Share on Facebook Share on Twitter Share on Google+ Share on Pinterest Share on Linkedin ਆਬਕਾਰੀ ਤੇ ਕਰ ਵਿਭਾਗ ਨੇ ਟੈਕਸ ਚੋਰੀ ਤੇ ਸ਼ਰਾਬ ਤਸਕਰੀ ਖ਼ਿਲਾਫ਼ ਸ਼ਿਕੰਜਾ ਕੱਸਿਆ ਵਿੱਤ ਮੰਤਰੀ ਨੇ ਐਸਆਈਪੀਯੂ ਤੇ ਐਕਸਾਈਜ਼ ਇਨਫੋਰਸਮੈਂਟ ਯੂਨਿਟਾਂ ਲਈ 24 ਵਾਹਨਾਂ ਨੂੰ ਦਿੱਤੀ ਹਰੀ ਝੰਡੀ ਨਬਜ਼-ਏ-ਪੰਜਾਬ, ਮੁਹਾਲੀ, 25 ਸਤੰਬਰ: ਆਬਕਾਰੀ ਤੇ ਕਰ ਵਿਭਾਗ ਨੇ ਟੈਕਸ ਚੋਰੀ ਅਤੇ ਸ਼ਰਾਬ ਤਸਕਰੀ ਦੇ ਮਾਮਲਿਆਂ ਨੂੰ ਠੱਲ੍ਹ ਪਾਉਣ ਲਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਸ਼ਿਕੰਜਾ ਕੱਸ ਦਿੱਤਾ ਹੈ। ਖ਼ਜ਼ਾਨਾ ਅਤੇ ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਬਕਾਰੀ ਤੇ ਕਰ ਵਿਭਾਗ ਦੀ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ (ਐਸਆਈਪੀਯੂ) ਅਤੇ ਐਕਸਾਈਜ਼ ਇਨਫੋਰਸਮੈਂਟ ਯੂਨਿਟਾਂ ਨੂੰ ਆਧੁਨਿਕ ਤਕਨੀਕਾਂ ਅਤੇ ਲੋੜੀਂਦਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਹੈ ਤਾਂ ਜੋ ਟੈਕਸ ਚੋਰੀ ਕਰਨ ਵਾਲੇ ਅਤੇ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਨਾਲ ਜੁੜੇ ਲੋਕਾਂ ’ਤੇ ਸ਼ਿਕੰਜਾ ਕੱਸਿਆ ਜਾ ਸਕੇ। ਅੱਜ ਇੱਥੋਂ ਦੇ ਸੈਕਟਰ-69 ਸਥਿਤ ਆਬਕਾਰੀ ਤੇ ਕਰ ਭਵਨ ਵਿਖੇ ਵਿਭਾਗ ਦੀਆਂ 24 ਨਵੀਆਂ ਇਨੋਵਾ ਕਾਰਾਂ ਨੂੰ ਹਰੀ ਝੰਡੀ ਦਿਖਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਵਾਹਨ ਟੈਕਸ ਚੋਰੀ ਕਰਨ ਵਾਲਿਆਂ ਅਤੇ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਵਿੱਚ ਸ਼ਾਮਲ ਵਿਅਕਤੀਆਂ ਨੂੰ ਫੜਨ ਲਈ ਕੀਤੀਆਂ ਜਾਣ ਵਾਲੀਆਂ ਕਾਰਵਾਈਆਂ ਦੌਰਾਨ ਐਸਆਈਪੀਯੂ ਅਤੇ ਐਕਸਾਈਜ਼ ਇਨਫੋਰਸਮੈਂਟ ਯੂਨਿਟਾਂ ਦੇ ਫੀਲਡ ਅਫ਼ਸਰਾਂ ਲਈ ਵੱਡੀ ਸਹੂਲਤ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਟੀਮਾਂ ਵੱਲੋਂ ਬਿਹਤਰ ਕਾਰਗੁਜ਼ਾਰੀ ਦਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਇਨ੍ਹਾਂ ਦੀ ਕਾਰਜਕੁਸ਼ਲਤਾ ਨੂੰ ਹੋਰ ਵਧਾਉਣ ਲਈ ਹਰ ਲੋੜੀਂਦੀ ਤਕਨੀਕ ਅਤੇ ਸਾਜ਼ੋ-ਸਾਮਾਨ ਮੁਹੱਈਆ ਕਰਵਾਇਆ ਜਾਵੇਗਾ। ਇਸ ਮੌਕੇ ਵਿੱਤ ਮੰਤਰੀ ਨੇ ਡਰਾਈਵਰਾਂ ਨੂੰ ਕਾਰਾਂ ਦੀਆਂ ਚਾਬੀਆਂ ਸੌਂਪੀਆਂ ਅਤੇ ਕੇਕ ਵੀ ਕੱਟਿਆ। ਉੱਚ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀ ਕਾਰਗੁਜ਼ਾਰੀ ਨੂੰ ਹੋਰ ਨਿਖਾਰਨ ਲਈ ਪ੍ਰੇਰਿਤ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਸਪੱਸ਼ਟ ਇਰਾਦਿਆਂ ਅਤੇ ਆਬਕਾਰੀ ਤੇ ਕਰ ਵਿਭਾਗ ਦੀ ਟੀਮ ਦੀ ਸਮਰਪਿਤ ਭਾਵਨਾ ਸਦਕਾ ਪਿਛਲੇ ਡੇਢ ਸਾਲ ਦੌਰਾਨ ਸ਼ਾਨਦਾਰ ਨਤੀਜੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਉਹ ਵਿਭਾਗ ਦੇ ਹਰੇਕ ਅਧਿਕਾਰੀ ਅਤੇ ਕਰਮਚਾਰੀ ਦੀ ਕਾਰਗੁਜ਼ਾਰੀ ’ਤੇ ਲਗਾਤਾਰ ਨਜ਼ਰ ਰੱਖ ਰਹੇ ਹਨ ਤਾਂ ਜੋ ਉਨ੍ਹਾਂ ਦੇ ਰਵੱਈਏ ਵਿੱਚ ਤਬਦੀਲੀ ਜਾਂ ਕਿਸੇ ਸਹੂਲਤ ਦੀ ਘਾਟ ਕਾਰਨ ਸਫਲਤਾ ਦੇ ਇਸ ਗਰਾਫ਼ ਨੂੰ ਡਿੱਗਣ ਨਾ ਦਿੱਤਾ ਜਾਵੇ। (ਬਾਕਸ ਆਈਟਮ) ਸੂਬੇ ਦੇ ਆਪਣੇ ਮਾਲ ਸਰੋਤਾਂ ਨੂੰ ਮਜ਼ਬੂਤ ਕਰਨ ਸਬੰਧੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਦੀ ਪੁਰਾਣੀ ਸ਼ਾਨ ਨੂੰ ਮੁੜ ਬਹਾਲ ਕਰਨ ਅਤੇ ਇਸ ਨੂੰ ਰੰਗਲਾ ਪੰਜਾਬ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਇਸ ਮਿਸ਼ਨ ਵਿੱਚ ਆਮ ਲੋਕਾਂ ਨੂੰ ਸ਼ਾਮਲ ਕਰਨ ਲਈ ਕਰ ਵਿਭਾਗ ਵੱਲੋਂ ‘ਮੇਰਾ ਬਿੱਲ’ ਅਤੇ ਆਬਕਾਰੀ ਵਿਭਾਗ ਵੱਲੋਂ ‘ਐਕਸਾਈਜ਼ ਲੇਬਲ ਸਿਟੀਜ਼ਨ’ ਵਰਗੀਆਂ ਮੋਬਾਈਲ ਐਪਾਂ ਲਾਂਚ ਕੀਤੀਆਂ ਗਈਆਂ ਹਨ। ਇਸ ਮੌਕੇ ਵਿੱਤ ਕਮਿਸ਼ਨਰ ਕਰ ਵਿਕਾਸ ਪ੍ਰਤਾਪ, ਕਰ ਕਮਿਸ਼ਨਰ ਅਰਸ਼ਦੀਪ ਸਿੰਘ ਥਿੰਦ ਅਤੇ ਆਬਕਾਰੀ ਕਮਿਸ਼ਨਰ ਵਰੁਣ ਰੂਜ਼ਮ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