ਆਬਕਾਰੀ ਵਿਭਾਗ ਨੇ ਗੁੰਡਾਗਰਦੀ ਕਰਨ ਵਾਲੇ ਪ੍ਰਚੂਨ ਲਾਇਸੈਂਸ ਧਾਰਕਾਂ ’ਤੇ ਸ਼ਿਕੰਜਾ ਕੱਸਿਆ

ਵਿਭਾਗੀ ਅਫ਼ਸਰਾਂ ਨੂੰ ਅਜਿਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਪ੍ਰਤੀ ਜ਼ੀਰੋ ਟਾਲਰੈਂਸ ਦੀ ਪਾਲਣਾ ਕਰਨ ਦੇ ਨਿਰਦੇਸ਼

ਹੁਣ ਤੱਕ ਦੀ ਕਾਰਵਾਈ ਦਾ ਜਾਇਜ਼ਾ ਲੈਣ ਲਈ ਆਬਕਾਰੀ ਕਮਿਸ਼ਨਰ ਨੇ ਕੀਤੀ ਵੀਡੀਓ ਕਾਨਫ਼ਰੰਸ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਜੂਨ:
ਪੰਜਾਬ ਦੇ ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਅਮਲ ਕਰਦਿਆਂ ਆਬਕਾਰੀ ਕਮਿਸ਼ਨਰ ਵਰੁਣ ਰੂਜ਼ਮ ਨੇ ਗੁੰਡਾਗਰਦੀ ’ਤੇ ਉੱਤਰਨ ਵਾਲੇ ਪ੍ਰਚੂਨ ਲਾਇਸੈਂਸ ਧਾਰਕਾਂ ਖ਼ਿਲਾਫ਼ ਸ਼ਿਕੰਜਾ ਕੱਸ ਦਿੱਤਾ ਦਿੱਤਾ। ਉਨ੍ਹਾਂ ਨੇ ਅੱਜ ਆਬਕਾਰੀ ਵਿਭਾਗ ਦੇ ਸਾਰੇ ਸੀਨੀਅਰ ਅਧਿਕਾਰੀਆਂ ਨਾਲ ਵਾਹਨਾਂ ਅਤੇ ਮੈਰਿਜ ਪੈਲੇਸਾਂ ਦੀ ਚੈਕਿੰਗ ਕਰਨ ਦੀ ਆੜ ਵਿੱਚ ਗੁੰਡਾਗਰਦੀ ਕਰਨ ਵਾਲੇ ਆਬਕਾਰੀ ਪ੍ਰਚੂਨ ਲਾਇਸੈਂਸ ਧਾਰਕਾਂ ਦੁਆਲੇ ਸ਼ਿਕੰਜਾ ਕੱਸਣ ਲਈ ਅਹਿਮ ਮੀਟਿੰਗ ਕੀਤੀ। ਇਸ ਵੀਡੀਓ ਕਾਨਫ਼ਰੰਸ ਦੌਰਾਨ ਕਮਿਸ਼ਨਰ ਨੇ ਕੁਝ ਆਬਕਾਰੀ ਸ਼ਰਾਬ ਠੇਕੇਦਾਰਾਂ ਵੱਲੋਂ ਚੈਕਿੰਗ ਦੇ ਇਸ ਗੈਰ-ਕਾਨੂੰਨੀ ਅਭਿਆਸ ਨੂੰ ਖ਼ਤਮ ਕਰਨ ਲਈ ਵਿਭਾਗੀ ਕਾਰਵਾਈ ਦਾ ਜਾਇਜ਼ਾ ਲਿਆ।
ਵਿੱਤ ਕਮਿਸ਼ਨਰ ਟੈਕਸੇਸ਼ਨ ਵਿਕਾਸ ਪ੍ਰਤਾਪ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਆਬਕਾਰੀ ਵਿਭਾਗ ਨੂੰ ਇਨ੍ਹਾਂ ਅਨਸਰਾਂ ’ਤੇ ਇਸ ਤਰੀਕੇ ਨਕੇਲ ਕੱਸਣ ਲਈ ਕਿਹਾ ਗਿਆ ਹੈ ਤਾਂ ਜੋ ਅਜਿਹੇ ਸ਼ਰਾਰਤੀ ਅਨਸਰਾਂ ਦੇ ਹੱਥੋਂ ਆਮ ਲੋਕਾਂ ਨੂੰ ਤੰਗ ਪ੍ਰੇਸ਼ਾਨ ਨਾ ਹੋਣਾ ਪਵੇ। ਆਬਕਾਰੀ ਕਮਿਸ਼ਨਰ ਨੇ ਕੁਝ ਆਬਕਾਰੀ ਪ੍ਰਚੂਨ ਲਾਇਸੈਂਸ ਧਾਰਕਾਂ ਵੱਲੋਂ ਚੈਕਿੰਗ ਦੀ ਇਸ ਗੈਰ-ਕਾਨੂੰਨੀ ਪ੍ਰਥਾ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਦਾ ਭਰੋਸਾ ਦਿੱਤਾ।
