
ਹਰਿਆਣਾ ਵਿਧਾਨ ਸਭਾ ਲਈ ਜ਼ਮੀਨ ਅਲਾਟ ਕਰਨ ਦਾ ਫ਼ੈਸਲਾ ਪੰਜਾਬ ਵਿਰੋਧੀ: ਕਾਹਲੋਂ
ਨਬਜ਼-ਏ-ਪੰਜਾਬ, ਮੁਹਾਲੀ, 13 ਜੁਲਾਈ:
ਸਾਬਕਾ ਕੌਂਸਲਰ ਪਰਮਜੀਤ ਸਿੰਘ ਕਾਹਲੋਂ ਨੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਹਰਿਆਣਾ ਵਿਧਾਨ ਸਭਾ ਲਈ 10 ਏਕੜ ਜ਼ਮੀਨ ਅਲਾਟ ਕਰਨ ਦੇ ਫ਼ੈਸਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਇਸ ਫ਼ੈਸਲੇ ਨੂੰ ਫੌਰੀ ਰੱਦ ਕਰਨ ਦੀ ਮੰਗ ਕੀਤੀ ਹੈ। ਅੱਜ ਇੱਥੇ ਗੱਲਬਾਤ ਦੌਰਾਨ ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਕਿ ਚੰਡੀਗੜ੍ਹ ਸਿਰਫ਼ ਪੰਜਾਬ ਦਾ ਹੈ ਅਤੇ ਇਸ ’ਤੇ ਸਿਰਫ਼ ਪੰਜਾਬ ਦਾ ਹੱਕ ਹੈ। ਉਨ੍ਹਾਂ ਕਿਹਾ ਕਿ ਕੇਂਦਰ ਵਿੱਚ ਸੱਤਾ ’ਤੇ ਕਾਬਜ਼ ਭਾਜਪਾ ਸਰਕਾਰ ਵੱਲੋਂ ਚੰਡੀਗੜ੍ਹ ਤੇ ਪੰਜਾਬ ਦਾ ਹੱਕ ਖ਼ਤਮ ਕਰਨ ਲਈ ਸੋਚੀ ਸਮਝੀ ਸਾਜ਼ਿਸ਼ ਤਹਿਤ ਜ਼ਮੀਨ ਅਲਾਟ ਕੀਤੀ ਗਈ ਹੈ। ਇਸ ਤੋਂ ਪਹਿਲਾਂ ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਬੋਰਡ ਮੈਨੇਜਮੈਂਟ ’ਚੋਂ ਪੰਜਾਬ ਨੂੰ ਬਾਹਰ ਕਰਕੇ ਪੰਜਾਬ ਨਾਲ ਧੱਕਾ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਇਹ ਸਾਰਾ ਕੁਝ ਪੰਜਾਬ ਨਾਲ ਈਰਖਾ ਦੀ ਭਾਵਨਾ ਤਹਿਤ ਕੀਤਾ ਜਾ ਰਿਹਾ ਹੈ। ਜਿਸ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਸਾਬਕਾ ਕੌਂਸਲਰ ਨੇ ਕਿਹਾ ਕਿ ਭਾਜਪਾ ਪੰਜਾਬ ਦੇ ਨਵ-ਨਿਯੁਕਤ ਪ੍ਰਧਾਨ ਸੁਨੀਲ ਜਾਖੜ ਨੂੰ ਇਸ ਗੰਭੀਰ ਮੁੱਦੇ ’ਤੇ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ ਅਤੇ ਪੰਜਾਬ ਦੇ ਹੱਕਾਂ ਦੀ ਪੈਰਵੀ ਕਰਨੀ ਚਾਹੀਦੀ ਹੈ। ਉਨ੍ਹਾਂ ਪੰਜਾਬ ਦੀਆਂ ਸਮੂਹ ਸਿਆਸੀ ਧਿਰਾਂ ਨੂੰ ਜ਼ੋਰਦਾਰ ਅਪੀਲ ਕੀਤੀ ਕਿ ਉਹ ਇਸ ਮੁੱਦੇ ’ਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪੰਜਾਬ ਦੇ ਹੱਕਾਂ ਲਈ ਇੱਕਜੁੱਟ ਹੋ ਕੇ ਆਵਾਜ਼ ਬੁਲੰਦ ਕਰਨ ਤਾਂ ਜੋ ਪੰਜਾਬ ਨਾਲ ਹੋ ਰਹੀ ਇਸ ਧੱਕੇਸ਼ਾਹੀ ਨੂੰ ਰੋਕਿਆ ਜਾ ਸਕੇ।