ਸਿੱਖਿਆ ਮੰਤਰੀ ਵੱਲੋਂ ਸੈਸ਼ਨ ਤੋਂ ਪਹਿਲਾਂ ਕਿਤਾਬਾਂ ਵੰਡਣ ਤੇ ਬੋਰਡ ਕੋਲ ਪਈਆਂ ਕਿਤਾਬਾਂ ਦੀ ਗਿਣਤੀ ਕਰਾਉਣ ਦੇ ਹੁਕਮ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 25 ਮਈ:
ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅਧਿਕਾਰੀਆਂ ਨੂੰ ਸਖ਼ਤ ਲਹਿਜ਼ੇ ’ਚ ਕਿਹਾ ਹੈ ਕਿ ਉਹ ਅਗਲੇ ਸੈਸ਼ਨ ਤੋਂ ਇੱਕ ਮਹੀਨਾ ਪਹਿਲਾਂ ਹੀ ਕਿਤਾਬਾਂ ਦੀ ਛਪਾਈ ਕਰਵਾਉਣ ਅਤੇ ਵਿਦਿਆਰਥੀਆਂ ਤੱਕ ਪੁੱਜਦੀਆਂ ਕਰਨਾ ਯਕੀਨੀ ਬਣਾਉਣ ਤਾਂ ਜੋ ਸੈਸ਼ਨ ਸ਼ੁਰੂ ਹੋਣ ’ਤੇ ਵਿਦਿਆਰਥੀਆਂ ਦੀ ਖੱਜਲ-ਖੁਆਰੀ ਨਾ ਹੋਵੇ। ਉਨ੍ਹਾਂ ਨਾਲ ਹੀ ਕਿਹਾ ਕਿ ਬੋਰਡ ਕੋਲ ਅਤੇ ਉਸ ਦੇ ਡਿੱਪੂਆਂ ’ਚ ਪਈਆਂ ਵੰਡ ਤੋਂ ਰਹਿ ਗਈਆਂ ਕਿਤਾਬਾਂ ਦੀ ਗਿਣਤੀ ਤੁਰੰਤ ਗਿਣਤੀ ਕਰਵਾਈ ਜਾਵੇ। ਪੰਜਾਬ ਸਕੂਲ ਸਿੱਖਿਆ ਬੋਰਡ ਵਿਖੇ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸ੍ਰੀ ਸੋਨੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਮਾਜ ਭਲਾਈ ਵਿਭਾਗ ਵੱਲ ਬਕਾਇਆ ਪਏ ਬੋਰਡ ਦੀਆਂ ਕਿਤਾਬਾਂ ਦੇ 250 ਕਰੋੜ ਰੁਪਏ ਛੇਤੀ ਪ੍ਰਾਪਤ ਕਰਨ ਸਣੇ ਹੋਰਨਾਂ ਵਿਭਾਗਾਂ ਤੋਂ ਬਕਾਇਆ ਲੈਣ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਪੱਤਰ-ਵਿਹਾਰ ਕਰਨ।
ਉਨ੍ਹਾਂ ਬੋਰਡ ਵਿੱਚ ਖ਼ਾਲੀ ਪਈਆਂ ਆਸਾਮੀਆਂ ਨੂੰ ਛੇਤੀ ਤੋਂ ਛੇਤੀ ਭਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਬੋਰਡ ਦੀ ਕਾਰਗੁਜ਼ਾਰੀ ਨੂੰ ਹੋਰ ਵਧੀਆ ਬਣਾਉਣ ਲਈ ਬੋਰਡ ਆਫ਼ ਡਾਇਰੈਕਟਰਜ਼ ਦੀ ਮੀਟਿੰਗ ਤਿੰਨ ਮਹੀਨੇ ਦੀ ਥਾਂ ਹਰ ਮਹੀਨੇ ਕਰਵਾਈ ਜਾਵੇ। ਇਸ ਤੋਂ ਪਹਿਲਾਂ ਸ੍ਰੀ ਸੋਨੀ ਨੇ ਬੋਰਡ ਵਿਖੇ ਪੁੱਜੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ। ਮੀਟਿੰਗ ਵਿੱਚ ਚੇਅਰਮੈਨ ਸ੍ਰੀ ਮਨੋਹਰ ਕਾਂਤ ਕਲੋਹੀਆ, ਡੀ.ਜੀ.ਐਸ.ਈ.-ਕਮ-ਵਾਈਸ ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਸ੍ਰੀ ਪ੍ਰਸ਼ਾਂਤ ਕੁਮਾਰ ਗੋਇਲ ਅਤੇ ਬੋਰਡ ਸਕੱਤਰ ਸ੍ਰੀਮਤੀ ਹਰਗੁਣਜੀਤ ਕੌਰ ਆਦਿ ਹਾਜ਼ਰ ਸਨ।
ਇਸੇ ਦੌਰਾਨ ਸਕੂਲ ਬੋਰਡ ਕਰਮਚਾਰੀ ਯੂਨੀਅਨ ਦੇ ਆਗੂਆਂ ਸੁਖਚੈਨ ਸਿੰਘ ਸੈਣੀ ਅਤੇ ਪਰਮਿੰਦਰ ਸਿੰਘ ਖੰਗੂੜਾ ਤੇ ਹੋਰਨਾਂ ਨੇ ਸਿੱਖਿਆ ਮੰਤਰੀ ਨੂੰ ਮਿਲ ਕੇ ਹੜਤਾਲੀ ਦਿਨਾਂ ਦੀ ਰੋਕੀ ਤਨਖ਼ਾਹ ਰਿਲੀਜ਼ ਕਰਨ ਦੀ ਮੰਗ ਕੀਤੀ। ਮੰਤਰੀ ਨੇ ਮੌਕੇ ’ਤੇ ਹਾਜ਼ਰ ਵਾਈਸ ਚੇਅਰਮੈਨ ਪ੍ਰਸ਼ਾਂਤ ਗੋਇਲ ਨੂੰ ਮਾਮਲਾ ਦੇਖਣ ਲਈ ਆਖਿਆ।

Load More Related Articles
Load More By Nabaz-e-Punjab
Load More In Education and Board

Check Also

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ ਸਰਕਾਰੀ ਮੈਰੀਟੋ…