nabaz-e-punjab.com

ਮੌਂਕੀਪਾਕਸ ਦੇ ਪਾਜ਼ੇਟਿਵ ਕੇਸ ਆਉਣ ਦੀ ਝੂਠੀ ਅਫ਼ਵਾਹ ਨੇ ਸਿਹਤ ਵਿਭਾਗ ਨੂੰ ਭਾਜੜਾਂ ਪਾਈਆਂ

ਮੁਹਾਲੀ ਵਿੱਚ ਮੌਂਕੀਪਾਕਸ ਦਾ ਕੋਈ ਮਾਮਲਾ ਨਹੀਂ ਆਇਆ ਸਾਹਮਣੇ: ਸਿਵਲ ਸਰਜਨ

ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਝੂਠੀਆਂ ਤੇ ਬੇਬੁਨਿਆਦ ਖ਼ਬਰਾਂ ਤੋਂ ਸੁਚੇਤ ਰਹਿਣ ਲਈ ਜਾਰੀ ਕੀਤੀ ਐਡਵਾਈਜ਼ਰੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਜੁਲਾਈ:
ਮੁਹਾਲੀ ਵਿੱਚ ਮੌਂਕੀਪਾਕਸ ਦੇ ਪਾਜ਼ੇਟਿਵ ਦੀ ਅਫ਼ਵਾਹ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਨੂੰ ਭਾਜੜਾਂ ਪਾ ਦਿੱਤੀਆਂ। ਇਹ ਮੀਡੀਆ ਦੀ ਸੁਰਖ਼ੀਆ ਬਣਨ ਤੋਂ ਬਾਅਦ ਮੁਹਾਲੀ ਜ਼ਿਲ੍ਹੇ ਦੀ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਅਤੇ ਮਹਾਮਾਰੀ ਵਿਗਿਆਨੀ ਡਾ. ਹਰਮਨਦੀਪ ਕੌਰ ਨੇ ਸਪੱਸ਼ਟ ਕੀਤਾ ਕਿ ਮੁਹਾਲੀ ਵਿੱਚ ਮੌਂਕੀਪਾਕਸ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਹੈ। ਜ਼ਿਕਰਯੋਗ ਹੈ ਕਿ ਮੀਡੀਆ ਵੱਲੋਂ ਸ਼ਹਿਰ ਦੇ ਇੱਕ ਸਕੂਲ ਦੇ ਵਿਦਿਆਰਥੀਆਂ ਵਿੱਚ ਮੌਂਕੀਪਾਕਸ ਦੇ ਕੁਝ ਪਾਜ਼ੇਟਿਵ ਮਾਮਲੇ ਸਾਹਮਣੇ ਆਉਣ ਦੀ ਗੱਲ ਪ੍ਰਚਾਰੀ ਗਈ ਸੀ।
ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕਿ ਸਬੰਧਤ ਖ਼ਬਰ ਪੂਰੀ ਤਰ੍ਹਾਂ ਬੇਬੁਨਿਆਦ ਅਤੇ ਤੱਥਾਂ ਤੋਂ ਸੱਖਣੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸਬੰਧਤ ਸਕੂਲ ਦੇ ਤਿੰਨ ਵਿਦਿਆਰਥੀਆਂ ਵਿੱਚ ਹੱਥ-ਪੈਰ ਅਤੇ ਮੂੰਹ ਦੀ ਬਿਮਾਰੀ ਨਾਲ ਸਬੰਧਤ ਕੁਝ ਲੱਛਣ ਸਨ, ਜਿਨ੍ਹਾਂ ਦੇ ਸੈਂਪਲ ਲੈ ਕੇ ਜਾਂਚ ਲਈ ਲੈਬਾਰਟਰੀ ਵਿੱਚ ਭੇਜੇ ਗਏ ਸਨ। ਰਿਪੋਰਟ ਅਨੁਸਾਰ ਇੱਕ ਵਿਦਿਆਰਥੀ ਨੂੰ ਹੱਥ, ਪੈਰ ਅਤੇ ਮੂੰਹ ਦੀ ਬਿਮਾਰੀ ਹੈ ਜਦੋਂਕਿ ਬਾਕੀ ਦੋ ਸੈਂਪਲਾਂ ਦੀ ਰਿਪੋਰਟ ਆਉਣੀ ਹਾਲੇ ਬਾਕੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਦੇਸ਼ ਵਿੱਚ ਮੌਂਕੀਪਾਕਸ ਦੇ ਦੋ ਕੇਸ ਆਏ ਹਨ ਪ੍ਰੰਤੂ ਮੁਹਾਲੀ ਸਮੇਤ ਸੂਬੇ ਵਿੱਚ ਅਜਿਹਾ ਇੱਕ ਵੀ ਕੇਸ ਸਾਹਮਣੇ ਨਹੀਂ ਆਇਆ ਹੈ।
ਅਧਿਕਾਰੀਆਂ ਨੇ ਕਿਹਾ ਕਿ ਹੱਥ ਪੈਰ ਅਤੇ ਮੂੰਹ ਦੀ ਬਿਮਾਰੀ ਆਮ ਤੌਰ ’ਤੇ 10 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਪ੍ਰਭਾਵਿਤ ਕਰਦੀ ਹੈ। ਜੇਕਰ ਇਸ ਬਿਮਾਰੀ ਦੇ ਮੁੱਖ ਲੱਛਣਾਂ ਦੀ ਗੱਲ ਕਰੀਏ ਤਾਂ ਇਸ ਬਿਮਾਰੀ ਦੌਰਾਨ ਮੂੰਹ ਵਿੱਚ ਛਾਲੇ ਅਤੇ ਹੱਥਾਂ ਅਤੇ ਪੈਰਾਂ ’ਤੇ ਲਾਲ ਧੱਫੜ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਸ ਬੀਮਾਰੀ ਤੋਂ ਜ਼ਿਲ੍ਹਾ ਵਾਸੀਆਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਇਹ ਇੱਕ ਆਪਣੇ ਆਪ ਠੀਕ ਹੋਣ ਵਾਲੀ (ਸੈੱਲਫ਼ ਲਿਮਟਿੰਗ ਵਾਇਰਲ) ਬੀਮਾਰੀ ਹੈ, ਜਿਸ ਦਾ ਕਿਸੇ ਵੀ ਤਰ੍ਹਾਂ ਨਾਲ ਮੌਂਕੀਪਾਕਸ ਨਾਲ ਕੋਈ ਸਬੰਧ ਨਹਂੀਂ ਹੈ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ ਪੁਲੀਸ ਨੇ ਨਕਲੀ ਦਵਾਈਆਂ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼, 3 ਮੁਲਜ਼ਮ ਕਾਬੂ

ਮੁਹਾਲੀ ਪੁਲੀਸ ਨੇ ਨਕਲੀ ਦਵਾਈਆਂ ਬਣਾਉਣ ਵਾਲੀ ਫੈਕਟਰੀ ਦਾ ਪਰਦਾਫਾਸ਼, 3 ਮੁਲਜ਼ਮ ਕਾਬੂ ਮੁਲਜ਼ਮਾਂ ਕੋਲੋਂ ਵੱਡੀ …