Nabaz-e-punjab.com

ਲੋੜੀਂਦੀ ਵੈਕਸੀਨ ਮਿਲਣ ’ਤੇ 3 ਮਹੀਨਿਆਂ ਦੇ ਅੰਦਰ-ਅੰਦਰ ਕੀਤਾ ਜਾਵੇਗਾ ਪੂਰੇ ਪੰਜਾਬ ਨੂੰ ਕਵਰ: ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਮਈ:
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਰੋਨਾ ਮਹਾਮਾਰੀ ਦੇ ਲਗਾਤਾਰ ਵਧ ਰਹੇ ਪ੍ਰਕੋਪ ’ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇਹ ਬੀਮਾਰੀ ਹੁਣ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਵਿੱਚ ਵਧੇਰੇ ਫੈਲ ਰਹੀ ਹੈ ਅਤੇ ਦਿਹਾਤੀ ਖੇਤਰ ਵਿੱਚ ਇਸ ਮਹਾਮਾਰੀ ਦੀ ਲਪੇਟ ਆਉਣ ਨਾਲ ਮੌਤ ਦੀ ਦਰ ਵੀ ਵਧੀ ਹੈ। ਅੱਜ ਇੱਥੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਿਹਤ ਮੰਤਰੀ ਨੇ ਕਿਹਾ ਕਿ ਸ਼ਹਿਰਾਂ ਵਿੱਚ ਲੋਕ ਇਸ ਮਹਾਮਾਰੀ ਪ੍ਰਤੀ ਵਧੇਰੇ ਜਾਗਰੂਕ ਹਨ ਅਤੇ ਉਹ ਸਮੇਂ ਸਿਰ ਆਪਣਾ ਇਲਾਜ ਵੀ ਕਰਵਾ ਰਹੇ ਹਨ ਅਤੇ ਕੋਵਿਡ ਵੈਕਸੀਨ ਲੈ ਰਹੇ ਹਨ।
ਸ੍ਰੀ ਸਿੱਧੂ ਨੇ ਕਿਹਾ ਕਿ ਕੇਂਦਰ ਸਰਕਾਰ ਕੋਲ ਵੈਕਸੀਨ ਦੀ ਉਨੀ ਸਪਲਾਈ ਉਪਲਬਧ ਨਹੀਂ ਹੈ, ਜਿੰਨੀ ਕਿ ਪੰਜਾਬ ਨੂੰ ਲੋੜ ਹੈ। ਇਸ ਸਬੰਧੀ ਰਾਜ ਸਰਕਾਰ ਨੇ ਆਪਣੇ ਪੱਧਰ ’ਤੇ ਵੀ ਓਪਨ-ਟੈਂਡਰ ਕੀਤਾ ਹੈ ਅਤੇ ਕੇਂਦਰ ਸਰਕਾਰ ਦੀ ਤਰਫ਼ੋਂ ਵੀ ਜੇਕਰ ਰਾਜ ਸਰਕਾਰ ਨੂੰ ਲੋੜੀਂਦੀ ਕੋਵਿਡ ਵੈਕਸੀਨ ਪ੍ਰਾਪਤ ਹੋ ਜਾਵੇ ਤਾਂ ਅਗਲੇ ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਪੂਰੇ ਪੰਜਾਬ ਦੇ ਲੋਕਾਂ ਨੂੰ ਕਰੋਨਾ ਵੈਕਸੀਨ ਲਗਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਰੋਨਾ ਪੀੜਤ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਫੂਡ ਕਿੱਟ ਦਾ ਵੀ ਪ੍ਰਬੰਧ ਕੀਤਾ ਗਿਆ ਹੈ ਅਤੇ ਆਸ਼ਾ ਵਰਕਰ, ਪੁਲੀਸ ਮੁਲਾਜ਼ਮ, ਅਤੇ ਫਰੰਟਲਾਈਨ ਯੋਧਿਆਂ ਵੱਲੋਂ ਘਰ-ਘਰ ਜਾ ਕੇ ਖਾਣਾ ਤਿਆਰ ਕਰਕੇ ਪੀੜਤ ਮਰੀਜ਼ਾਂ ਦੇ ਪਰਿਵਾਰਾਂ ਤੱਕ ਪੁੱਜਦਾ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਕਰੋਨਾ ਪ੍ਰਤੀ ਜਾਗਰੂਕ ਵੀ ਕੀਤਾ ਜਾ ਰਿਹਾ ਹੈ, ਜੋ ਇਹ ਇਕ ਚੰਗੀ ਸ਼ੁਰੂਆਤ ਹੈ। ਆਉਣ ਵਾਲੇ ਸਮੇਂ ਵਿੱਚ ਇਸ ਦੇ ਵਧੀਆ ਨਤੀਜੇ ਸਾਹਮਣੇ ਆਉਣਗੇ।
ਸਿਹਤ ਮੰਤਰੀ ਨੇ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਪਿੰਡਾਂ ਵਿੱਚ ਜਾ ਕੇ ਕੋਵਿਡ ਵੈਕਸੀਨ ਅਤੇ ਕਰੋਨਾ ਟੈਸਟਿੰਗ ਲਈ ਵਿਸ਼ੇਸ਼ ਕੈਂਪ ਲਗਾਉਣ ਦੇ ਆਦੇਸ਼ ਦਿੱਤੇ ਗਏ ਹਨ ਕਿਉਂਕਿ ਹਾਲੇ ਵੀ ਪਿੰਡਾਂ ਦੇ ਲੋਕ ਹਸਪਤਾਲਾਂ ਵਿੱਚ ਜਾਣ ਤੋਂ ਘਬਰਾਉਂਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਰਾਹੀਂ ਸਿਹਤ ਕਰਮੀ ਪਿੰਡਾਂ ਦੇ ਵਸਨੀਕਾਂ ਨੂੰ ਇਸ ਮਹਾਮਾਰੀ ਦੇ ਬੂਰੇ ਪ੍ਰਭਾਵ ਤੋਂ ਵੀ ਜਾਣੂ ਕਰਵਾਉਣਗੇ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੇ ਉਪਰਾਲਿਆਂ ਸਦਕਾ ਹੁਣ ਲੋਕ ਜਾਗਰੂਕ ਹੋ ਰਹੇ ਹਨ ਅਤੇ ਆਪਣੀ ਜਾਂਚ ਅਤੇ ਟੀਕਾਕਰਨ ਲਈ ਅੱਗੇ ਆਉਣੇ ਸ਼ੁਰੂ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਹਫ਼ਤਾਵਾਰੀ ਲੌਕਡਾਊਨ ਲਗਾਉਣ ਨਾਲ ਪੰਜਾਬ ਵਿੱਚ ਕਰੋਨਾ ਦੇ ਮਾਮਲੇ ਘਟੇ ਹਨ ਪ੍ਰੰਤੂ ਹਾਲੇ ਵੀ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਖ਼ਤ ਲੋੜ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਤੋਂ ਬਾਹਰ ਨਾ ਜਾਣ ਅਤੇ ਜੇਕਰ ਕਿਸੇ ਬਹੁਤ ਜ਼ਰੂਰੀ ਕੰਮ ਲਈ ਘਰ ਤੋਂ ਬਾਹਰ ਜਾਣਾ ਵੀ ਪੈਂਦਾ ਹੈ ਤਾਂ ਆਪਣੇ ਮੂੰਹ ’ਤੇ ਮਾਸਕ ਜ਼ਰੂਰ ਪਾਉਣ ਅਤੇ ਸੋਸ਼ਲ ਡਿਸਟੈਂਸੀ ਬਣਾ ਕੇ ਰੱਖੀ ਜਾਵੇ ਅਤੇ ਵਾਰ-ਵਾਰ ਹੱਥ ਸਾਫ਼ ਕੀਤੇ ਜਾਣ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …