 ਮਸ਼ੀਨਾਂ ਦੀ ਖ੍ਰੀਦ ਕੀਤੀ ਜਾ ਚੁੱਕੀ ਹੈ, ਜਿਨ੍ਹਾਂ ’ਚੋਂ 99 ਸੁਪਰ ਸੀਡਰ, 8 ਬੇਲਰ, 16 ਸਰਫੇਸ ਸੀਡਰ ਦੀ ਖ੍ਰੀਦ ਹੋਈ ਹੈ ਅਤੇ ਪ੍ਰਸ਼ਾਸਨ ਵੱਲੋਂ ਮਸ਼ੀਨਰੀ ਦੀ ਖ਼ਰੀਦ ਸਬੰਧੀ ਰੋਜ਼ਾਨਾ ਪ੍ਰਗਤੀ ਵਾਚਣ ਲਈ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਵੱਲੋਂ ਮੀਟਿੰਗ ਕੀਤੀ ਜਾਂਦੀ ਹੈ, ਤਾਂ ਜੋ ਵੱਧ ਤੋਂ ਵੱਧ ਮਸ਼ੀਨਾਂ ਦੀ ਖ਼ਰੀਦ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਮੌਕੇ ਪਿੰਡ ਦੈੜੀ ਦੀ ਪਟਵਾਰੀ ਵਿਕਰਮ ਬੇਡਰਾ, ਪੰਚਾਇਤ ਸਕੱਤਰ ਅਮਨੀਤ ਸਿੰਘ ਬਾਜਵਾ, ਗੁਰਦੀਪ ਸਿੰਘ ਸਰਪੰਚ ਪਿੰਡ ਦੈੜੀ, ਵਜੀਰ ਸਿੰਘ ਸਾਬਕਾ ਸਰਪੰਚ ਪਿੰਡ ਬਠਲਾਣਾ ਅਤੇ ਅਗਾਂਹਵਧੂ ਕਿਸਾਨ ਸਮਸ਼ੇਰ ਸਿੰਘ, ਗੁਰਸੰਤ ਸਿੰਘ ਪਿੰਡ ਦੈੜੀ, ਸਾਹਿਬ ਸਿੰਘ ਪਿੰਡ ਗੁਡਾਣਾ ਵੀ ਹਾਜ਼ਰ ਸਨ।
ਡੀਸੀ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਵਾਰ ਜ਼ਿਲ੍ਹੇ ਵਿੱਚ ਸ਼ੁਰੂ ਕੀਤੀ ਨਵੀਂ ਪਹਿਲ ਕਦਮੀ ਜਿਸ ਨਾਲ ਕਿਸਾਨਾਂ ਦੇ ਖੇਤਾਂ ਚੋਂ ਬੇਲਰ ਮਸ਼ੀਨਾਂ ਰਾਹੀਂ ਪਰਾਲੀ ਦੀਆਂ ਗੰਢਾਂ ਸਬੰਧਤ ਕਿਸਾਨ ਤੋਂ ਬਿਨਾਂ ਕੋਈ ਪੈਸਾ ਲਿਆਂ ਬਣਾਈਆਂ ਜਾ ਰਹੀਆਂ ਹਨ, ਨਾਲ ਹੁਣ ਤੱਕ 20 ਹਜ਼ਾਰ ਏਕੜ ਰਕਬੇ ਚੋਂ ਗੰਢਾਂ ਬਣਾਈਆਂ ਜਾ ਚੁੱਕੀਆਂ ਹਨ। ਇਸ ਤੋਂ ਪਹਿਲਾਂ ਕਿਸਾਨਾਂ ਨੂੰ ਇੱਕ ਏਕੜ ਰਕਬੇ ਪਿੱਛੇ ਬੇਲਰ ਨਾਲ ਗੰਢਾਂ ਬਣਾਉਣ ’ਤੇ 2000 ਰੁਪਏ ਖ਼ਰਚ ਕਰਨੇ ਪੈਂਦੇ ਸਨ, ਜੋ ਹੁਣ ਨਹੀਂ ਦੇਣੇ ਪੈ ਰਹੇ।

Load More Related Articles
Load More By Nabaz-e-Punjab
Load More In General News

Check Also

ਭਾਈ ਘਨੱਈਆ ਜੀ ਮੱਲ੍ਹਮ ਪੱਟੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦਰਬਾਰ

ਭਾਈ ਘਨੱਈਆ ਜੀ ਮੱਲ੍ਹਮ ਪੱਟੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦਰਬਾਰ 1 ਨਵੰਬਰ ਨੂੰ ਸ਼ਰਧਾ ਭਾਵਨਾ ਤੇ ਉਤਸ਼ਾਹ…