
ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਛੋਟੇ ਕੇਸਾਂ ਵਿੱਚ ਹਵਾਲਾਤੀਆਂ ਦੀ ਰਿਹਾਈ ਬਾਰੇ ਬਾਰ ਐਸੋਸੀਏਸ਼ਨ ਨਾਲ ਮੀਟਿੰਗ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਅਗਸਤ:
ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਵੱਲੋਂ ਛੋਟੇ ਕੇਸਾਂ ਵਿੱਚ ਜੇਲ੍ਹਾਂ ਅੰਦਰ ਬੰਦ ਹਵਾਲਾਤੀਆਂ ਦੀ ਰਿਹਾਈ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਮੁਹਾਲੀ ਦੇ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਹਰਪਾਲ ਸਿੰਘ ਨੇ ਅੱਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਬਲਜਿੰਦਰ ਸਿੰਘ ਨੂੰ ਨਾਲ ਲੈ ਕੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਮੁਹਾਲੀ ਨਾਲ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜਾਰੀ ਹਦਾਇਤਾਂ ਨੂੰ ਲਾਗੂ ਕਰਨ ਸਬੰਧੀ ਮੀਟਿੰਗ ਕੀਤੀ।
ਜ਼ਿਲ੍ਹਾ ਤੇ ਸੈਸ਼ਨ ਜੱਜ ਹਰਪਾਲ ਸਿੰਘ ਨੇ ਬਾਰ ਐਸੋਸੀਏਸ਼ਨ ਦੇ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਾਲਸਾ ਵੱਲੋਂ 16 ਕੈਟਾਗਰੀਆਂ ਦੀ ਪਛਾਣ ਕੀਤੀ ਗਈ ਹੈ, ਇਸ ਕਮੇਟੀ ਨੇ ਅੰਡਰ ਟਰਾਇਲ ਰਿਵਿਊ ਕਮੇਟੀ ਨੇ ਹਵਾਲਾਤੀਆਂ ਦੀ ਰਿਹਾਈ ਲਈ ਸਿਫ਼ਾਰਸ਼ ਕੀਤੀ ਹੈ, ਜਿਸ ਦੀ ਕਾਪੀ ਮੁਹਾਲੀ ਜ਼ਿਲ੍ਹੇ ਦੀਆਂ ਸਮੂਹ ਅਦਾਲਤਾਂ ਅਤੇ ਬਾਰ ਐਸੋਸੀਏਸ਼ਨਾਂ ਨੂੰ ਉਪਲਬਧ ਕਰਵਾਈ ਗਈ ਹੈ। ਉਨ੍ਹਾਂ ਵਕੀਲਾਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਟਰਾਇਲ ਰਿਵਿਊ ਕਮੇਟੀ ਵੱਲੋਂ ਸਿਫ਼ਾਰਸ਼ ਕੀਤੇ ਹਵਾਲਾਤੀਆਂ ਦੀ ਰਿਹਾਈ ਲਈ ਦਰਖ਼ਾਸਤਾਂ ਸਬੰਧਤ ਅਦਾਲਤਾਂ ਵਿੱਚ ਦਾਇਰ ਕਰਨ।

ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸਨੇਹਪ੍ਰੀਤ ਸਿੰਘ ਨੇ ਭਰੋਸਾ ਦਿੱਤਾ ਕਿ ਅੰਡਰ ਟਰਾਇਲ ਰਿਵਿਊ ਕਮੇਟੀ ਵੱਲੋਂ ਕੀਤੀ ਗਈ ਸਿਫ਼ਾਰਸ਼ ਅਨੁਸਾਰ ਹਵਾਲਾਤੀਆਂ ਦੀ ਰਿਹਾਈ ਲਈ ਦਰਖਾਸਤਾਂ ਇੱਕ ਜਾਂ ਦੋ ਦਿਨਾਂ ਵਿੱਚ ਸਬੰਧਤ ਅਦਾਲਤਾਂ ਵਿੱਚ ਦਾਇਰ ਕਰ ਦਿੱਤੀਆਂ ਜਾਣਗੀਆਂ।