
ਕਿਸਾਨ ਜਥੇਬੰਦੀਆਂ ਨੇ ਏਡੀਸੀ ਰਾਹੀਂ ਦੇਸ਼ ਦੇ ਰਾਸ਼ਟਰਪਤੀ ਨੂੰ ਭੇਜਿਆ ਮੰਗ ਪੱਤਰ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਜੂਨ:
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਜ਼ਿਲ੍ਹਾ ਮੁਹਾਲੀ ਵੱਲੋਂ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਦੇਹਕਲਾਂ ਦੀ ਅਗਵਾਈ ਹੇਠ ਮੁਹਾਲੀ ਦੇ ਵਧੀਕ ਡਿਪਟੀ ਕਮਿਸ਼ਨਰ ਰਾਹੀਂ ਰਾਸਟਰਪਤੀ ਨੂੰ ਮੰਗ ਪੱਤਰ ਭੇਜਿਆ ਗਿਆ। ਯੂਨੀਅਨ ਦੇ ਜ਼ਿਲ੍ਹਾ ਜਰਨਲ ਸਕੱਤਰ ਜਸਪਾਲ ਸਿੰਘ ਨਿਆਮੀਆਂ ਨੇ ਦੱਸਿਆ ਕਿ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਮੰਗ ਕੀਤੀ ਗਈ ਹੈ ਕਿ ਮਹਿਲਾ ਪਹਿਲਵਾਨਾਂ ਦਾ ਜਿਨਸੀ ਸੋਸ਼ਣ ਕਰਨ ਵਾਲੇ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ।
ਉਨ੍ਹਾਂ ਦੱਸਿਆ ਕਿ ਅੰਤਰਰਾਸ਼ਟਰੀ ਖੇਡ ਮੁਕਾਬਲਿਆਂ ਵਿੱਚ ਤਗਮੇ ਜਿੱਤ ਕੇ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲੀਆਂ ਕਈ ਮਹਿਲਾ ਪਹਿਲਵਾਨਾਂ (ਇੱਕ ਨਾਬਾਲਗ ਸਮੇਤ) ਵੱਲੋਂ ਬ੍ਰਿਜ ਭੂਸ਼ਣ ਸ਼ਰਨ ਸਿੰਘ ਤੇ ਜਿਨਸੀ ਸ਼ੋਸ਼ਣ ਦੇ ਗੰਭੀਰ ਦੋਸ਼ ਲਗਾਏ ਹਨ ਅਤੇ ਇਹ ਮਹਿਲਾ ਪਹਿਲਵਾਨ ਬੀਤੀ 23 ਅਪਰੈਲ ਤੋਂ ਦਿੱਲੀ ਸਥਿਤ ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਬਿਜ ਭੂਸ਼ਣ ਸ਼ਰਣ ਸਿੰਘ ਦੇ ਖ਼ਿਲਾਫ਼ ਕੋਈ ਕਾਰਵਾਈ ਨਾ ਕਰਨ ਤੇ ਖਿਡਾਰੀਆਂ ਨੂੰ ਭਾਰਤ ਦੀ ਸੁਪਰੀਮ ਕੋਰਟ ਤੱਕ ਵੀ ਪਹੁੰਚ ਕਰਨੀ ਪਈ ਅਤੇ ਮਾਣਯੋਗ ਅਦਾਲਤ ਵੱਲੋਂ ਮਾਮਲੇ ਦੀ ਸੁਣਵਾਈ ਸ਼ੁਰੂ ਕਰਨ ਤੋਂ ਬਾਅਦ ਹੀ ਦਿੱਲੀ ਪੁਲੀਸ ਨੇ ਦੋਸ਼ੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਖ਼ਿਲਾਫ਼ 2 ਐਫ਼ਆਈਆਰਾਂ ਦਰਜ ਕੀਤੀਆਂ। ਉਨ੍ਹਾਂ ਕਿਹਾ ਕਿ ਦਿੱਲੀ ਪੁਲੀਸ ਵੱਲੋਂ ਭਾਵੇਂ ਬ੍ਰਿਜਭੂਸ਼ਣ ਸ਼ਰਣ ਸਿੰਘ ਦੇ ਖ਼ਿਲਾਫ਼ ਮਾਮਲੇ ਤਾਂ ਦਰਜ ਕਰ ਲਏ ਗਏ ਪਰੰਤੂ ਜਾਂਚ ਅਤੇ ਮੁਕੱਦਮੇ ਨੂੰ ਅੱਗੇ ਨਹੀਂ ਵਧਾਇਆ ਗਿਆ ਹੈ।
