ਸਿੱਖਿਆ ਵਿਭਾਗ ਨੇ ਇੱਕ ਦਿਨ ਵਿੱਚ 1 ਲੱਖ ਦਾਖ਼ਲੇ ਕਰਨ ਦਾ ਇਤਿਹਾਸਕ ਰਿਕਾਰਡ ਸਿਰਜਿਆ

ਦਾਖ਼ਲਾ ਮੁਹਿੰਮ ਦੇ ਪਹਿਲੇ ਦਿਨ 100298 ਵਿਦਿਆਰਥੀਆਂ ਨੇ ਦਾਖ਼ਲਾ ਲਿਆ

ਵੱਡੀ ਗਿਣਤੀ ਬੱਚਿਆਂ ਨੇ ਪ੍ਰਾਈਵੇਟ ਸਕੂਲਾਂ ’ਚੋਂ ਲਾਂ ਕਟਵਾ ਕੇ ਸਰਕਾਰੀ ਸਕੂਲਾਂ ’ਚ ਦਾਖ਼ਲ ਲੈਣ ਦਾ ਦਾਅਵਾ

ਸਾਰੇ ਅਧਿਆਪਕਾਂ ਦੇ ਸਹਿਯੋਗ ਨਾਲ ਦਾਖ਼ਲਾ ਮੁਹਿੰਮ ਦਾ ਟੀਚਾ ਹਾਸਲ ਹੋਇਆ: ਹਰਜੋਤ ਬੈਂਸ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਮਾਰਚ:
ਸਿੱਖਿਆ ਵਿਭਾਗ ਪੰਜਾਬ ਨੇ ਇੱਕ ਦਿਨ ਵਿੱਚ ਇੱਕ ਲੱਖ ਤੋਂ ਵੱਧ ਦਾਖ਼ਲੇ ਕਰਨ ਦਾ ਇਤਿਹਾਸਕ ਰਿਕਾਰਡ ਸਿਰਜਿਆ ਹੈ। ਵਿਭਾਗ ਵੱਲੋਂ 10 ਮਾਰਚ ਨੂੰ ਸਵੇਰੇ 8 ਵਜੇ ਤੋਂ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਦਰ ਵਧਾਉਣ ਦੀ ਮੁਹਿੰਮ ਵਿੱਢੀ ਗਈ ਸੀ, ਜੋ ਦੇਰ ਰਾਤ 10 ਵਜੇ ਤੱਕ ਜਾਰੀ। ਇਸ ਦੌਰਾਨ 100298 ਵਿਦਿਆਰਥੀਆਂ ਦੇ ਦਾਖ਼ਲੇ ਦਰਜ ਕੀਤੇ ਗਏ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮਿਹਨਤੀ ਅਧਿਆਪਕਾਂ ਦੀ ਹੌਸਲਾ ਅਫਜਾਈ ਕਰਦਿਆਂ ਕਿਹਾ ਕਿ ਸਾਰੇ ਅਧਿਆਪਕਾਂ ਦੇ ਸਹਿਯੋਗ ਨਾਲ ਦਾਖ਼ਲਾ ਮੁਹਿੰਮ ਦਾ ਟੀਚਾ ਹਾਸਲ ਕੀਤਾ ਗਿਆ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਚੰਗੇ ਨਤੀਜੇ ਦੇਖਣ ਨੂੰ ਮਿਲਣਗੇ। ਉਨ੍ਹਾਂ ਦਾਅਵਾ ਕੀਤਾ ਕਿ ਇਸ ਅਭਿਆਨ ਦੌਰਾਨ ਵੱਡੀ ਗਿਣਤੀ ’ਚ ਬੱਚਿਆਂ ਨੇ ਪ੍ਰਾਈਵੇਟ ਸਕੂਲਾਂ ’ਚੋਂ ਨਾਮ ਕਟਵਾ ਕੇ ਸਰਕਾਰੀ ਸਕੂਲਾਂ ਵਿੱਚ ਦਾਖ਼ਲੇ ਕਰਵਾਏ ਹਨ।
