ਜ਼ਿਲ੍ਹਾ ਪ੍ਰਸ਼ਾਸਨ ਨੇ ਲੋਕਹਿੱਤ ਵਿੱਚ ਧਰਨਾ ਚੁਕਵਾਇਆ, ਕਈ ਗਰਮ ਖਿਆਲੀ ਹਿਰਾਸਤ ’ਚ ਲਏ

ਕਿਸੇ ਵੀ ਸੂਰਤ ਵਿੱਚ ਮੁਹਾਲੀ ਜ਼ਿਲ੍ਹੇ ਦੀ ਸ਼ਾਂਤੀ ਭੰਗ ਨਹੀਂ ਹੋਣ ਦਿੱਤੀ ਜਾਵੇਗੀ: ਆਸ਼ਿਕਾ ਜੈਨ

ਰਾਹਗੀਰਾਂ ਤੇ ਸੰਗਤ ਨੂੰ ਦਰਪੇਸ਼ ਸਮੱਸਿਆ ਦੇ ਮੱਦੇਨਜ਼ਰ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਬਾਹਰੋਂ ਧਰਨਾ ਚੁਕਵਾਇਆ: ਡੀਸੀ

ਐੱਸਐੱਸਪੀ ਡਾ. ਸੰਦੀਪ ਗਰਗ ਵੱਲੋਂ ਲੋਕਾਂ ਨੂੰ ਅਫ਼ਵਾਹਾਂ ਤੋਂ ਬਚਣ ਦੀ ਅਪੀਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਮਾਰਚ:
‘ਵਾਰਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਵਿਰੁੱਧ ਕਾਰਵਾਈ ਦੇ ਰੋਸ ਵਜੋਂ ਕੁੱਝ ਗਰਮ ਖਿਆਲੀ ਨੌਜਵਾਨਾਂ ਅਤੇ ਨਿਹੰਗ ਸਿੰਘਾਂ ਦਾ ਲੜੀਵਾਰ ਧਰਨਾ ਅੱਜ ਚੌਥੇ ਦਿਨ ਜ਼ਿਲ੍ਹਾ ਪ੍ਰਸ਼ਾਸਨ ਨੇ ਲੋਕਹਿੱਤ ਵਿੱਚ ਚੁਕਵਾ ਦਿੱਤਾ ਹੈ। ਅੰਮ੍ਰਿਤਪਾਲ ਸਿੰਘ ਅਤੇ ਸਾਥੀਆਂ ਵਿਰੁੱਧ ਬਿਨਾਂ ਸ਼ਰਤ ਕਾਰਵਾਈ ਰੋਕਣ ਦੀ ਮੰਗ ਨੂੰ ਲੈ ਕੇ ਕੁੱਝ ਗਰਮ ਖਿਆਲੀ ਪਿਛਲੇ ਚਾਰ ਦਿਨਾਂ ਤੋਂ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਸਾਹਮਣੇ ਚੌਰਾਹੇ ਉੱਤੇ ਮੁਹਾਲੀ ਏਅਰਪੋਰਟ ਸੜਕ ’ਤੇ ਧਰਨਾ ਲਗਾ ਕੇ ਬੈਠੇ ਸਨ। ਜਿਸ ਕਾਰਨ ਰਾਹਗੀਰਾਂ ਅਤੇ ਰੋਜ਼ਾਨਾ ਗੁਰੂਘਰ ਨਤਮਸਤਕ ਹੋਣ ਵਾਲੀ ਸੰਗਤ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।
ਉਧਰ, ਗੁਰਦੁਆਰਾ ਕਮੇਟੀ ਅਤੇ ਸ਼ਰਧਾਲੂਆਂ ਨੇ ਪਹਿਲਾਂ ਪ੍ਰਦਰਸ਼ਨਕਾਰੀਆਂ ਨੂੰ ਗੱਲੀਬਾਤੀਂ ਧਰਨਾ ਚੁੱਕਣ ਦੀ ਅਪੀਲ ਕੀਤੀ ਲੇਕਿਨ ਜਦੋਂ ਉਹ ਨਾ ਮੰਨੇ ਤਾਂ ਧਰਨਾਕਾਰੀਆਂ ਦਾ ਟੈਂਟ ਪੁੱਟ ਦਿੱਤਾ ਗਿਆ। ਸਥਿਤੀ ਤਣਾਅ ਪੂਰਨ ਹੁੰਦੀ ਦੇਖ ਪੁਲੀਸ ਵੀ ਹਰਕਤ ਵਿੱਚ ਆ ਗਈ ਅਤੇ ਪੁਲੀਸ ਨੇ ਸਖ਼ਤੀ ਵਰਤਦੇ ਹੋਏ ਧਰਨਾ ਚੁਕਵਾ ਦਿੱਤਾ ਅਤੇ ਵਿਰੋਧ ਕਰਨ ਵਾਲੇ ਕਰੀਬ ਦੋ ਦਰਜਨ ਗਰਮ ਖਿਆਲੀ ਨੌਜਵਾਨਾਂ ਅਤੇ ਅੌਰਤਾਂ ਨੂੰ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ। ਇਸ ਮਗਰੋਂ ਪੁਲੀਸ ਵੱਲੋਂ ਇਸ ਸੜਕ ’ਤੇ ਆਵਾਜਾਈ ਸ਼ੁਰੂ ਕਰਵਾਈ।

ਉਧਰ, ਮੁਹਾਲੀ ਜ਼ਿਲ੍ਹੇ ਵਿੱਚ ਕਿਸੇ ਵੀ ਸੂਰਤ ’ਚ ਸ਼ਾਂਤੀ ਭੰਗ ਨਾ ਹੋਣ ਦੇਣ ਦਾ ਐਲਾਨ ਕਰਦੇ ਹੋਏ ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਕਿਹਾ ਕਿ ਆਮ ਲੋਕਾਂ ਖਾਸਕਰ ਗੁਰਦੁਆਰਾ ਸਾਹਿਬ ਵਿੱਚ ਮੱਥਾ ਟੇਕਣ ਆਉਣ ਵਾਲੀ ਸੰਗਤ ਨੂੰ ਦਰਪੇਸ਼ ਸਮੱਸਿਆਵਾਂ ਦੇ ਮੱਦੇਨਜ਼ਰ ਧਰਨਾ ਚੁਕਵਾਇਆ ਗਿਆ ਹੈ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ੍ਰੀਮਤੀ ਆਸ਼ਿਕਾ ਜੈਨ ਨੇ ਕਿਹਾ ਕਿ ਧਰਨੇ ਕਾਰਨ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਵਾਲੀ ਸੰਗਤ ਤੋਂ ਇਲਾਵਾ ਰਾਹਗੀਰਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਜਿਸ ਕਾਰਨ ਧਰਨਾਕਾਰੀਆਂ ਦਾ ਸੰਗਤ ਅਤੇ ਲੋਕਾਂ ਨਾਲ ਟਕਰਾਅ ਪੈਦਾ ਹੋਣ ਲੱਗ ਪਿਆ ਸੀ। ਇਸ ਸਬੰਧੀ ਇਲਾਕੇ ਦੇ ਲੋਕਾਂ ਨੇ ਇਸ ਸਮੱਸਿਆ ਦੇ ਹੱਲ ਲਈ ਪ੍ਰਸ਼ਾਸਨ ਨੂੰ ਬੇਨਤੀ ਕੀਤੀ ਸੀ। ਉਨ੍ਹਾਂ ਕਿਹਾ ਕਿ ਸੰਭਾਵੀ ਟਕਰਾਅ ਨੂੰ ਰੋਕਣ ਲਈ ਧਰਨਾ ਚੁਕਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੀ ਸ਼ਾਂਤੀ ਭੰਗ ਕਰਨ ਦੀ ਕਿਸੇ ਨੂੰ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਹਾਲਤ ਪੂਰੀ ਤਰ੍ਹਾਂ ਸ਼ਾਂਤੀਪੂਰਨ ਅਤੇ ਆਮ ਵਰਗੇ ਹਨ ਪਰ ਇਸ ਦੇ ਬਾਵਜੂਦ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਪੁਲੀਸ ਪੂਰੀ ਤਰ੍ਹਾਂ ਮੁਸਤੈਦ ਹੈ।

ਇਸ ਮੌਕੇ ਐੱਸਐੱਸਪੀ ਡਾ. ਸੰਦੀਪ ਗਰਗ ਨੇ ਕਿਹਾ ਕਿ ਧਰਨੇ ਦੌਰਾਨ ਕੁਝ ਲੋਕਾਂ ਵੱਲੋਂ ਸ਼ਾਂਤੀ ਭੰਗ ਕਰਨ ਦੀਆਂ ਕੋਸ਼ਿਸ਼ਾਂ ਕੀਤੀਆ ਜਾ ਰਹੀਆ ਸਨ। ਧਰਨਾਕਾਰੀਆਂ ਵੱਲੋਂ ਗੁਰਦੁਆਰਾ ਸਾਹਿਬ ਆਉਣ ਵਾਲੀ ਸੰਗਤ ਅਤੇ ਹੋਰਨਾਂ ਲੋਕਾਂ ਨਾਲ ਧੱਕਾ ਮੁੱਕੀ ਕਰਨ ਦੀਆਂ ਸ਼ਿਕਾਇਤਾਂ ਮਿਲੀਆਂ ਸਨ। ਅਮਨ ਸ਼ਾਂਤੀ ਅਤੇ ਲੋਕਹਿੱਤ ਵਿੱਚ ਧਰਨਾ ਚੁਕਵਾਇਆ ਗਿਆ ਹੈ। ਉਨ੍ਹਾਂ ਲੋਕਾਂ ਨੂੰ ਅਫ਼ਵਾਹਾਂ ਤੋਂ ਬਚਣ ਦੀ ਅਪੀਲ ਵੀ ਕੀਤੀ। ਉਨ੍ਹਾਂ ਦੱਸਿਆ ਕਿ ਧਰਨਾ ਚੁੱਕਣ ਸਮੇਂ ਕਈ ਪੁਲੀਸ ਮੁਲਾਜ਼ਮਾਂ ਸਮੇਤ ਕੁੱਝ ਵਿਅਕਤੀ ਜ਼ਖ਼ਮੀ ਹੋਏ ਹਨ, ਜਿਨ੍ਹਾਂ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ 25 ਕੁ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮੌਕੇ ਐਸਡੀਐਮ ਸ੍ਰੀਮਤੀ ਸਰਬਜੀਤ ਕੌਰ, ਐਸਪੀ ਜਗਜੀਤ ਸਿੰਘ ਜੱਲ੍ਹਾ, ਨਵਰੀਤ ਸਿੰਘ ਵਿਰਕ, ਆਕਾਸ਼ਦੀਪ ਸਿੰਘ ਅੌਲਖ, ਡੀਐਸਪੀ ਹਰਸਿਮਰਨ ਸਿੰਘ ਬੱਲ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…