ਉਹਨਾਂ ਕਿਹਾ ਕਿ ਮਹਿਲਾ ਪਹਿਲਵਾਨਾਂ ਵੱਲੋਂ ਆਪਣਾ ਵਿਰੋਧ ਜਾਰੀ ਰੱਖਦਿਆਂ ਬੀਤੀ 28 ਮਈ ਨੂੰ ਦਿੱਲੀ ਵਿਖੇ ਸ਼ਾਂਤੀਪੂਰਵਕ ਮਾਰਚ ਕੀਤਾ ਤਾਂ ਦਿੱਲੀ ਪੁਲੀਸ ਨੇ ਉਨ੍ਹਾਂ ਦੇ ਰੋਸ ਮਾਰਚ ਨੂੰ ਬੇਰਹਿਮੀ ਨਾਲ ਕੁਚਲ ਦਿੱਤਾ। ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਅਤੇ ਉਨ੍ਹਾਂ ਵਿਰੁੱਧ ਮਾਮਲੇ ਦਰਜ ਕੀਤੇ ਗਏ। ਦਿੱਲੀ ਪੁਲੀਸ ਵੱਲੋਂ ਧਰਨਾ ਦੇ ਰਹੇ ਪਹਿਲਾਵਾਨਾਂ ਨੂੰ ਜੰਤਰ ਮੰਤਰ ਤੋਂ ਜ਼ਬਰਦਸਤੀ ਹਟਾ ਦਿੱਤਾ ਜੋ ਕਿ ਪੂਰੀ ਤਰ੍ਹਾਂ ਗੈਰ ਜਮਹੂਰੀ ਹੈ।
ਕਿਸਾਨ ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਵਿੱਚ ਸ਼ਾਮਲ ਕਿਸਾਨ ਜਥੇਬੰਦੀਆਂ ਇਸ ਘਟਨਾਕ੍ਰਮ ਤੋੱ ਬੇਹੱਦ ਪ੍ਰੇਸ਼ਾਨ ਹਨ। ਦੇਸ਼ ਦੀਆਂ ਧੀਆਂ ਜਿਨ੍ਹਾਂ ਨੇ ਸਖਤ ਮਿਹਨਤ ਕਰਕੇ ਅੰਤਰਰਾਸ਼ਟਰੀ ਪ੍ਰਸਿੱਧੀ ਹਾਸਲ ਕੀਤੀ ਅਤੇ ਭਾਰਤ ਦਾ ਨਾਮ ਰੌਸ਼ਨ ਕੀਤਾ ਹੈ, ਉਨ੍ਹਾਂ ਨਾਲ ਕੇੱਦਰ ਸਰਕਾਰ ਵਲੋੱ ਰਾਜਨੀਤਿਕ ਤੌਰ ਤੇ ਸ਼ਕਤੀਸ਼ਾਲੀ ਲੋਕਾਂ ਦੇ ਇਸ਼ਾਰੇ ਤੇ ਬਹੁਤ ਬੇਰਹਿਮੀ ਵਾਲਾ ਸਲੂਕ ਕੀਤਾ ਜਾ ਰਿਹਾ ਹੈ।
ਪੱਤਰ ਵਿੱਚ ਰਾਸਟਰਪਤੀ ਤੋੱ ਮੰਗ ਕੀਤੀ ਗਈਹੈ ਕਿ ਉਹ ਸਰਕਾਰ ਦੇ ਮੁਖੀ ਹੋਣ ਦੇ ਨਾਤੇ ਕੇਂਦਰ ਸਰਕਾਰ ਤੁਰੰਤ ਨਿਰਦੇਸ ਦੇਣ ਕਿ ਮਹਿਲਾ ਪਹਿਲਵਾਨਾਂ ਨੂੰ ਦਿੱਲੀ ਦੇ ਜੰਤਰ-ਮੰਤਰ ਤੇ ਧਰਨਾ ਜਾਰੀ ਰੱਖਣ ਦੀ ਇਜਾਜ਼ਤ ਦੇਵੇ ਅਤੇ ਦੁਰ-ਵਿਵਹਾਰ ਕਰਨ ਵਾਲੇ ਜ਼ਿੰਮੇਵਾਰ ਪੁਲੀਸ ਅਧਿਕਾਰੀਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇ। ਇਹ ਵੀ ਮੰਗ ਕੀਤੀ ਗਈ ਹੈ ਕਿ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਚਾਰਜਸ਼ੀਟ ਦਾਇਰ ਕਰਨ ਅਤੇ ਮੁਕੱਦਮਾ ਚਲਾਉਣ ਲਈ ਉਸ ਦੀ ਹਿਰਾਸਤ ਵਿੱਚ ਪੁੱਛ ਗਿੱਛ ਕੀਤੀ ਜਾਵੇ।
ਇਸ ਮੌਕੇ ਕਿਸਾਨ ਆਗੂ ਰਣਬੀਰ ਸਿੰਘ ਗਰੇਵਾਲ, ਕੁਲਵੰਤ ਸਿੰਘ ਤ੍ਰਿਪੜੀ, ਕਲਵੰਤ ਸਿੰਘ ਰੁੜਕੀ, ਜਸਪਾਲ ਸਿੰਘ ਲਾਂਡਰਾਂ, ਗੁਰਨਾਮ ਸਿੰਘ ਦਾਊਂ, ਜਸਵੰਤ ਸਿੰਘ ਪੂਨੀਆ, ਗੁਰਮੁੱਖ ਸਿੰਘ ਸਾਬਕਾ ਸਰਪੰਚ ਨਿਊਂ ਲਾਂਡਰਾਂ, ਜਗਤਾਰ ਸਿੰਘ ਝਰਮੜੀ, ਗੁਰਤੇਜ ਸਿੰਘ ਮਦਨਹੇੜੀ, ਹਰਜਿੰਦਰ ਸਿੰਘ ਖੁਨੀਮਾਜਰਾ, ਰਣਜੀਤ ਸਿੰਘ ਬਜਹੇੜੀ, ਦਰਸ਼ਨ ਸਿੰਘ ਦੁਰਾਲੀ, ਬਲਜੀਤ ਸਿੰਘ ਭਾਉ, ਜਸਵਿੰਦਰ ਸਿੰਘ ਢੇਲਪੁਰ, ਸੁਰਿੰਦਰ ਸਿੰਘ ਬਰਿਆਲੀ, ਮਾਨ ਸਿੰਘ ਝਿੰਗੜਾ, ਜਸਬੀਰ ਸਿੰਘ ਨੰਗਲ ਫੈਜਗੜ ਆਦਿ ਕਿਸਾਨ ਆਗੂ ਹਾਜ਼ਰ ਸਨ।