ਸਰਕਾਰੀ ਅੰਕੜਿਆਂ ਮੁਤਾਬਕ ਸ੍ਰੀ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਤਹਿ ਟੀਚੇ ਦੀ ਥਾਂ 134.6 ਫੀਸਦੀ ਦਾਖ਼ਲੇ ਹੋਏ ਹਨ ਜਦਕਿ ਸਰਹੱਦੀ ਜ਼ਿਲ੍ਹਾ ਫਿਰੋਜ਼ਪੁਰ, ਅੰਮ੍ਰਿਤਸਰ, ਫਾਜ਼ਿਲਕਾ, ਤਰਨਤਾਰਨ ਸਮੇਤ ਬਰਨਾਲਾ, ਬਠਿੰਡਾ, ਕਪੂਰਥਲਾ, ਪਟਿਆਲਾ, ਐਸ.ਬੀ.ਐਸ. ਨਗਰ, ਮਲੇਰਕੋਟਲਾ, ਅਤੇ ਸੰਗਰੂਰ ਜ਼ਿਲ੍ਹੇ ਵਿੱਚ 128.28 ਫੀਸਦੀ ਤੋਂ 103.44 ਦਾਖ਼ਲੇ ਦਰਜ ਕੀਤੇ ਗਏ ਹਨ।
ਸਿੱਖਿਆ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਮੁਹਿੰਮ ਨੂੰ ਮਿਲੇ ਭਰਪੂਰ ਹੁੰਗਾਰੇ ਤੋਂ ਇਹ ਸਪੱਸ਼ਟ ਹੋ ਗਿਆ ਹੈ ਕਿ ਪੰਜਾਬ ਦੀ ਆਪ ਸਰਕਾਰ ਵੱਲੋਂ ਸਿੱਖਿਆ ਪ੍ਰਤੀ ਅਪਣਾਈ ਗਈ ਨੀਤੀ ’ਤੇ ਲੋਕਾਂ ਨੇ ਮੋਹਰ ਲਗਾਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਕੂਲੀ ਸਿੱਖਿਆ ਵਿੱਚ ਸੁਧਾਰ ਲਿਆਉਣ ਲਈ ਵੱਡੇ ਪੱਧਰ ’ਤੇ ਉਪਰਾਲੇ ਕੀਤੇ ਗਏ ਹਨ, ਜਿਨ੍ਹਾਂ ਵਿੱਚ ਪ੍ਰਮੁੱਖ ਤੌਰ ’ਤੇ ਸਕੂਲ ਆਫ਼ ਐਮੀਨੈਂਸ, ਸਰਕਾਰੀ ਸਕੂਲਾਂ ਦੀ ਚਾਰ-ਦੀਵਾਰੀ ਕਰਵਾਉਣ, ਨਵੇਂ ਕਮਰਿਆਂ ਦੀ ਉਸਾਰੀ, ਸਕੂਲੀ ਵਿਦਿਆਰਥੀਆਂ ਨੂੰ ਸਾਫ਼-ਸੁਥਰੇ ਬਾਥਰੂਮ ਉਪਲਬਧ ਕਰਵਾਉਣ ਤੋਂ ਇਲਾਵਾ ਸਮੇਂ ਸਿਰ ਸਕੂਲੀ ਵਰਦੀਆਂ ਤੇ ਕਿਤਾਬਾਂ ਮੁਹੱਈਆ ਕਰਵਾਉਣਾ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਪਹਿਲੇ ਸਾਲ ਵਿੱਚ ਹੀ ਸਭ ਤੋਂ ਵੱਧ ਅਧਿਆਪਕ ਭਰਤੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਮੁਹਿੰਮ 31 ਮਾਰਚ ਤੱਕ ਸਾਰੇ ਸਰਕਾਰੀ ਸਕੂਲ ਵਿੱਚ ਜਾਰੀ ਰਹੇਗੀ।

Load More Related Articles

Check Also

ਨਕਲੀ ਡੀਏਪੀ ਖਾਦ ਦੀ ਕੀਮਤ ਕਿਸਾਨਾਂ ਦੇ ਖਾਤੇ ਵਿੱਚ ਪਾਈ ਜਾਵੇ: ਕਿਸਾਨ ਯੂਨੀਅਨ

ਨਕਲੀ ਡੀਏਪੀ ਖਾਦ ਦੀ ਕੀਮਤ ਕਿਸਾਨਾਂ ਦੇ ਖਾਤੇ ਵਿੱਚ ਪਾਈ ਜਾਵੇ: ਕਿਸਾਨ ਯੂਨੀਅਨ ਝੋਨੇ ਦੀਆਂ ਬੈਨ ਕੀਤੀਆਂ ਕਿ…