
ਵੋਟਰ ਸੂਚੀ ਦੀ ਪ੍ਰਕਾਸ਼ਨਾਂ ਬਾਰੇ ਜ਼ਿਲ੍ਹਾ ਚੋਣ ਅਫ਼ਸਰ ਨੇ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਅਹਿਮ ਮੀਟਿੰਗ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਜਨਵਰੀ:
ਭਾਰਤ ਦੇ ਚੋਣ ਕਮਿਸ਼ਨ ਨਵੀਂ ਦਿੱਲੀ ਦੀਆਂ ਹਦਾਇਤਾਂ ਅਨੁਸਾਰ ਅੱਜ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਅਧੀਨ ਆਉਂਦੇ ਤਿੰਨ ਵਿਧਾਨ ਸਭਾ ਹਲਕਿਆਂ ਮੁਹਾਲੀ, ਖਰੜ ਅਤੇ ਡੇਰਾਬੱਸੀ ਦੀ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾਂ ਕੀਤੀ ਗਈ। ਇਸ ਮੌਕੇ ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਮਿਤ ਤਲਵਾੜ ਵੱਲੋਂ ਜ਼ਿਲ੍ਹੇ ਦੀਆਂ ਸਮੂਹ ਸਿਆਸੀ ਪਾਰਟੀਆਂ ਨਾਲ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਵਿੱਚ ਇਸ ਸਮੇਂ ਕੁੱਲ 7,92,982 ਵੋਟਰ ਹਨ। ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹੁਣ ਸਾਲ ਵਿੱਚ 4 ਵਾਰੀ ਰਿਵੀਜ਼ਨ ਕੀਤੀ ਜਾਵੇਗੀ। ਜਿਨ੍ਹਾਂ ਦੀ ਯੋਗਤਾ 1 ਜਨਵਰੀ 2023, 1 ਅਪਰੈਲ 2023, 1 ਜੁਲਾਈ 2023 ਅਤੇ 1 ਅਕਤੂਬਰ 2023 ਹੋਵੇਗੀ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਵਿਦਿਆਰਥੀਆਂ ਦੀ ਉਮਰ 17 ਸਾਲ ਤੋਂ ਵੱਧ ਹੋ ਚੁੱਕੀ ਹੈ, ਉਹ ਆਪਣੀ ਵੋਟ ਬਣਾਉਣ ਲਈ ਜ਼ਰੂਰ ਅਪਲਾਈ ਕਰਨ। ਉਨ੍ਹਾਂ ਦੱਸਿਆ ਕਿ ਵੋਟ ਬਣਾਉਣ ਲਈ ਫਾਰਮ ਨੰਬਰ-6, ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਲਈ ਫਾਰਮ ਨੰਬਰ-6ਬੀ, ਵੋਟ ਕਟਵਾਉਣ ਲਈ ਫਾਰਮ ਨੰਬਰ-7 ਅਤੇ ਵੋਟ ਸ਼ਿਫ਼ਟ ਕਰਵਾਉਣ, ਵੋਟਰ ਕਾਰਡ ਵਿੱਚ ਸੋਧ ਅਤੇ ਡੁਪਲੀਕੇਟ ਵੋਟਰ ਕਾਰਡ ਬਣਾਉਣ ਲਈ ਫਾਰਮ ਨੰਬਰ-8 ਐਨਵੀਐਸਪੀ ਡਾਟ ਇੰਨ ਜਾਂ ਵੋਟਰ ਹੈਲਪਲਾਈਨ ਐਪ ਰਾਹੀਂ ਭਰੇ ਜਾ ਸਕਦੇ ਹਨ।
ਮੀਟਿੰਗ ਵਿੱਚ ਬਸਪਾ ਆਗੂ ਸੁਖਦੇਵ ਸਿੰਘ ਚੱਪੜਚਿੜੀ, ਆਮ ਆਦਮੀ ਪਾਰਟੀ ਦੇ ਵਲੰਟੀਅਰ ਬਹਾਦਰ ਸਿੰਘ ਚਹਿਲ, ਭਾਜਪਾ ਦੇ ਆਗੂ ਅਨੀਲ ਕੁਮਾਰ, ਸ਼੍ਰੋਮਣੀ ਅਕਾਲੀ ਦਲ ਦੇ ਨੁਮਾਇੰਦੇ ਹਨੀ ਸ਼ਰਮਾ, ਕਾਂਗਰਸ ਦੇ ਬਲਾਕ ਪ੍ਰਧਾਨ ਜਸਪ੍ਰੀਤ ਸਿੰਘ ਗਿੱਲ ਅਤੇ ਕਾਮਿਊਨਿਸਟ ਪਾਰਟੀ ਆਫ਼ ਇੰਡੀਆ ਤੋਂ ਜਸਪਾਲ ਸਿੰਘ ਦੱਪਰ ਨੇ ਸ਼ਿਰਕਤ ਕੀਤੀ।