
ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੁਲਾਜ਼ਮਾਂ ਵੱਲੋਂ ਮੁੱਖ ਦਫ਼ਤਰ ਦਾ ਘਿਰਾਓ
ਨਬਜ਼-ਏ-ਪੰਜਾਬ, ਮੁਹਾਲੀ, 16 ਅਗਸਤ:
ਜਲ ਸਪਲਾਈ ਤੇ ਸੈਨੀਟੇਸ਼ਨ ਮਸਟਰੋਲ ਐਂਪਲਾਈਜ਼ ਯੂਨੀਅਨ ਵੱਲੋਂ ਸੂਬਾ ਪ੍ਰਧਾਨ ਸੁਖਨੰਦਨ ਸਿੰਘ ਮੈਹਣੀਆ ਦੀ ਪ੍ਰਧਾਨਗੀ ਹੇਠ ਅੱਜ ਇੱਥੇ ਜਲ ਸਪਲਾਈ ਸੈਨੀਟੇਸ਼ਨ ਵਿਭਾਗ ਦੇ ਮੁੱਖ ਦਫ਼ਤਰ ਦਾ ਪੱਧਰੀ ਘਿਰਾਓ ਕਰਕੇ ਹੁਕਮਰਾਨਾਂ ਅਤੇ ਉੱਚ ਅਧਿਕਾਰੀਆਂ ਨੂੰ ਰੱਜ ਕੇ ਕੋਸਿਆ। ਉਨ੍ਹਾਂ ਕਿਹਾ ਕਿ ਜਥੇਬੰਦੀ ਕਈ ਵਾਰ ਵਿਭਾਗ ਦੇ ਮੁਖੀ ਮੁਹੰਮਦ ਇਸ਼ਫਾਕ ਨਾਲ ਮੀਟਿੰਗਾਂ ਕਰ ਚੁੱਕੀ ਹੈ ਪ੍ਰੰਤੂ ਹੁਣ ਤੱਕ ਝੂਠੇ ਲਾਰਿਆਂ ਤੋਂ ਬਿਨਾਂ ਕੁੱਝ ਵੀ ਪੱਲੇ ਨਹੀਂ ਪਿਆ। ਉਨ੍ਹਾਂ ਮੰਗ ਕੀਤੀ ਸੀ ਕਿ ਮੁਲਾਜ਼ਮ ਦੀਆਂ ਮੰਗਾਂ ਸਬੰਧੀ ਵਿਭਾਗ ਦੇ ਪ੍ਰਮੁੱਖ ਸਕੱਤਰ ਨਾਲ ਪੈਨਲ ਮੀਟਿੰਗ ਕਰਵਾਈ ਜਾਵੇ ਪ੍ਰੰਤੂ ਢੁਕਵਾਂ ਸਮਾਂ ਨਾ ਮਿਲਣ ਕਾਰਨ ਅੱਜ ਉਨ੍ਹਾਂ ਨੂੰ ਸੂਬਾ ਪੱਧਰੀ ਧਰਨਾ ਦੇਣ ਲਈ ਮਜਬੂਰ ਹੋਣਾ ਪਿਆ।
ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਰੈਗੂਲਰ ਦਰਜਾ ਚਾਰ ਅਤੇ ਦਰਜਾ ਤਿੰਨ ਮੁਲਾਜ਼ਮਾਂ ਨੂੰ ਟਾਈਮ ਸਕੇਲ ਨਾਲ ਤਰੱਕੀ ਦਿੱਤੀ ਜਾਵੇ, ਇਨਲਿਸਟਮੈਂਟ ਕਾਮਿਆਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਜਾਣ, ਰੈਗੂਲਰ ਸਟਾਫ਼ ਨੂੰ ਹਫ਼ਤਾਵਾਰੀ ਛੁੱਟੀ ਅਤੇ ਤਿਉਹਾਰੀਂ ਛੁੱਟੀਆਂ ਦਾ ਲਾਭ ਦਿੱਤਾ ਜਾਵੇ। ਉਧਰ, ਮੁਲਾਜ਼ਮਾਂ ਦੇ ਰੋਹ ਨੂੰ ਦੇਖਦਿਆਂ ਮੁਹਾਲੀ ਪ੍ਰਸ਼ਾਸਨ ਵੱਲੋਂ ਜਥੇਬੰਦੀ ਦੇ ਮੋਹਰੀ ਆਗੂਆਂ ਦੀ ਭਲਕੇ 17 ਅਗਸਤ ਨੂੰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਗਿਆ। ਇਸ ਤੋਂ ਬਾਅਦ ਜਥੇਬੰਦੀ ਨੇ ਧਰਨਾ ਸਮਾਪਤ ਕਰਨ ਦਾ ਐਲਾਨ ਕੀਤਾ। ਨਾਲ ਹੀ ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਵੀਰਵਾਰ ਨੂੰ ਹੋਣ ਵਾਲੀ ਮੀਟਿੰਗ ਬੇਸਿੱਟਾ ਰਹੀ ਤਾਂ ਅਗਲੇ ਸੰਘਰਸ਼ ਦੀ ਰੂਪਰੇਖਾ ਉਲੀਕੀ ਜਾਵੇਗੀ।
ਇਸ ਮੌਕੇ ਮੁਕੇਸ਼ ਕੁੰਡਾ, ਸਤਨਾਮ ਬਾਜਵਾ, ਸੰਜੀਵ ਕੋਤਲ, ਹਰਜੀਤ ਮੋਗਾ, ਰਾਜਪਾਲ ਲਸੋਈ, ਤੇਜਵੰਤ ਢਿੱਲਵਾਂ, ਗੁਰਬਖ਼ਸ਼ ਜੱਸੀ, ਪਰਮਜੀਤ ਸਿੰਘ, ਗੁਰਸਾਹਿਬ ਸਿੰਘ, ਗੁਰਦੇਵ ਸਿੰਘ ਸਿਰਸਵੀਲ, ਸੁਖਜੀਤ ਕੁਮਾਰ, ਲੱਖਾ ਸਿੰਘ ਸਮਰਾ, ਸ਼ਿੰਗਾਰਾ ਸਿੰਘ, ਅਨਿਲ ਨਾਹਰ, ਗੁਰਦੇਵ ਝੱਲਣ, ਕੁਲਵੰਤ ਸਿੰਘ, ਰਾਜ ਹੱਸੂ ਅਤੇ ਰਘਵੀਰ ਸਿੰਘ ਹਾਜ਼ਰ ਸਨ।