ਮੀਟਿੰਗ ਦੌਰਾਨ ਆਬਕਾਰੀ ਕਮਿਸ਼ਨਰ ਵਰੁਣ ਰੂਜ਼ਮ ਨੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਕਿ ਜਿਹੜੇ ਲਾਇਸੈਂਸ ਧਾਰਕਾਂ ਦੇ ਅਜਿਹੇ ਗੈਰ-ਕਾਨੂੰਨੀ, ਭੱਦੇ ਅਤੇ ਹਮਲਾਵਰ ਵਤੀਰੇ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਆਦੇਸ਼ ਦਿੱਤੇ ਕਿ ਕਿਸੇ ਵੀ ਹਾਲਤ ਵਿੱਚ ਆਬਕਾਰੀ ਲਾਇਸੈਂਸ ਧਾਰਕਾਂ ਨੂੰ ਆਬਕਾਰੀ ਅਮਲੇ ਦੀ ਗੈਰ-ਹਾਜ਼ਰੀ ਵਿੱਚ ਚੈਕਿੰਗ ਕਰਕੇ ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਬੰਧਤ ਆਬਕਾਰੀ ਅਧਿਕਾਰੀਆਂ ਜਾਂ ਆਬਕਾਰੀ ਇੰਸਪੈਕਟਰਾਂ ਦਾ ਇਹ ਨੈਤਿਕ ਫਰਜ਼ ਬਣਦਾ ਹੈ ਕਿ ਜਿੱਥੇ ਵੀ ਲੋੜ ਹੋਵੇ ਵਾਹਨਾਂ ਅਤੇ ਮੈਰਿਜ ਪੈਲੇਸਾਂ ਦੀ ਚੈਕਿੰਗ ਕੀਤੀ ਜਾਵੇ ਪਰ ਇਸ ਮੰਤਵ ਲਈ ਜ਼ਿਲ੍ਹਾ ਪੱਧਰੀ ਰੋਸਟਰ ਦੀ ਪਾਲਣਾ ਯਕੀਨੀ ਬਣਾਈ ਜਾਵੇ।
ਸ੍ਰੀ ਰੂਜ਼ਮ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਆਬਕਾਰੀ ਲਾਇਸੈਂਸ ਧਾਰਕਾਂ ਵੱਲੋਂ ਕਿਸੇ ਵੀ ਨਿੱਜੀ ਵਾਹਨ ’ਤੇ ਆਬਕਾਰੀ ਸਬੰਧੀ ਕੋਈ ਸਟਿੱਕਰ ਜਾਂ ਬੈਨਰ ਨਹੀਂ ਲਗਾਇਆ ਜਾਵੇਗਾ ਅਤੇ ਜੇਕਰ ਕੋਈ ਅਜਿਹਾ ਵਾਹਨ ਸੜਕ ’ਤੇ ਪਾਇਆ ਜਾਂਦਾ ਹੈ ਤਾਂ ਉਸ ਨੂੰ ਤੁਰੰਤ ਜ਼ਬਤ ਕਰ ਲਿਆ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਜਾਣੂ ਕਰਵਾਇਆ ਕਿ ਪੰਜਾਬ ਸਰਕਾਰ ਲੋਕਾਂ ਨੂੰ ਸੁਰੱਖਿਅਤ, ਸਿਹਤਮੰਦ ਅਤੇ ਸਦਭਾਵਨਾ ਵਾਲਾ ਸਮਾਜਿਕ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ ਹੈ। ਇਸ ਲਈ ਕਿਸੇ ਵੀ ਆਬਕਾਰੀ ਲਾਇਸੈਂਸ ਧਾਰਕ ਦੀਆਂ ਅਜਿਹੀਆਂ ਸਮਾਜਿਕ ਤੌਰ ’ਤੇ ਅਸਵੀਕਾਰਨਯੋਗ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਲਈ ਕੋਈ ਥਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …